ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਕ ਵਾਰ ਫਿਰ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ। ਭਾਖੜਾ ਡੈਮ ਅਤੇ ਪੌਂਗ ਡੈਮ ਵਿਚੋਂ ਪਾਣੀ ਛੱਡੇ ਜਾਣ ਕਰਕੇ ਸਤਲੁਜ ਅਤੇ ਬਿਆਸ ਦਰਿਆ ਨੇੜਲੇ ਪਿੰਡਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ ਅਤੇ ਕਈ ਪਿੰਡਾਂ ਵਿਚ ਪਾਣੀ ਵੀ ਭਰ ਗਿਆ ਹੈ। ਇਸਦੇ ਚੱਲਦਿਆਂ ਪੰਜਾਬ ਵਿਚ ਰਾਜਨੀਤੀ ਵੀ ਗਰਮਾਉਂਦੀ ਜਾ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਰਾਜਾ ਵੜਿੰਗ ਨੇ ਸੀਐਮ ਭਗਵੰਤ ਮਾਨ ਨੂੰ ਲਿਖਿਆ ਕਿ ਸੂਬੇ ਵਿਚ ਹੜ੍ਹਾਂ ਨੇ ਦੁਬਾਰਾ ਦਸਤਕ ਦੇ ਦਿੱਤੀ ਹੈ, ਪਰ ਪ੍ਰਸ਼ਾਸਨ ਕਿਤੇ ਵੀ ਨਜ਼ਰ ਨਹੀਂ ਆ ਰਿਹਾ। ਵੜਿੰਗ ਨੇ ਕਿਹਾ ਕਿ ਪਹਿਲਾਂ ਵਾਲਾ ਰਾਹਤ ਪੈਕੇਜ ਵੀ ਲੋਕਾਂ ਨੂੰ ਹੁਣ ਤੱਕ ਨਹੀਂ ਮਿਲਿਆ ਹੈ। ਰਾਜਾ ਵੜਿੰਗ ਨੇ ਸੀਐਮ ਮਾਨ ਨੂੰ ਲਿਖਿਆ ਕਿ ਸਮੇਂ ਸਿਰ ਪਹੁੰਚ ਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਦੇਖੋ ਕਿਉਂਕਿ ਲੋਕ ਬਹੁਤ ਪ੍ਰੇਸ਼ਾਨ ਹਨ। ਇਸਦੇ ਚੱਲਦਿਆਂ ਭਗਵੰਤ ਮਾਨ ਦੀ ਸਰਕਾਰ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਡੈਮਾਂ ਵਿਚੋਂ ਪਾਣੀ ਜ਼ਰੂਰ ਛੱਡਿਆ ਜਾ ਰਿਹਾ ਹੈ, ਪਰ ਸਥਿਤੀ ਕੰਟਰੋਲ ਹੇਠ ਹੈ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਨਿੱਜੀ ਤੌਰ ’ਤੇ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਹੋਰ ਅਫਸਰ ਵੀ ਆਪੋ-ਆਪਣੀ ਡਿਊਟੀ ਕਰ ਰਹੇ ਹਨ।