Breaking News
Home / ਪੰਜਾਬ / ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਨਵੇਂ ਪ੍ਰਸ਼ਾਸਕ ਦਾ ਵੀ ਹੋਣ ਲੱਗਿਆ ਵਿਰੋਧ

ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਨਵੇਂ ਪ੍ਰਸ਼ਾਸਕ ਦਾ ਵੀ ਹੋਣ ਲੱਗਿਆ ਵਿਰੋਧ

ਡਾ. ਵਿਜੈ ਸਤਬੀਰ ਸਿੰਘ ਨੂੰ ਪ੍ਰਬੰਧਕੀ ਬੋਰਡ ਦਾ ਪ੍ਰਸ਼ਾਸਕ ਨਿਯੁਕਤ ਕੀਤਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਨਿਯੁਕਤ ਕੀਤੇ ਨਵੇਂ ਸਿੱਖ ਪ੍ਰਸ਼ਾਸਕ ਸਬੰਧੀ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਇਸ ਤੋਂ ਪਹਿਲਾਂ ਗੈਰ ਸਿੱਖ ਵਿਅਕਤੀ ਨੂੰ ਪ੍ਰਸ਼ਾਸਕ ਲਾਏ ਜਾਣ ਦਾ ਵਿਰੋਧ ਕੀਤਾ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖ ਜਥੇਬੰਦੀਆਂ ਦੀ ਮੰਗ ‘ਤੇ ਮਹਾਰਾਸ਼ਟਰ ਸਰਕਾਰ ਨੇ ਸਾਬਕਾ ਆਈਏਐੱਸ ਅਧਿਕਾਰੀ ਡਾ. ਵਿਜੈ ਸਤਬੀਰ ਸਿੰਘ ਨੂੰ ਪ੍ਰਬੰਧਕੀ ਬੋਰਡ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਹੈ। ਉਹ ਪਹਿਲਾਂ ਵੀ ਇਸ ਬੋਰਡ ਦੇ ਪ੍ਰਸ਼ਾਸਕ ਰਹਿ ਚੁੱਕੇ ਹਨ। ਪਰ ਹੁਣ ਇਸ ਨਵੀਂ ਨਿਯੁਕਤੀ ਨੂੰ ਲੈ ਕੇ ਦਿੱਲੀ ਦੇ ਸਿੱਖ ਆਗੂਆਂ ਵਿਚਾਲੇ ਮਤਭੇਦ ਸ਼ੁਰੂ ਹੋ ਗਏ ਹਨ। ਦੱਸਣਯੋਗ ਹੈ ਕਿ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਤੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਇਸ ਤਬਦੀਲੀ ਦਾ ਸਿਹਰਾ ਆਪਣੇ ਸਿਰ ਲੈ ਰਹੇ ਹਨ। ਉਹ ਇਸ ਸਬੰਧੀ ਪਿਛਲੇ ਦਿਨੀਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵਿੰਦਰ ਫੜਨਵੀਸ ਨੂੰ ਮਿਲਣ ਗਏ ਸਨ। ਹੁਣ ਇਸ ਨਵੀਂ ਨਿਯੁਕਤੀ ਦਾ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਬਾਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਮਰਿਆਦਾ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਪ੍ਰਬੰਧਕ ਲਾਉਣਾ ਮੰਦਭਾਗਾ ਹੈ।
ਇਸ ਨਿਯੁਕਤੀ ਲਈ ਉਨ੍ਹਾਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਤੇ ਦਿੱਲੀ ਕਮੇਟੀ ਦੇ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਸੰਸਥਾ ਦੀ ਜ਼ਿੰਮੇਵਾਰੀ ਕਿਸੇ ਅੰਮ੍ਰਿਤਧਾਰੀ ਗੁਰਸਿੱਖ ਨੂੰ ਦਿੱਤੀ ਜਾਣੀ ਚਾਹੀਦੀ ਸੀ। ਇਸ ਦੇ ਨਾਲ ਹੀ ਉਨ੍ਹਾਂ ਇਸ ਨਿਯੁਕਤੀ ਵਾਸਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਾਂ ਦੀ ਸਿਫ਼ਾਰਿਸ਼ ਵੀ ਕੀਤੀ ਹੈ।

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …