ਸਰਕਾਰ ਖਿਲਾਫ ਅੰਦੋਲਨ ਵਿੱਢਣ ਦੀ ਹੋ ਰਹੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਦੇ ਕਿਸਾਨ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਕਰਕੇ ਨਰਾਜ਼ ਹਨ। ਇਸਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਦੀਆਂ 16 ਕਿਸਾਨ ਯੂਨੀਅਨਾਂ ਦੇ ਆਗੂ ਤੇ ਵਰਕਰ ਆਪਣੀਆਂ ਮੰਗਾਂ ਲੈ ਕੇ 22 ਅਗਸਤ ਨੂੰ ਚੰਡੀਗੜ੍ਹ ਵੱਲ ਕੂਚ ਕਰਨਗੇ। ਕਿਸਾਨ ਯੂਨੀਅਨਾਂ ਇਸ ਕਰਕੇ ਨਰਾਜ਼ ਹਨ ਕਿ ਸਰਕਾਰ ਹੜ੍ਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਜਾਰੀ ਨਹੀਂ ਕਰ ਰਹੀ। ਇਸ ਸਬੰਧੀ ਕਿਸਾਨ ਆਗੂਆਂ ਨੇ ਪਿੰਡ-ਪਿੰਡ ਜਾ ਕੇ ਪ੍ਰਚਾਰ ਵੀ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਅੰਦੋਲਨ ਵਿਚ ਸ਼ਾਮਲ ਹੋਣ ਲਈ ਅਪੀਲ ਕੀਤੀ ਜਾ ਰਹੀ ਹੈ। ਕਿਸਾਨ 22 ਅਗਸਤ ਨੂੰ ਸਵੇਰੇ 9 ਵਜੇ ਸ਼ੰਭੂ ਬਾਰਡਰ ਤੋਂ ਟਰੈਕਟਰ ਟਰਾਲੀਆਂ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋਣਗੇ। ਭਾਰਤੀ ਕਿਸਾਨ ਯੂਨੀਅਨ (ਸ਼ਹੀਦ ਭਗਤ ਸਿੰਘ) ਦੇ ਆਗੂਆਂ ਨੇ ਕਿਹਾ ਕਿ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਜ਼ਿਆਦਾ ਨੁਕਸਾਨ ਹੋਇਆ ਹੈ। ਪਰ ਸਰਕਾਰ ਨੇ ਕਿਸਾਨਾਂ ਦੀ ਸਾਰ ਨਹੀਂ ਲਈ। ਇਸ ਕਰਕੇ ਕਿਸਾਨ ਹੁਣ ਆਪਣੀਆਂ ਮੰਗਾਂ ਲੈ ਕੇ 22 ਅਗਸਤ ਨੂੰ ਚੰਡੀਗੜ੍ਹ ਵੱਲ ਕੂਚ ਕਰਨਗੇ।