ਸਾਰੇ ਵਿਭਾਗਾਂ ਕੋਲੋਂ ਖਾਲੀ ਅਸਾਮੀਆਂ ਸਬੰਧੀ ਮੰਗੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਆਪਣੇ ਦੂਜੇ ਸਾਲ ਦੇ ਕਾਰਜਕਾਲ ਵਿਚ ਵੀ ਕਰੀਬ 20 ਹਜ਼ਾਰ ਅਹੁਦਿਆਂ ’ਤੇ ਭਰਤੀ ਕਰੇਗੀ। ਇਸਦੇ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਕੋਲੋਂ ਖਾਲੀ ਅਸਾਮੀਆਂ ਸਬੰਧੀ ਜਾਣਕਾਰੀ ਮੰਗ ਲਈ ਗਈ ਹੈ। ਪੰਜਾਬ ਸਰਕਾਰ ਨੇ ਇਹ ਫੈਸਲਾ ਸਰਕਾਰੀ ਵਿਭਾਗਾਂ ਦੇ ਕੰਮਕਾਜ ਵਿਚ ਤੇਜ਼ੀ ਲਿਆਉਣ ਅਤੇ ਕਰਮਚਾਰੀਆਂ ਤੋਂ ਕੰਮ ਦਾ ਬੋਝ ਘਟਾਉਣ ਦੇ ਮਕਸਦ ਨਾਲ ਲਿਆ ਹੈ। ਸੂਬਾ ਸਰਕਾਰ ਵਲੋਂ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਖਾਲੀ ਅਸਾਮੀਆਂ ਸਬੰਧੀ ਰਿਪੋਰਟ ਮੁੱਖ ਮੰਤਰੀ ਦਫਤਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਾਰੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਕੈਟੇਗਰੀ 3 ਅਤੇ ਕੈਟੇਗਰੀ 4 ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਹੋਰ ਅਹੁਦਿਆਂ ’ਤੇ ਭਰਤੀ ਕੀਤੀ ਜਾਵੇਗੀ।