ਪੰਜਾਬ ਅਤੇ ਹਰਿਆਣਾ ’ਚ ਕਈ ਕਿਸਾਨ ਆਗੂਆਂ ਨੂੰ ਕੀਤਾ ਗਿਆ ਗਿ੍ਰਫਤਾਰ
ਚੰਡੀਗੜ੍ਹ ’ਚ ਕਿਸਾਨਾਂ ਦੇ ਧਰਨੇ ਤੋਂ ਪਹਿਲਾਂ ਪੁਲਿਸ ਹੋਈ ਚੌਕਸ
ਚੰਡੀਗੜ੍ਹ/ਬਿਊਰੋ ਨਿਊਜ਼
ਖਰਾਬ ਫਸਲਾਂ ਦੇ ਮੁਆਵਜ਼ੇ ਅਤੇ ਹੋਰ ਮੰਗਾਂ ਨੂੰ ਲੈ ਕੇ ਭਲਕੇ 22 ਅਗਸਤ ਨੂੰ ਚੰਡੀਗੜ੍ਹ ਵਿਚ ਧਰਨਾ ਦੇਣ ਦੀਆਂ ਤਿਆਰੀਆਂ ਵਿਚ ਜੁਟੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਪੁਲਿਸ ਨੇ ਗਿ੍ਰਫਤਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਦੋਹਾਂ ਹੀ ਸੂਬਿਆਂ ਵਿਚ ਅੱਜ ਸੋਮਵਾਰ ਸਵੇਰ ਤੋਂ ਹੀ ਪੁਲਿਸ ਨੇ ਕਿਸਾਨਾਂ ਨੂੰ ਘਰਾਂ ’ਚ ਨਜ਼ਰਬੰਦ ਕਰਨਾ ਸ਼ੁਰੂ ਕਰ ਦਿੱਤਾ ਸੀ ਅਤੇ ਕਈ ਕਿਸਾਨ ਆਗੂਆਂ ਨੂੰ ਗਿ੍ਰਫਤਾਰ ਵੀ ਕਰ ਲਿਆ ਗਿਆ। ਇਸਦੇ ਚੱਲਦਿਆਂ ਤਰਨਤਾਰਨ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਸਣੇ ਕਈ ਕਿਸਾਨ ਆਗੂਆਂ ਨੂੰ ਵੀ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਚੰਡੀਗੜ੍ਹ ਵਿਚ ਮੋਰਚਾ ਲਗਾਉਣ ਦਾ ਐਲਾਨ ਕੀਤਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਕਰਕੇ ਨਰਾਜ਼ ਹਨ। ਇਸਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਦੀਆਂ 16 ਕਿਸਾਨ ਯੂਨੀਅਨਾਂ ਦੇ ਆਗੂਆਂ ਤੇ ਵਰਕਰਾਂ ਨੇ ਆਪਣੀਆਂ ਮੰਗਾਂ ਲੈ ਕੇ 22 ਅਗਸਤ ਨੂੰ ਚੰਡੀਗੜ੍ਹ ਵੱਲ ਕੂਚ ਕਰਨ ਦੀ ਤਿਆਰੀ ਕੀਤੀ ਹੈ।