92 ਏਕੜ ਪੰਚਾਇਤੀ ਜ਼ਮੀਨ ਤਬਦੀਲ ਕਰਨ ਦਾ ਮਾਮਲਾ
ਪਠਾਨਕੋਟ/ਬਿਊਰੋ ਨਿਊਜ਼ : ਪਠਾਨਕੋਟ ਜ਼ਿਲ੍ਹੇ ਦੇ ਪਿੰਡ ਗੋਲ ਦੀ 92 ਏਕੜ ਪੰਚਾਇਤੀ ਜ਼ਮੀਨ ਤਬਦੀਲ ਕਰਨ ਦੇ ਚਰਚਿਤ ਮਾਮਲੇ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਨੇ ਕਥਲੌਰ ਪੁਲ ‘ਤੇ ਧਰਨਾ ਦੇ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖਿਲਾਫ ਕਾਰਵਾਈ ਦੀ ਮੰਗ ਕੀਤੀ। ਰੈਲੀ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਸੁਖਪਾਲ ਸਿੰਘ ਖਹਿਰਾ ਤੇ ਸਾਬਕਾ ਮੰਤਰੀ ਅਰੁਣਾ ਚੌਧਰੀ ਅਤੇ ਹੋਰਨਾਂ ਕਾਂਗਰਸੀ ਆਗੂਆਂ ਨੇ ਸੰਬੋਧਨ ਕੀਤਾ। ਇਸ ਦੌਰਾਨ ਰਾਜਾ ਵੜਿੰਗ ਨੇ ‘ਆਪ’ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਦੇ ਰਾਜ ‘ਚ ਖਣਨ ਮਾਫੀਆ ਅਤੇ ਭੂ-ਮਾਫੀਆ ਵਧ-ਫੁਲ ਰਿਹਾ ਹੈ ਜਿਸਦੇ ਸਿੱਟੇ ਵਜੋਂ ਪਿੰਡ ਗੋਲ ਪੰਚਾਇਤ ਦੀ 92 ਏਕੜ ਜ਼ਮੀਨ ਇੱਕ ਦਿਨ ‘ਚ ਹੀ ਏਡੀਸੀ ਕੁਲਦੀਪ ਸਿੰਘ ਨੇ ਕਥਿਤ ਤੌਰ ‘ਤੇ ਨਿੱਜੀ ਵਿਅਕਤੀਆਂ ਦੇ ਨਾਂ ਤਬਦੀਲ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਰਕਾਰ ਵਿਜੀਲੈਂਸ ਦਾ ਡਰਾਵਾ ਦੇ ਕੇ ਕਾਂਗਰਸੀ ਆਗੂਆਂ ਨੂੰ ਅੰਦਰ ਕਰਨ ‘ਤੇ ਤੁਲੀ ਹੋਈ ਹੈ, ਪਰ ਉਹ ਡਰਨ ਵਾਲੇ ਨਹੀਂ। ਰਾਜਾ ਵੜਿੰਗ ਨੇ ਕਿਹਾ ਕਿ ਇਸ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਈ ਵਾਅਦੇ ਕੀਤੇ ਸਨ ਜੋ ਹਾਲੇ ਤੱਕ ਪੂਰੇ ਨਹੀਂ ਕੀਤੇ। ਇਨ੍ਹਾਂ ਵਾਅਦਿਆਂ ਵਿੱਚ ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਵਾਲਾ ਵਾਅਦਾ ਪ੍ਰਮੁੱਖ ਸੀ। ਉਨ੍ਹਾਂ ਆਰੋਪ ਲਾਇਆ ਕਿ ਸਰਕਾਰ ਨੇ ਪੰਜਾਬੀਆਂ ਨਾਲ ਵਾਅਦਾ ਖਿਲਾਫੀ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇੱਕ ਸੋਚੀ ਸਮਝੀ ਯੋਜਨਾ ਤਹਿਤ ਇੱਕ ਬੀਡੀਪੀਓ ਨੂੰ ਤਰੱਕੀ ਦੇ ਕੇ ਡੀਡੀਪੀਓ ਲਗਾਇਆ ਗਿਆ ਤੇ ਫਿਰ ਏਡੀਸੀ ਦਾ ਵਾਧੂ ਚਾਰਜ ਦਿੱਤਾ ਗਿਆ ਜਿਸ ਨੇ ਆਪਣੀ ਸੇਵਾਮੁਕਤੀ ਤੋਂ ਇੱਕ ਦਿਨ ਪਹਿਲਾਂ ਪੰਚਾਇਤ ਦੀ ਕਰੋੜਾਂ ਰੁਪਏ ਦੀ ਭੂਮੀ ਨਿੱਜੀ ਵਿਅਕਤੀਆਂ ਦੇ ਨਾਂ ਕਰ ਦਿੱਤੀ। ਉਨ੍ਹਾਂ ਆਰੋਪ ਲਾਇਆ ਕਿ ਇਹ ਵਿਅਕਤੀ ਇਸ ਹਲਕੇ ਦੇ ਮੰਤਰੀ ਦਾ ਕਰੀਬੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿਆਸੀ ਸ਼ਹਿ ਤੋਂ ਬਗੈਰ ਕੋਈ ਅਧਿਕਾਰੀ ਇੰਨਾ ਵੱਡਾ ਘਪਲਾ ਨਹੀਂ ਕਰ ਸਕਦਾ ਹੈ। ਬਾਜਵਾ ਨੇ ਕਿਹਾ ਕਿ ਇਸ ਘਪਲੇ ਪਿੱਛੇ ਜਿਹੜੇ ਮੰਤਰੀਆਂ ਦਾ ਹੱਥ ਹੈ, ਜਦ ਤੱਕ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਾਹਰ ਕਰਕੇ ਕਾਰਵਾਈ ਨਹੀਂ ਕੀਤੀ ਜਾਂਦੀ ਤਦ ਤੱਕ ਕਾਂਗਰਸ ਚੁੱਪ ਕਰਕੇ ਨਹੀਂ ਬੈਠੇਗੀ ਅਤੇ ਆਪਣਾ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਜੇਕਰ ਕਾਂਗਰਸ ਕਾਨੂੰਨੀ ਲੜਾਈ ਲੜਨੀ ਪਈ ਤਾਂ ਉਹ ਵੀ ਲੜੇਗੀ। ਇਸ ਮੌਕੇ ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ, ਅਮਿਤ ਵਿੱਜ ਤੇ ਟੀਨਾ ਚੌਧਰੀ ਨੇ ਸੰਬੋਧਨ ਕੀਤਾ।
ਦਿੱਲੀ ਜਾਣਾ ਸੀ ਸਾਰਾ ਪੈਸਾ: ਖਹਿਰਾ
ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ‘ਤੇ ਰੋਜ਼ਾਨਾ ਨਿੱਤ ਨਵੇਂ ਆਰੋਪ ਲੱਗ ਰਹੇ ਹਨ ਪਰ ਸਰਕਾਰ ਕਿਸੇ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਜੋ ਨਿੱਜੀ ਵਿਅਕਤੀਆਂ ਦੇ ਨਾਂ ਤਬਦੀਲ ਕੀਤੀ ਗਈ ਹੈ, ਇੱਥੋਂ ਕਰੋੜਾਂ ਰੁਪਏ ਦੀ ਹੋਣ ਵਾਲੀ ਆਮਦਨ ਦਾ ਪੰਜਾਬ ਸਰਕਾਰ ਨੂੰ ਚੂਨਾ ਲੱਗਾ ਹੈ। ਉਨ੍ਹਾਂ ਆਰੋਪ ਲਗਾਇਆ ਕਿ ਇਹ ਸਭ ਕੁਝ ਆਮ ਆਦਮੀ ਪਾਰਟੀ ਵੱਲੋਂ ਆਉਣ ਵਾਲੀਆਂ ਚੋਣਾਂ ਲੜਨ ਲਈ ਕੀਤਾ ਗਿਆ ਹੈ ਅਤੇ ਇੱਥੋਂ ਦਾ ਸਾਰਾ ਪੈਸਾ ਦਿੱਲੀ ਜਾਣਾ ਸੀ। ਇਸੇ ਦੌਰਾਨ ਖਹਿਰਾ ਨੇ ਮਾਨ ਸਰਕਾਰ ਦੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਵਾਲੀ ਨੀਤੀ ਦੀ ਆਲੋਚਨਾ ਕੀਤੀ ਹੈ।