Breaking News
Home / ਪੰਜਾਬ / ਪੰਜਾਬ ‘ਚ ਮਹਿਲਾਵਾਂ ਲਈ ਸ਼ਰਾਬ ਦੇ ਠੇਕੇ ਖੋਲ੍ਹਣ ਤੋਂ ਭੜਕੇ ਕੇਂਦਰੀ ਮੰਤਰੀ

ਪੰਜਾਬ ‘ਚ ਮਹਿਲਾਵਾਂ ਲਈ ਸ਼ਰਾਬ ਦੇ ਠੇਕੇ ਖੋਲ੍ਹਣ ਤੋਂ ਭੜਕੇ ਕੇਂਦਰੀ ਮੰਤਰੀ

ਅਸ਼ਵਨੀ ਕੁਮਾਰ ਚੌਬੇ ਨੇ ਇਸ ਫੈਸਲੇ ਨੂੰ ਪੰਜਾਬ ਦੇ ਮੱਥੇ ‘ਤੇ ਕਲੰਕ ਦੱਸਿਆ
ਲੁਧਿਆਣਾ : ਕੇਂਦਰੀ ਰਾਜ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਕਿਹਾ ਕਿ ਪੰਜਾਬ ‘ਚ ਨਸ਼ਿਆਂ ਦੇ ਖਾਤਮੇ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿਚ ਮਹਿਲਾਵਾਂ ਲਈ ਵੱਖਰੇ ਸ਼ਰਾਬ ਠੇਕੇ ਖੋਲ੍ਹਣੇ ਗੌਰਵਮਈ ਸੂਬੇ ਦੇ ਮੱਥੇ ‘ਤੇ ਕਲੰਕ ਹਨ।
ਕੇਂਦਰੀ ਰਾਜ ਮੰਤਰੀ ਅਸ਼ਵਨੀ ਕੁਮਾਰ ਚੌਬੇ ਲੁਧਿਆਣਾ ਦੇ ਦੁੱਗਰੀ ਸਥਿਤ ਭਾਜਪਾ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਚੋਬੇ ਨੇ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ੇ ਖ਼ਤਮ ਕਰਨ ਲਈ ਕੀਤੇ ਜਾ ਰਹੇ ਪ੍ਰਚਾਰ ਨੂੰ ਮੰਦਭਾਗਾ ਕਰਾਰ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਹਰ ਗਲੀ-ਮਹੱਲੇ ਵਿੱਚ ਖੁੱਲ੍ਹੇ ਸ਼ਰਾਬ ਦੇ ਠੇਕੇ ਨੌਜਵਾਨ ਵਰਗ ਨੂੰ ਕੁਰਾਹੇ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤਾਂ ਮਹਿਲਾਵਾਂ ਲਈ ਵੀ ਸ਼ਰਾਬ ਦੇ ਵੱਖਰੇ ਠੇਕੇ ਖੋਲ੍ਹੇ ਜਾ ਰਹੇ ਹਨ, ਜੋ ਪੰਜਾਬ ਦੀ ਪਵਿੱਤਰ ਧਰਤੀ ਦੇ ਮੱਥੇ ‘ਤੇ ਕਲੰਕ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਤੋਂ ਪੰਜਾਬ ਦੀ ਜਨਤਾ ਦਾ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ਇਹ ਸਰਕਾਰ ਸਿਰਫ਼ ਝੂਠੇ ਪ੍ਰਚਾਰ ਅਤੇ ਇਸ਼ਤਿਹਾਰਾਂ ਵਾਲੀ ਸਰਕਾਰ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੀ ਜਨਤਾ ਦੇ ਹਿੱਤ ਵਿੱਚ ਕਈ ਲੋਕ ਭਲਾਈ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ ਜਿਸ ਨੂੰ ਵੇਖਦੇ ਹੋਏ ਜਨਤਾ ਭਾਜਪਾ ਹੱਥ ਸੱਤਾ ਸੌਂਪਣਾ ਚਾਹੁੰਦੀ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ 9 ਸਾਲਾਂ ਦੇ ਕਾਰਜ ਕਾਲ ਦੌਰਾਨ ਦੇਸ਼ ਹਿੱਤ ‘ਚ ਕੀਤੇ ਫ਼ੈਸਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਭਾਜਪਾ ਪੰਜਾਬ ਦੇ ਸਾਬਕਾ ਪ੍ਰਧਾਨ ਰਾਜਿੰਦਰ ਭੰਡਾਰੀ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਸਮੇਤ ਕਈ ਆਗੂ ਹਾਜ਼ਰ ਸਨ।
ਮਹਿਲਾਵਾਂ ਲਈ ਸ਼ਰਾਬ ਦੇ ਠੇਕੇ ਖੋਲ੍ਹਣਾ, ਸੱਭਿਆਚਾਰ ‘ਤੇ ਹਮਲਾ : ਹਰਗੋਬਿੰਦ ਕੌਰ
ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਵਿੱਚ ਕਥਿਤ ਤੌਰ ‘ਤੇ ਮਹਿਲਾਵਾਂ ਲਈ ਸ਼ਰਾਬ ਦੇ ਠੇਕੇ ਖੋਲ੍ਹੇ ਜਾਣ ਦਾ ਆਰੋਪ ਲਾਉਂਦਿਆਂ ਇਸ ਨੂੰ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਸਭਿਆਚਾਰ ‘ਤੇ ਸਾਜਿਸ਼ੀ ਹਮਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਪੰਜਾਬ ‘ਚੋਂ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ, ਪਰ ਇਸ ਦੇ ਉਲਟ ਹੁਣ ਮਹਿਲਾਵਾਂ ਲਈ ਵੀ ਸ਼ਰਾਬ ਦੇ ਠੇਕੇ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਵੱਡੀ ਗਿਣਤੀ ਨੌਜਵਾਨ ਮੌਤ ਦੇ ਮੂੰਹ ਜਾ ਰਹੇ ਹਨ, ਪਰ ਸਰਕਾਰ ਨੂੰ ਇਸ ਗੱਲ ਤੋਂ ਕੋਈ ਫਰਕ ਨਹੀਂ ਪੈ ਰਿਹਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਆਗੂ ਹੀ ਪੰਜਾਬ ਸਰਕਾਰ ਨੂੰ ਚਲਾ ਰਹੇ ਹਨ, ਜਿਨ੍ਹਾਂ ਨੂੰ ਪੰਜਾਬ ਦੇ ਸਭਿਆਚਾਰ ਅਤੇ ਵਿਰਸੇ ਦਾ ਕੋਈ ਗਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਆਪਣੇ ਵਿਰਸੇ ‘ਤੇ ਇਹ ਹਮਲਾ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਿਰਫ ਮਹਿਲਵਾਂ ਲਈ ਖੋਲ੍ਹੇ ਗਏ ਠੇਕੇ ਦਾ ਸੂਬੇ ਭਰ ਵਿਚ ਵਿਰੋਧ ਹੋ ਰਿਹਾ ਹੈ।

 

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …