ਪੰਜਾਬ ਕਾਂਗਰਸ ਨੇ ਸਰਕਾਰ ਦੇ ਪੰਚਾਇਤਾਂ ਭੰਗ ਕਰਨ ਵਾਲੇ ਫੈਸਲੇ ਨੂੰ ਦੱਸਿਆ ਮੰਦਭਾਗਾ
ਰਾਜਾ ਵੜਿੰਗ ਬੋਲੇ : ਪੰਜਾਬ ’ਚ ਚੱਲ ਰਹੇ ਵਿਕਾਸ ਕਾਰਜ ਹੋਣਗੇ ਪ੍ਰਭਾਵਿਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੰਘੇ ਦਿਨੀਂ ਸੂਬੇ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਪ੍ਰੰਤੂ ਹੁਣ ਇਹ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ ਕਿਉਂਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਫੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਜਾ ਚੁੱਕੀ ਹੈ। ਉਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਫੈਸਲੇ ਨੂੰ ਮੰਦਭਾਗਾ ਦੱਸਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਵਿਚ ਚੱਲ ਰਹੇ ਵਿਕਾਸ ਕਾਰਜ ਪ੍ਰਭਾਵਿਤ ਹੋਣਗੇ। ਉਨ੍ਹਾਂ ਦੱਸਿਆ ਕਿ ਲੀਗਲ ਸੈਲ ਦੇ ਚੇਅਰਮੈਨ ਵੱਲੋਂ ਕੋਰਟ ’ਚ ਪਟੀਸ਼ਨ ਦਾਖਲ ਕੀਤੀ ਗੲ ਹੈ ਅਤੇ ਉਨ੍ਹਾਂ ਪੰਜਾਬ ਦੇ ਸਰਕਾਰ ਦੇ ਇਸ ਫੈਸਲੇ ਨੂੰ ਗੈਰ ਸੰਵਿਧਾਨਿਕ ਦੱਸਿਆ। ਉਨ੍ਹਾਂ ਨਾਲ ਹੀ ਕੋਰਟ ਵੱਲੋਂ ਇਸ ਫੈਸਲੇ ਰੱਦ ਕੀਤੇ ਜਾਣ ਦੀ ਉਮੀਦ ਵੀ ਪ੍ਰਗਟਾਈ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਲੰਘੇ ਸ਼ੁੱਕਰਵਾਰ ਨੂੰ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਸਨ ਅਤੇ ਉਥੇ ਪ੍ਰਬੰਧਕ ਲਗਾ ਦਿੱਤੇ ਗਏ ਸਨ। ਪੰਜਾਬ ਵਿਚ 13 ਹਜ਼ਾਰ ਪੰਚਾਇਤਾਂ ਹਨ ਜਿਨ੍ਹਾਂ ਦੀ ਪੰਜਾਬ ਸਰਕਾਰ ਵੱਲੋਂ ਹੁਣ ਦੁਬਾਰਾ ਚੋਣ ਕਰਵਾਈ ਜਾਵੇਗੀ। ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ 25 ਨਵੰਬਰ ਨੂੰ ਕਰਵਾਈਆਂ ਜਾ ਸਕਦੇ ਹਨ ਜਦਕਿ ਪੰਚਾਇਤ ਚੋਣਾਂ 31 ਦਸੰਬਰ ਤੱਕ ਕਰਵਾਈਆਂ ਜਾ ਸਕਦੀਆਂ ਹਨ। ਪ੍ਰੰਤੂ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਇਸ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।