-4.7 C
Toronto
Wednesday, December 3, 2025
spot_img
Homeਪੰਜਾਬਹੜ੍ਹ ਪੀੜਤਾਂ ਦੇ ਹੱਕ ਵਿਚ ਨਿੱਤਰੀ ਪੰਜਾਬ ਕਾਂਗਰਸ

ਹੜ੍ਹ ਪੀੜਤਾਂ ਦੇ ਹੱਕ ਵਿਚ ਨਿੱਤਰੀ ਪੰਜਾਬ ਕਾਂਗਰਸ

ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਮਾਨਸਾ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਲੀਡਰਸ਼ਿਪ ਨੇ ਡੀਸੀ ਮਾਨਸਾ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਸੂਬੇ ਦੇ ਹੜ੍ਹ ਪੀੜਤਾਂ ਲਈ ਵਿੱਤੀ ਸਹਾਇਤਾ ਜਾਰੀ ਕਰਨ ਦੀ ਮੰਗ ਕੀਤੀ।
ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਵੇਲੇ ਪਾਰਟੀ ਨੇ ਬਰਸਾਤਾਂ ਤੋਂ ਪਹਿਲਾਂ ਡਰੇਨੇਜ ਸਿਸਟਮ ਤੇ ਨਹਿਰਾਂ ਦੇ ਪ੍ਰਬੰਧਨ, ਸਫਾਈ ਤੇ ਮੁਰੰਮਤ ਲਈ 100 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਸਨ, ਜਦਕਿ ਮੌਜੂਦਾ ਮਸ਼ਹੂਰੀਆਂ ਵਾਲੀ ਸਰਕਾਰ ਸਵੈ-ਤਰੱਕੀ ਤੇ ਹੋਰ ਇਸ਼ਤਿਹਾਰਬਾਜ਼ੀ ਗਤੀਵਿਧੀਆਂ ਲਈ ਫੰਡ ਬਰਬਾਦ ਕਰਨ ‘ਤੇ ਤੁਲੀ ਹੋਈ ਹੈ।
ਆਗੂਆਂ ਨੇ ਮੰਗ ਕੀਤੀ ਕਿ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਤੇ ਮੁਆਵਜ਼ੇ ਲਈ 10,000 ਕਰੋੜ ਰੁਪਏ ਜਾਰੀ ਕੀਤੇ ਜਾਣ।
ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਹੜ੍ਹਾਂ ਦੌਰਾਨ ਕਿਸੇ ਸਰਕਾਰ ਨੇ ਪੀੜਤਾਂ ਦੀਆਂ ਸਮੱਸਿਆਵਾਂ ਸੁਣਨ ਦੀ ਥਾਂ ਲੋਕਾਂ ਨੂੰ ਆਪਣੇ ਹਾਲ ‘ਤੇ ਛੱਡ ਦਿੱਤਾ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਾਰਟੀ ਨੇ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ, ਕਿਸਾਨਾਂ ਲਈ 5 ਲੱਖ ਰੁਪਏ ਦੀ ਵਿੱਤੀ ਸਹਾਇਤਾ, ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ, ਜ਼ਖਮੀਆਂ ਨੂੰ 5-5 ਲੱਖ ਅਤੇ ਫੌਤ ਹੋਏ ਦੇ ਵਾਰਸਾਂ ਨੂੰ 10-10 ਲੱਖ ਦੀ ਸਹਾਇਤਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਹੜ੍ਹ ਦੀ ਮਾਰ ਹੇਠ ਆਏ ਦੁਕਾਨਦਾਰਾਂ ਲਈ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੰਗੀ ਹੈ। ਇਸ ਮੌਕੇ ਕੁਲ ਹਿੰਦ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ, ਵਿਜੈ ਇੰਦਰ ਸਿੰਗਲਾ, ਸੰਦੀਪ ਸਿੰਘ ਸੰਧੂ, ਗੁਰਸ਼ਰਨ ਕੌਰ ਰੰਧਾਵਾ, ਰਾਣਾ ਗੁਰਜੀਤ ਸਿੰਘ, ਅਜੀਤ ਇੰਦਰ ਸਿੰਘ ਮੋਫ਼ਰ, ਅਰਸ਼ਦੀਪ ਸਿੰਘ, ਮਾਈਕਲ ਗਾਗੋਵਾਲ ਨੇ ਵੀ ਸੰਬੋਧਨ ਕੀਤਾ।
ਬਾਜਵਾ ਵੱਲੋਂ ਸਨੌਰ ਹਲਕੇ ਦੇ ਪਿੰਡਾਂ ਦਾ ਜਾਇਜ਼ਾ
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਨੌਰ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨਾਲ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਤੇ ਰਾਜਿੰਦਰ ਸਿੰਘ ਸਮੇਤ ਹੈਰੀ ਮਾਨ ਵੀ ਸਨ। ਬਾਜਵਾ ਨੇ ਉੱਥੋਂ ਦੇ ਲੋਕਾਂ ਦੀ ਹਾਲਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦੀ ਲਾਪ੍ਰਵਾਹੀ ਦਾ ਸ਼ਿਕਾਰ ਹੋਏ ਪੀੜਤਾਂ ਦੀਆਂ ਤਕਲੀਫ਼ਾਂ ਨੂੰ ਘੱਟ ਕਰਨ ਲਈ ਸਰਕਾਰ ਵੱਲੋਂ ਕੋਈ ਹੁੰਗਾਰਾ ਨਾ ਮਿਲਣ ‘ਤੇ ਵੀ ਅਫ਼ਸੋਸ ਜ਼ਾਹਿਰ ਕੀਤਾ। ਬਾਜਵਾ ਨੇ ਭਵਿੱਖ ਵਿਚ ਅਜਿਹੀਆਂ ਤਬਾਹੀ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਹੜ੍ਹ ਕੰਟਰੋਲ ਬੋਰਡ ਤੋਂ ਤੁਰੰਤ ਕਾਰਵਾਈ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ, ਜਿਸ ਨਾਲ 1,400 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ।

 

RELATED ARTICLES
POPULAR POSTS