ਪ੍ਰਧਾਨ ਮੰਤਰੀ ਦੀ ਸਿਫਾਰਸ਼ ਨੂੰ ਰਾਸ਼ਟਰਪਤੀ ਨੇ ਦਿੱਤੀ ਮਨਜੂਰੀ
ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੀ ਸੰਸਦ ਯਾਨੀ ਨੈਸ਼ਨਲ ਅਸੈਂਬਲੀ ਕਾਰਜਕਾਲ ਖਤਮ ਹੋਣ ਤੋਂ ਤਿੰਨ ਦਿਨ ਪਹਿਲਾਂ ਹੀ ਭੰਗ ਕਰ ਦਿੱਤੀ ਗਈ ਹੈ। ਲੰਘੇ ਕੱਲ੍ਹ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸੰਸਦ ਭੰਗ ਕਰਨ ਦੀ ਸਿਫਾਰਸ਼ ਰਾਸ਼ਟਰਪਤੀ ਆਰਿਫ ਅੱਲਵੀ ਕੋਲ ਭੇਜੀ ਸੀ ਅਤੇ ਦੇਰ ਰਾਤ ਰਾਸ਼ਟਰਪਤੀ ਨੇ ਇਸ ਨੂੰ ਆਪਣੀ ਮਨਜੂਰੀ ਦੇ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਫਤਰ ਤੋਂ ਜਾਣਕਾਰੀ ਸਾਹਮਣੇ ਆਈ ਹੈ ਕਿ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਆਰਟੀਕਲ 58-1 ਦੇ ਤਹਿਤ ਸੰਸਦ ਨੂੰ ਭੰਗ ਕੀਤਾ ਗਿਆ ਹੈ। ਇਸਦੇ ਨਾਲ ਹੀ ਕੇਅਰਟੇਕਰ ਪ੍ਰਧਾਨ ਮੰਤਰੀ ਨੂੰ ਨਿਯੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਸਰਕਾਰ ਦੇ ਆਖਰੀ ਦਿਨ ਕੈਬਨਿਟ ਨੂੰ ਸੰਬੋਧਿਤ ਕਰਦੇ ਹੋਏ ਪੀਐਮ ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਗਠਜੋੜ ਦੀ ਸਰਕਾਰ ਨੇ ਆਪਣੇ ਹਿੱਤਾਂ ਨੂੰ ਇਕ ਪਾਸੇ ਕਰਕੇ ਦੇਸ਼ ਨੂੰ ਬਚਾਉਣ ਲਈ ਵੱਡੀ ਕੁਰਬਾਨੀ ਦਿੱਤੀ ਹੈ। ਦੱਸਣਯੋਗ ਹੈ ਕਿ ਨੈਸ਼ਨਲ ਅਸੈਂਬਲੀ ਦਾ ਕਾਰਜਕਾਲ 12 ਅਗਸਤ ਤੱਕ ਸੀ ਅਤੇ ਇਸ ਨੂੰ 3 ਦਿਨ ਪਹਿਲਾਂ 9 ਅਗਸਤ ਦੇਰ ਰਾਤ ਨੂੰ ਹੀ ਭੰਗ ਕਰ ਦਿੱਤਾ ਗਿਆ। ਪਾਕਿਸਤਾਨ ਦਾ ਸੰਵਿਧਾਨ ਕਹਿੰਦਾ ਹੈ ਕਿ ਜੇਕਰ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਅਸੈਂਬਲੀ ਭੰਗ ਕੀਤੀ ਜਾਂਦੀ ਹੈ ਤਾਂ ਇਲੈਕਸ਼ਨ 90 ਦਿਨਾਂ ਦੇ ਅੰਦਰ-ਅੰਦਰ ਕਰਵਾਏ ਜਾਣ। ਦੂਜੇ ਪਾਸੇ, ਜੇਕਰ ਨੈਸ਼ਨਲ ਅਸੈਂਬਲੀ ਤੈਅ ਸਮੇਂ ‘ਤੇ ਭੰਗ ਕੀਤੀ ਜਾਂਦੀ ਹੈ ਤਾਂ ਇਲੈਕਸ਼ਨ 60 ਦਿਨਾਂ ਦੇ ਅੰਦਰ-ਅੰਦਰ ਹੀ ਕਰਵਾਉਣਗੇ ਪੈਣਗੇ।
Check Also
ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਲਈ ਗੰਭੀਰ : ਟਰੰਪ
ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਨੂੰ ਸਾਲਾਨਾ 200 ਅਰਬ ਡਾਲਰ ਦੇ ਭੁਗਤਾਨ ‘ਤੇ ਚੁੱਕੇ ਸਵਾਲ ਵਾਸ਼ਿੰਗਟਨ/ਬਿਊਰੋ …