ਕਿਸਾਨਾਂ ਨੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਦਾ ਕੀਤਾ ਘਿਰਾਓ
ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੰਗਿਆ ਮੁਆਵਜ਼ਾ
ਬਰਨਾਲਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਇਕ ਵਾਰ ਫਿਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਮੰਨਵਾਉਣ ਨੂੰ ਲੈ ਕੇ ਕਿਸਾਨਾਂ ਨੇ ਅੱਜ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ। ਇਸ ਦੇ ਚਲਦੇ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਰਨਾਲਾ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦਾ ਘਿਰਾਓ ਕਰਦੇ ਹੋਏ ਧਰਨਾ ਲਗਾਇਆ। ਇਸ ਮੌਕੇ ਕਿਸਾਨ ਆਗੂਆਂ ਨੇ ਰੋਸ ਪ੍ਰਗਟਾਉਂਦੇ ਹੋਏ ਕਿਹਾ ਕਿ ਪੰਜਾਬ ’ਚ ਆਏ ਹੜ੍ਹਾਂ ਕਾਰਨ ਜੋ ਜਾਨੀ, ਮਾਲੀ ਅਤੇ ਫਸਲਾਂ ਦਾ ਨੁਕਸਾਨ ਹੋਇਆ ਹੈ, ਉਸ ਸਭ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਜ਼ਿੰਮੇਵਾਰ ਹਨ। ਦੋਵੇਂ ਸਰਕਾਰਾਂ ਨੇ ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਕੋਈ ਉਚਿਤ ਪ੍ਰਬੰਧ ਨਹੀਂ ਕੀਤਾ, ਜਿਸ ਦੇ ਚਲਦਿਆਂ ਪੰਜਾਬ ਦੇ ਲੋਕਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਜਲਦੀ ਤੋਂ ਜਲਦੀ ਮੁਆਵਜ਼ਾ ਦੇਵੇ। ਪੰਜਾਬ ’ਚ ਪੈਦਾ ਹੋਈ ਸਥਿਤੀ ਨੂੰ ਸੁਧਾਰਨ ਲਈ ਸਰਕਾਰ ਕੋਈ ਪੱਕਾ ਇੰਤਜ਼ਾਮ ਕਰੇ ਅਤੇ ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਪਿਛਲੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਦੀ ਗੱਲ ਵੀ ਆਖੀ। ਅੱਜ ਦੇ ਪ੍ਰਦਰਸ਼ਨ ’ਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਪੰਜਾਬ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵਰਕਰ ਅਤੇ ਆਗੂ ਸ਼ਾਮਲ ਹੋਏ।