ਪਸ਼ਤੂਨ ਆਗੂ ਸਿਰ ਨਿਰਪੱਖ ਆਮ ਚੋਣਾਂ ਕਰਾਉਣ ਦੀ ਜ਼ਿੰਮੇਵਾਰੀ
ਇਸਲਾਮਾਬਾਦ/ਬਿਊਰੋ ਨਿਊਜ਼ : ਪਸ਼ਤੂਨ ਆਗੂ ਅਨਵਰੁੱਲ ਹੱਕ ਕੱਕੜ ਨੇ ਪਾਕਿਸਤਾਨ ਦੇ ਅੰਤ੍ਰਿਮ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਹੱਕ ਨੂੰ ਫ਼ੌਜ ਦੇ ਨੇੜੇ ਮੰਨਿਆ ਜਾਂਦਾ ਹੈ। ਇਸ ਅਹੁਦੇ ਉਤੇ ਰਹਿੰਦਿਆਂ ਉਹ ਵਿੱਤੀ ਸੰਕਟ ਵਿਚ ਘਿਰੇ ਮੁਲਕ ਨੂੰ ਸੰਭਾਲਣਗੇ ਅਤੇ ਚੋਣਾਂ ਵੀ ਕਰਾਉਣਗੇ। ਰਾਸ਼ਟਰਪਤੀ ਆਰਿਫ ਅਲਵੀ ਨੇ 52 ਸਾਲਾ ਆਗੂ ਨੂੰ ਸਹੁੰ ਚੁਕਾਈ। ਇਸ ਮੌਕੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਤੇ ਕਈ ਹੋਰ ਆਗੂ ਹਾਜ਼ਰ ਸਨ। ਅਨਵਰੁੱਲ ਹੱਕ ਬਲੋਚਿਸਤਾਨ ਸੂਬੇ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਨੂੰ ਸਰਬਸੰਮਤੀ ਨਾਲ ਅੰਤ੍ਰਿਮ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਉਹ ਸੈਨੇਟਰ ਸਨ ਪਰ ਪ੍ਰਧਾਨ ਮੰਤਰੀ ਵਜੋਂ ਨਿਯੁਕਤੀ ਹੋਣ ਕਰ ਕੇ ਉਨ੍ਹਾਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਬਲੋਚਿਸਤਾਨ ਅਵਾਮੀ ਪਾਰਟੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਅੰਤ੍ਰਿਮ ਪ੍ਰਧਾਨ ਮੰਤਰੀ ਹੁਣ ਕੈਬਨਿਟ ਦਾ ਗਠਨ ਕਰਨਗੇ। ਸੂਤਰਾਂ ਮੁਤਾਬਕ ਸਾਬਕਾ ਕੂਟਨੀਤਕ ਜਲੀਲ ਅੱਬਾਸ ਜਿਲਾਨੀ ਨੂੰ ਵਿਦੇਸ਼ ਮੰਤਰੀ ਨਿਯੁਕਤ ਕੀਤਾ ਜਾ ਸਕਦਾ ਹੈ। ਹੱਕ ਉਤੇ ਪਾਕਿਸਤਾਨ ਵਿਚ ਆਜ਼ਾਦ ਤੇ ਨਿਰਪੱਖ ਆਮ ਚੋਣਾਂ ਸਿਰੇ ਚੜ੍ਹਾਉਣ ਦੀ ਜ਼ਿੰਮੇਵਾਰੀ ਹੋਵੇਗੀ। ਇਸੇ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਸ਼ਰੀਫ਼ ਨੇ ਪ੍ਰਧਾਨ ਮੰਤਰੀ ਆਵਾਸ ਛੱਡ ਦਿੱਤਾ ਤੇ ਉਨ੍ਹਾਂ ਨੂੰ ਤਿੰਨਾਂ ਸੈਨਾਵਾਂ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।
Check Also
ਡੋਨਾਲਡ ਟਰੰਪ ਨੇ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੀ ਚੋਣ ਜਿੱਤੀ
ਭਾਰਤੀ ਮੂਲ ਦੀ ਕਮਲਾ ਹੈਰਿਸ ਨੂੰ ਹਰਾ ਕੇ ਬਹੁਮਤ ਕੀਤਾ ਹਾਸਲ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ …