ਪੰਜਾਬ ਕਾਂਗਰਸ ਨੇ ਪੰਚਾਇਤਾਂ ਭੰਗ ਕਰਨ ਖਿਲਾਫ਼ ਮੋਹਾਲੀ ’ਚ ਦਿੱਤਾ ਧਰਨਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵੱਲੋਂ ਪੰਚਾਇਤਾਂ ਭੰਗ ਕਰਨ ਖਿਲਾਫ਼ ਮੋਹਾਲੀ ’ਚ ਅੱਜ ਭਗਵੰਤ ਮਾਨ ਸਰਕਾਰ ਖਿਲਾਫ਼ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਇਸ ਰੋਸ ਧਰਨੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ, ਪਰਗਟ ਸਿੰਘ ਸਮੇਤ ਕਾਂਗਰਸ ਪਾਰਟੀ ਦੇ ਵੱਡੇ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਵੀ ਸ਼ਾਮਲ ਸਨ। ਇਸ ਮੌਕੇ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਦੇ ਪੰਚਾਇਤਾਂ ਭੰਗ ਕਰਨ ਵਾਲੇ ਫੈਸਲੇ ਨੂੰ ਗੈਰਸੰਵਿਧਾਨਕ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਪੰਚਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਅਤੇ ਇਸ ਫੈਸਲੇ ਨਾਲ ਪੰਜਾਬ ਦੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਪੰਚਾਇਤੀ ਰਾਜ ਨੂੰ ਖਤਮ ਕਰਨ ਵਾਲੇ ਫੈਸਲੇ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਗਈ। ਧਿਆਨ ਰਹੇ ਕਿ ਲੰਘੇ ਦਿਨੀਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਸਮੂਹ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸਮੁੱਚੇ ਪੰਜਾਬ ਅੰਦਰ ਪੰਜਾਬ ਸਰਕਾਰ ਖਿਲਾਫ਼ ਲਗਾਤਾਰ ਪੰਚਾਇਤਾਂ ਅਤੇ ਵਿਰੋਧੀ ਪਾਰਟੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।