ਰਾਜ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ ਪਾਸ ਹੋਣ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦਿਨ ਭਾਰਤ ਦੇ ਲੋਕਤੰਤਰ ਦੇ ਇਤਿਹਾਸ ਦਾ ਕਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਦਿੱਲੀ ਵਿੱਚ ਪਿਛਲੇ ਦਰਵਾਜ਼ੇ ਰਾਹੀਂ ਸੱਤਾ ਹਥਿਆਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਸੁਆਲ ਕੀਤਾ ਕਿ ਆਖ਼ਰਕਾਰ ਪ੍ਰਧਾਨ ਮੰਤਰੀ ਦਿੱਲੀ ਵਿੱਚ ਦਖ਼ਲਅੰਦਾਜ਼ੀ ਕਿਉਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਕੇਜਰੀਵਾਲ ਅਤੇ ‘ਆਪ’ ਦਾ ਮੁਕਾਬਲਾ ਨਹੀਂ ਕਰ ਸਕਦੀ ਜਿਨ੍ਹਾਂ ਨੇ ਆਪਣੇ ਕੰਮ ਰਾਹੀਂ ਲੋਕਾਂ ‘ਚ ਆਪਣੀ ਪਛਾਣ ਸਥਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇੱਕੋ-ਇੱਕ ਉਦੇਸ਼ ਉਨ੍ਹਾਂ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਭਾਜਪਾ ਨੂੰ 2024 ਦੀਆਂ ਚੋਣਾਂ ‘ਚ ਇੱਕ ਵੀ ਸੀਟ ਨਹੀਂ ਦੇਣਗੇ। ਉਨ੍ਹਾਂ ‘ਆਪ’ ਨੂੰ ਬਿੱਲ ‘ਤੇ ਹਮਾਇਤ ਦੇਣ ਲਈ ਸਾਰੀਆਂ ਵਿਰੋਧੀ ਪਾਰਟੀਆਂ ਦਾ ਧੰਨਵਾਦ ਵੀ ਕੀਤਾ।