ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਜ਼ਿਲ੍ਹਾ ਪੱਧਰੀ ਆਗੂਆਂ ਨਾਲ ਮੀਟਿੰਗਾਂ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਕੇ ਲੋਕ ਸਭਾ ਚੋਣਾਂ ਦੀ ਤਿਆਰੀ ਆਰੰਭ ਦਿੱਤੀ ਹੈ। ਪੰਜਾਬ ਦੇ ਮੁੱਖ ਭਗਵੰਤ ਮਾਨ ‘ਤੇ ਨਿਸ਼ਾਨਾ ਸੇਧਦਿਆਂ ਜਾਖੜ ਨੇ ਆਰੋਪ ਲਾਇਆ ਕਿ ਪੰਜਾਬ ‘ਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਮੁੱਖ ਮੰਤਰੀ ਜ਼ਿੰਮੇਵਾਰ ਹਨ।
ਅੰਮ੍ਰਿਤਸਰ ‘ਚ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਪ੍ਰਧਾਨ ਨੇ ਆਰੋਪ ਲਾਇਆ ਕਿ ਹੜ੍ਹਾਂ ਤੋਂ ਬਾਅਦ ਇੱਕ ਮਹੀਨਾ ਬੀਤ ਚੁੱਕਾ ਹੈ ਪਰ ਪ੍ਰਭਾਵਿਤ ਲੋਕਾਂ ਨੂੰ ਸਰਕਾਰ ਵੱਲੋਂ ਕੋਈ ਰਾਹਤ ਨਹੀਂ ਮਿਲੀ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਫੰਡ ਵਜੋਂ 218.40 ਕਰੋੜ ਰੁਪਏ ਭੇਜੇ ਹਨ ਪਰ ਹੁਣ ਤੱਕ ਉਹ ਵੀ ਲੋਕਾਂ ਨੂੰ ਨਹੀਂ ਵੰਡੇ ਗਏ ਹਨ। ਸੁਨੀਲ ਜਾਖੜ ਨੇ ਆਰੋਪ ਲਾਇਆ ਕਿ ਸੂਬੇ ਦੇ ਕਾਂਗਰਸੀ ਆਗੂਆਂ ਨੇ ਆਪਣੇ ਹਿੱਤਾਂ ਖਾਤਰ ਸਰਕਾਰ ਅੱਗੇ ਗੋਡੇ ਟੇਕ ਦਿੱਤੇ ਹਨ। ਇਸ ਮਾਮਲੇ ਵਿੱਚ ਬਿਨਾਂ ਨਾ ਲਏ ਉਨ੍ਹਾਂ ਨੇ ਕੁਝ ਕਾਂਗਰਸੀ ਆਗੂਆਂ ਦਾ ਹਵਾਲਾ ਵੀ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਵਾਸਤੇ ਸਰਵਪੱਖੀ ਵਿਕਾਸ ਯੋਜਨਾ ਦਾ ਐਲਾਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਮੀਟਿੰਗ ਲਈ ਅੰਮ੍ਰਿਤਸਰ ਪੁੱਜਣ ‘ਤੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਤੇ ਕਾਰਕੁਨਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਮੀਟਿੰਗ ‘ਚ ਸੁਨੀਲ ਜਾਖੜ ਨੇ ਭਾਜਪਾ ਆਗੂਆਂ ਨੂੰ ਲੋਕ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।