Breaking News
Home / ਪੰਜਾਬ / ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਸਬੰਧੀ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਵਫਦ ਚੋਣ ਕਮਿਸ਼ਨ ਨੂੰ ਮਿਲਿਆ

ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਸਬੰਧੀ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਵਫਦ ਚੋਣ ਕਮਿਸ਼ਨ ਨੂੰ ਮਿਲਿਆ

ਕੁੰਵਰ ਦੇ ਤਬਾਦਲੇ ਦੀ ਸਮੀਖਿਆ ਕਰੇਗਾ ਚੋਣ ਕਮਿਸ਼ਨ : ਫੂਲਕਾ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਤੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਵਕੀਲ ਹਰਵਿੰਦਰ ਸਿੰਘ ਫੂਲਕਾ ਦੀ ਅਗਵਾਈ ਹੇਠ ਕਾਂਗਰਸ ਤੇ ‘ਆਪ’ ਆਗੂਆਂ ਵੱਲੋਂ ਭਾਰਤੀ ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਮੈਂਬਰ ਆਈਜੀ ਵਿਜੈ ਕੁੰਵਰ ਪ੍ਰਤਾਪ ਬਾਰੇ ਕਮਿਸ਼ਨ ਵੱਲੋਂ ਲਏ ਗਏ ਫ਼ੈਸਲੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਗਈ। ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰਨ ਵਾਲੇ ਵਫ਼ਦ ਨੇ ਦੱਸਿਆ ਕਿ ਕਮਿਸ਼ਨ ਨੇ ਇਸ ਫ਼ੈਸਲੇ ਬਾਰੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਇਸ ਵਫ਼ਦ ਵਿਚ ਫੂਲਕਾ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ‘ਆਪ’ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਸ਼ਾਮਲ ਸਨ। ਫੂਲਕਾ ਨੇ ਦੱਸਿਆ ਕਿ ਵਫ਼ਦ ਨੇ ਕਮਿਸ਼ਨ ਨੂੰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਬੇਅਦਬੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਇਸ ਮੈਂਬਰ ਨੂੰ ਬਦਲਣ ਬਾਬਤ ਜੋ ਸ਼ਿਕਾਇਤ ਕਮਿਸ਼ਨ ਕੋਲ ਕੀਤੀ ਸੀ, ਉਸ ਦਾ ਉਦੇਸ਼ ਬੇਅਦਬੀ ਕਾਂਡ ਦੀ ਜਾਂਚ ਨੂੰ ਲੀਹੋਂ ਲਾਹੁਣਾ ਸੀ। ਕਮਿਸ਼ਨ ਨੇ ਆਈਜੀ ਦੇ ਤਬਾਦਲੇ ਦੀ ਸਮੀਖਿਆ ਕਰਨ ਦਾ ਭਰੋਸਾ ਦਿੱਤਾ ਹੈ।
ਵਫ਼ਦ ਵੱਲੋਂ ਕਮਿਸ਼ਨ ਨੂੰ ਦਿੱਤੀ ਗਈ ਚਿੱਠੀ ਵਿਚ ਕਿਹਾ ਗਿਆ ਕਿ 2015 ਨੂੰ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੌਰਾਨ ਮਾਰੇ ਗਏ ਦੋ ਨੌਜਵਾਨਾਂ ਦੇ ਮਾਮਲੇ ਦੀ ਜਾਂਚ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਵੱਲੋਂ ਕੀਤੀ ਗਈ ਤੇ 2018 ਵਿਚ ਪੰਜਾਬ ਵਿਧਾਨ ਸਭਾ ਵਿਚ ਪੇਸ਼ ਇਸ ਰਿਪੋਰਟ ‘ਤੇ ਦਿਨ ਭਰ ਚਰਚਾ ਹੋਈ ਸੀ। ਇਸੇ ਦੌਰਾਨ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਤੇ ਆਈਜੀ ਨੂੰ ਅਹਿਮ ਮੈਂਬਰ ਬਣਾਇਆ ਗਿਆ ਸੀ। ਫੂਲਕਾ ਨੇ ਕਿਹਾ ਕਿ ਅਕਾਲੀਆਂ ਵੱਲੋਂ ਜਾਂਚ ਨੂੰ ਸੁਸਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਹ ਸਫ਼ਲ ਨਹੀਂ ਹੋਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਕਈ ਅਹਿਮ ਸਬੂਤਾਂ ਨਾਲ ਛੇੜਛਾੜ ਕੀਤੀ ਗਈ। ਵਿਸ਼ੇਸ਼ ਜਾਂਚ ਟੀਮ ਨੇ ਜੱਦੋ-ਜਹਿਦ ਮਗਰੋਂ ਸਬੂਤ ਇਕੱਤਰ ਕੀਤੇ ਪਰ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ‘ਤੇ ਅਧਿਕਾਰੀ ਦੇ ਤਬਾਦਲੇ ਨਾਲ ਜਿੱਥੇ ਜਾਂਚ ਵਿਚ ਦੇਰੀ ਹੋਵੇਗੀ, ਉੱਥੇ ਹੀ ਜਾਂਚ ਪ੍ਰਕਿਰਿਆ ਵੀ ਲੀਹੋਂ ਲੱਥੇਗੀ।
ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਨਾਲ ਕਾਂਗਰਸ ਦਾ ਗੇਮ ਪਲਾਨ ਹੋਇਆ ਖਤਮ : ਸੁਖਬੀਰ ਬਾਦਲ
ਰੂਪਨਗਰ : ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਸਬੰਧੀ ਚੋਣ ਕਮਿਸ਼ਨ ਨੂੰ ਮਿਲੇ ਕਾਂਗਰਸ ਅਤੇ ਆਪ ਦੇ ਸਾਂਝੇ ਵਫਦ ਬਾਰੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਐਸ.ਆਈ.ਟੀ. ਵਿਚ ਹੋਰ ਵੀ ਮੈਂਬਰ ਹਨ, ਅਕਾਲੀ ਦਲ ਨੇ ਕਿਸੇ ‘ਤੇ ਉਂਗਲ ਨਹੀਂ ਚੁੱਕੀ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਨਾਲ ਕਾਂਗਰਸ ਦਾ ਗੇਮ ਪਲਾਨ ਖਤਮ ਹੋ ਗਿਆ ਅਤੇ ਉਹ ਹੁਣ ਘਬਰਾ ਗਈ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਇਲਜ਼ਾਮ ਲਾਇਆ ਆਮ ਆਦਮੀ ਪਾਰਟੀ ਤੇ ਕਾਂਗਰਸ ਰਲ ਕੇ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਐਸ.ਆਈ.ਟੀ. ਵੱਲੋਂ ਕੀਤੀ ਜਾ ਰਹੀ ਜਾਂਚ ਰੋਕਣ ਲਈ ਸ਼ਿਕਾਇਤ ਨਹੀਂ ਦਿੱਤੀ ਸੀ, ਬਲਕਿ ਕੁੰਵਰ ਵਿਜੇ ਪ੍ਰਤਾਪ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕੀਤੇ ਜਾਣ ਸਬੰਧੀ ਸ਼ਿਕਾਇਤ ਕੀਤੀ ਗਈ ਸੀ।

Check Also

ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀਆਂ ਦੀ ਹੋਈ ਤਰੱਕੀ

ਪ੍ਰਬੋਧ ਕੁਮਾਰ, ਰੋਹਿਤ ਚੌਧਰੀ ਅਤੇ ਸਹੋਤਾ ਬਣੇ ਡੀ.ਜੀ.ਪੀ. ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੱਲੋਂ ਅੱਜ ਹੁਕਮ ਜਾਰੀ ਕਰਕੇ ਸਾਲ 1988 ਬੈਚ ਦੇ ਤਿੰਨ ਆਈ.ਪੀ.ਐੱਸ ਅਹੁਦੇ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ.ਬਣਾਇਆ ਗਿਆ ਹੈ। ਡੀਜੀਪੀ ਬਣਾਉਣ ਵਾਲਿਆਂ ਵਿਚ ਪ੍ਰਬੋਧ ਕੁਮਾਰ, ਰੋਹਿਤ ਚੌਧਰੀ ਅਤੇ ਇਕਬਾਲ ਪ੍ਰੀਤ ਸਿੰਘ ਸਹੋਤਾ ਸ਼ਾਮਲ ਹਨ। ਇਨ੍ਹਾਂ ਤਿੰਨ ਅਫਸਰਾਂ ਦੀ ਤਰੱਕੀ ਤੋਂ ਬਾਅਦਪੰਜਾਬ ਵਿਚ ਡੀ.ਜੀ.ਪੀਜ਼ ਦੀ ਗਿਣਤੀ 10 ਹੋ ਜਾਵੇਗੀ। ਧਿਆਨ ਰਹੇ ਕਿ ਡੀ.ਜੀ.ਪੀ. ਦਿਨਕਰ ਗੁਪਤਾ ਪੰਜਾਬ ਵਿਚ ਪੁਲਿਸ ਮੁਖੀ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ।