Breaking News
Home / ਪੰਜਾਬ / ਸ੍ਰੀ ਨਨਕਾਣਾ ਸਾਹਿਬ ‘ਚ ਅਲੌਕਿਕ ਨਗਰ ਕੀਰਤਨ

ਸ੍ਰੀ ਨਨਕਾਣਾ ਸਾਹਿਬ ‘ਚ ਅਲੌਕਿਕ ਨਗਰ ਕੀਰਤਨ

ਅੰਮ੍ਰਿਤਸਰ/ਬਿਊਰੋ ਨਿਊਜ਼
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਅਖੰਡ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਆਰੰਭ ਕੀਤੇ ਜਾਣ ਤੋਂ ਪਹਿਲਾਂ ਲਾਹੌਰ ਤੋਂ ਗੁਰੂ ਘਰ ਦੇ ਸ਼ਰਧਾਲੂ ਸਈਅਦ ਜ਼ਮੀਲ ਅੱਬਾਸ ਵੱਲੋਂ ਗੁਰਦੁਆਰਾ ਸ੍ਰੀ ਜਨਮ ਅਸਥਾਨ ਤੋਂ ਗੁਰਦੁਆਰਾ ਕਿਆਰਾ ਸਾਹਿਬ ਦੇ ਲਗਭਗ ਡੇਢ ਕਿਲੋਮੀਟਰ ਦੇ ਨਗਰ ਕੀਰਤਨ ਦੇ ਰਸਤੇ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਸਵਾਰੀ ਲਈ ਰੈੱਡ ਕਾਰਪਿਟ ਵਿਛਾਏ ਗਏ। ਇਸ ਦੇ ਇਲਾਵਾ ਸਮੁੱਚੇ ਨਗਰ ਕੀਰਤਨ ਦੇ ਰਸਤੇ ਸੰਗਤ ਵਾਸਤੇ ਕੋਲਡ ਡਰਿੰਕ ਅਤੇ ਮਿਨਰਲ ਵਾਟਰ ਦਾ ਵੀ ਪ੍ਰਬੰਧ ਕੀਤਾ ਗਿਆ। ਨਗਰ ਕੀਰਤਨ ਵਿਚ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਲਈ ਇੰਗਲੈਂਡ ਦੀ ਸੰਗਤ ਵਲੋਂ ਭੇਟ ਕੀਤੀ ਗਈ ਪਾਲਕੀ ਬੱਸ ਨੂੰ ਰੰਗ ਬਿਰੰਗੇ ਖ਼ੂਬਸੂਰਤ ਫ਼ੁੱਲਾਂ ਅਤੇ ਹਾਰਾਂ ਨਾਲ ਸਜਾਇਆ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਹ ਮਹਾਨ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਪੰਜਵੀਂ-ਛੇਵੀਂ ਪਾਤਸ਼ਾਹੀ ਅਤੇ ਗੁਰਦੁਆਰਾ ਮਾਲ ਜੀ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਕਿਆਰਾ ਸਾਹਿਬ ਵਿਖੇ ਪੁੱਜਾ। ਨਗਰ ਕੀਰਤਨ ਦੇ ਗੁਰਦੁਆਰਾ ਕਿਆਰਾ ਸਾਹਿਬ ਪੁੱਜਣ ਉਪਰੰਤ ਅਰਦਾਸ ਕੀਤੀ ਗਈ ਅਤੇ ਉੱਥੇ ਥੋੜ੍ਹੀ ਦੇਰ ਰੁਕਣ ਤੋਂ ਬਾਅਦ ਇਸੇ ਰਸਤੇ ਨਗਰ ਕੀਰਤਨ ਵਾਪਸ ਗੁਰਦੁਆਰਾ ਸ੍ਰੀ ਜਨਮ ਸਥਾਨ ਵਿਖੇ ਪਹੁੰਚ ਕੇ ਸਮਾਪਤ ਹੋਇਆ। ਸੁੰਦਰ ਪਾਲਕੀ ਸਾਹਿਬ ਦੇ ਸਭ ਤੋਂ ਅੱਗੇ ਪੰਜ ਪਿਆਰਿਆਂ ਵਲੋਂ ਨਗਰ ਕੀਰਤਨ ਦੀ ਅਗਵਾਈ ਕੀਤੀ ਗਈ। ਨਗਰ ਕੀਰਤਨ ਵਿਚ ਸਕੂਲੀ ਬੱਚਿਆਂ, ਵੱਖ-ਵੱਖ ਬੈਂਡ ਤੇ ਗਤਕਾ ਟੀਮਾਂ ਵੱਲੋਂ ਵੀ ਭਾਗ ਲਿਆ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਸੂਬਾ ਸਿੰਧ, ਖ਼ੈਬਰ ਪਖਤੂਨਖਵਾ, ਬਲੋਚਿਸਤਾਨ ਸਹਿਤ ਸੂਬਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਸਮੇਤ ਭਾਰਤ, ਇੰਗਲੈਂਡ, ਅਮਰੀਕਾ, ਕੈਨੇਡਾ, ਜਰਮਨੀ, ਆਸਟ੍ਰੇਲੀਆ, ਇਟਲੀ, ਅਫ਼ਗਾਨਿਸਤਾਨ ਆਦਿ ਹੋਰਨਾਂ ਮੁਲਕਾਂ ਤੋਂ 25 ਹਜ਼ਾਰ ਦੇ ਕਰੀਬ ਸੰਗਤ ਨੇ ਗੁਰਦੁਆਰਾ ਜਨਮ ਅਸਥਾਨ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

 

Check Also

ਬਜਟ ਸੈਸ਼ਨ ਦੌਰਾਨ ਮਜੀਠੀਆ ਅਤੇ ਸਿੱਧੂ ਵਿਚਕਾਰ ਤਿੱਖੀ ਬਹਿਸ

ਸਪੀਕਰ ਨੇ ਅਕਾਲੀ-ਭਾਜਪਾ ਵਿਧਾਇਕਾਂ ਨੂੰ ਬਾਹਰ ਕੱਢਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ …