ਸੁਖਪਾਲ ਖਹਿਰਾ ਨੇ ਭਗਵੰਤ ਮਾਨ ਦੇ ਪੰਜਾਬ ’ਚੋਂ ਨਸ਼ੇ ਖਤਮ ਕਰਨ ਵਾਲੇ ਵਾਅਦੇ ਨੂੰ ਦੱਸਿਆ ਖੋਖਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਗਲੇ ਇਕ ਸਾਲ ਦੌਰਨ ਪੰਜਾਬ ਵਿਚੋਂ ਨਸ਼ੇ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਉਨ੍ਹਾਂ ਅਜ਼ਾਦੀ ਦਿਹਾੜੇ ਮੌਕੇ ਪਟਿਆਲਾ ’ਚ ਹੋਏ ਰਾਜਪੱਧਰੀ ਸਮਾਗਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਜਦਕਿ ਵਿਰੋਧੀ ਧਿਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਵਾਅਦੇ ਨੂੰ ਖੋਖਲਾ ਦੱਸਿਆ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਮਾਨ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ’ਚ ਸਰਕਾਰ ਬਣਨ ਤੋਂ ਬਾਅਦ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਇਹ ਵਾਅਦਾ ਖੋਖਲਾ ਸਾਬਤ ਹੋਇਆ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਹੁਣ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਲਈ ਇਕ ਸਾਲ ਹੋਰ ਮੰਗ ਰਹੇ ਹਨ। ਖਹਿਰਾ ਨੇ ਅੰਮਿ੍ਰਤਸਰ ਦੇ ਇਕ ਨੌਜਵਾਨ ਦੀ ਨਸ਼ੇ ਕਾਰਨ ਹੋਈ ਮੌਤ ਦੀ ਫੋਟੋ ਟਵੀਟ ਕਰਕੇ ਪੰਜਾਬ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ’ਚ ਆਉਣ ਦੇ 17 ਮਹੀਨਿਆਂ ਮਗਰੋਂ ਨਸ਼ਿਆਂ ਦੇ ਮਾਮਲੇ ’ਤੇ ਆਪਣੀ ਚੁੱਪੀ ਤੋੜੀ ਹੈ। ਜਦਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ’ਚੋਂ ਨਸ਼ਾ ਖਤਮ ਕਰਨ ਲਈ ਇਕ ਸਾਲ ਹੋਰ ਮੰਗ ਰਹੇ ਹਨ। ਖਹਿਰਾ ਨੇ ਕਿਹਾ ਕਿ ਇਕ ਸਾਲ ਤੱਕ ਤਾਂ ਪਤਾ ਨਹੀਂ ਕਿੰਨੇ ਹੀ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਜਾਣਗੇ।