ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ ਚੈਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਸੰਕਟ ਵਿਚੋਂ ਕੱਢਣ ਲਈ ਡੇਰਾ ਬਿਆਸ ਨੇ ਦੋ ਕਰੋੜ ਰੁਪਏ ਦੀ ਮੱਦਦ ਕੀਤੀ ਹੈ। ਡੇਰਾ ਬਿਆਸ ਦੇ ਇਕ ਵਫਦ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਮੁੱਖ ਮੰਤਰੀ ਰਾਹਤ ਫੰਡ’ ਲਈ ਦੋ ਕਰੋੜ ਰੁਪਏ ਦਾ ਚੈਕ ਸੌਂਪਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬਿਆਸ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਸਹਾਇਤਾ ਉਪਲਬਧ ਕਰਵਾਉਣਾ ਉਨ੍ਹਾਂ ਦਾ ਫਰਜ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਔਖੀ ਘੜੀ ਮੌਕੇ ਰਾਹਤ ਫੰਡ ਦਾ ਇਕ ਇਕ ਪੈਸਾ ਪੀੜਤਾਂ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ ਹੜ੍ਹਾਂ ਕਰਕੇ ਬਹੁਤ ਨੁਕਸਾਨ ਹੋ ਚੁੱਕਾ ਹੈ ਅਤੇ ਸਰਕਾਰ ਨੇ ਇਸ ਨੁਕਸਾਨ ਦੀ ਭਰਪਾਈ ਕਰਨ ਲਈ ਪੀੜਤ ਵਿਅਕਤੀਆਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।