ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਸਨ ਰਾਕੇਸ਼ ਸਿੰਗਲਾ
Rakesh Singla
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਨ੍ਹਾਂ ਦੀ ਪਤਨੀ ਰਚਨਾ ਸਿੰਗਲਾ ਦੀਆਂ ਲੁਧਿਆਣਾ ਸਥਿਤ 4 ਸੰਪਤੀਆਂ ਨੂੰ ਜਬਤ ਕਰ ਲਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਇਹ ਕਾਰਵਾਈ ਲੁਧਿਆਣਾ ਕੋਰਟ ਦੇ ਸਪੈਸ਼ਲ ਜੱਜ ਡਾ. ਅਜੀਤ ਅਤਰੀ ਦੇ 8 ਅਗਸਤ 2023 ਨੂੰ ਜਾਰੀ ਕੀਤੇ ਅੰਤਿ੍ਰਮ ਅਟੈਚਮੈਂਟ ਆਰਡਰ ਦੇ ਤਹਿਤ ਕੀਤੀ ਗਈ ਹੈ। ਧਿਆਨ ਰਹੇ ਕਿ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਾਕੇਸ਼ ਕੁਮਾਰ ਸਿੰਗਲਾ ਅਤੇ ਹੋਰਨਾਂ ਦੇ ਖਿਲਾਫ਼ 2020-21 ਦੇ ਲਈ ਵੱਖ-ਵੱਖ ਠੇਕੇਦਾਰਾਂ ਨੂੰ ਲੇਬਰ ਢੁਆਈ ਦੇ ਟੈਂਡਰ ਦੀ ਗੈਰਕਾਨੂੰਨੀ ਅਲਾਟਮੈਂਟ ਦੇ ਸਬੰਧ ’ਚ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ’ਚ 16 ਅਗਸਤ 2022 ਨੂੰ ਆਈਪੀਸੀ ਅਤੇ ਭਿ੍ਰਸ਼ਟਾਚਾਰ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਰਾਕੇਸ਼ ਸਿੰਗਲਾ ਨੂੰ 3 ਸਤੰਬਰ 2022 ਨੂੰ ਭਗੌੜਾ ਕਰਾਰ ਦਿੰਦੇ ਹੋਏ ਉਸ ਦੇ ਖਿਲਾਫ਼ ਰੈਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਵਿਜੀਲੈਂਸ ਅਨੁਸਾਰ ਰਾਕੇਸ਼ ਕੁਮਾਰ ਸਿੰਗਲਾ ਨੇ ਵਿਭਾਗ ’ਚ ਆਪਣੀ ਤਾਇਨਾਤੀ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੀ ਕੇਂਦਰੀ ਕਮੇਟੀ ਦੇ ਚੇਅਰਮੈਨ ਦੇ ਰੂਪ ’ਚ ਆਪਣੇ ਕਾਰਜਕਾਲ ਦੌਰਾਨ ਕਈ ਸੰਪਤੀਆਂ ਖਰੀਦੀਆਂ ਸਨ।