ਸ਼ੋ੍ਰਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ਼ ਦੇਵੀਗੜ੍ਹ ’ਚ ਕੀਤੀ ਗਈ ਰੈਲੀ
ਸੁਖਬੀਰ ਬਾਦਲ ਬੋਲੇ : ਮੁਆਵਜ਼ਾ ਨਾ ਮਿਲਣ ਤੱਕ ਸੰਘਰਸ਼ ਰਹੇਗਾ ਜਾਰੀ
ਪਟਿਆਲਾ/ਬਿਊਰੋ ਨਿਊਜ਼ : ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ਼ ਦੇਵੀਗੜ੍ਹ ’ਚ ਇਕ ਰੋਸ ਰੈਲੀ ਕੀਤੀ ਗਈ। ਇਸ ਰੋਸ ਰੈਲੀ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ ਸਮੇਤ ਵੱਡੀ ਗਿਣਤੀ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਅਤੇ ਕਿਸਾਨ ਮੌਜੂਦ ਸਨ। ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਜਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਮੁਆਵਜ਼ੇ ਦੇ ਨਾਮ ’ਤੇ ਕਿਸਾਨਾਂ ਨਾਲ ਸਿਰਫ਼ ਖੋਖਲੇ ਵਾਅਦੇ ਕੀਤੇ ਜਾ ਰਹੇ ਜਦਕਿ ਹੁਣ ਕਿਸਾਨਾਂ ਨੂੰ ਮੁਆਵਜ਼ੇ ਦਾ ਇਕ ਪੈਸਾ ਵੀ ਨਹੀਂ ਮਿਲਿਆ। ਸੁਖਬੀਰ ਬਾਦਲ ਕਿਹਾ ਕਿ ਹੜ੍ਹਾਂ ਦੌਰਾਨ 70 ਵਿਅਕਤੀਆਂ ਦੀ ਜਾਨ ਗਈ, ਜਿਸ ਦੀ ਜ਼ਿੰਮੇਵਾਰ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਹੈ ਕਿਉਂਕਿ ਜੇਕਰ ਸਰਕਾਰ ਸਮੇਂ ਸਿਰ ਹੜ੍ਹਾਂ ਨਾਲ ਨਿਪਟਣ ਲਈ ਇੰਤਜ਼ਾਮ ਕੀਤੇ ਹੁੰਦੇ ਤਾਂ ਅੱਜ ਪੰਜਾਬ ਦੀ ਇਹ ਹਾਲਤ ਨਹੀਂ ਸੀ ਹੋਣੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤਾਂ ਸਿਰਫ਼ ਡਰਾਮੇ ਕਰਦੇ ਹਨ ਅਤੇ ਉਨ੍ਹਾਂ ਡਰਾਮੇ ਕਰਕੇ ਪੰਜਾਬ ’ਚ ਆਮ ਆਦਮੀ ਪਾਰਟੀ ਸਰਕਾਰ ਬਣਾ ਲਈ, ਜਿਸ ਦਾ ਨਤੀਜਾ ਹੁਣ ਪੰਜਾਬ ਦੇ ਲੋਕ ਭੁਗਤ ਰਹੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਪੰਜਾਬ ਸਰਕਾਰ ਕੋਲੋਂ ਮੁਆਵਜ਼ਾ ਦਿਵਾ ਕੇ ਹੀ ਦਮ ਲਵੇਗਾ।