ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਅਦਾਲਤ ਵੱਲੋਂ ਵੱਡਾ ਝਟਕਾ
ਪਟਿਆਲਾ ਕੋਰਟ ਚਹਿਲ ਦੀ ਜ਼ਮਾਨਤ ਅਰਜ਼ੀ ਨੂੰ ਕੀਤਾ ਖਾਰਜ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਨੇ ਭਰਤ ਇੰਦਰ ਸਿੰਘ ਚਹਿਲ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ। ਧਿਆਨ ਰਹੇ ਕਿ ਭਰਤ ਇੰਦਰ ਸਿੰਘ ਚਹਿਲ ਖਿਲਾਫ਼ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਸੀ। ਕੇਸ ਦਰਜ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਭਰਤ ਇੰਦਰ ਚਹਿਲ ਨੂੰ ਕਈ ਵਾਰ ਪੁੱਛਗਿੱਛ ਲਈ ਸੱਦਿਆ ਸੀ ਪ੍ਰੰਤੂ ਉਹ ਪੁੱਛਗਿੱਛ ਲਈ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ। ਚਹਿਲ ਲਗਾਤਾਰ ਰੂਪੋਸ਼ ਚੱਲ ਰਹੇ ਹਨ ਅਤੇ ਉਨ੍ਹਾਂ ਦੀ ਗਿ੍ਰਫ਼ਤਾਰੀ ਲਈ ਵਿਜੀਲੈਂਸ ਅਤੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਚਹਿਲ ਨੇ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ ਰਹਿੰਦੇ ਸਮੇਂ ਆਮਦਨ ਤੋਂ ਵੱਧ ਜਾਇਦਾਦ ਬਣਾਈ, ਜਿਸ ਦੀ ਵਿਜੀਲੈਂਸ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਚਹਿਲ ਦੇ ਪਟਿਆਲਾ ਸਥਿਤ ਸ਼ੌਪਿੰਗ ਮੌਲ ਅਤੇ ਇਕ ਰਿਜ਼ੋਰਟ ਦੀ ਵੀ ਵਿਜੀਲੈਂਸ ਵੱਲੋਂ ਪੈਮਾਇਸ਼ ਵੀ ਕੀਤੀ ਜਾ ਚੁੱਕੀ ਹੈ। ਅੱਜ ਪਟਿਆਲਾ ਕੋਰਟ ਵਿਚ ਜ਼ਮਾਨਤ ਅਰਜ਼ੀ ਖਾਰਿਜ ਹੋਣ ਤੋਂ ਚਹਿਲ ਹੁਣ ਪੰਜਾਬ-ਹਰਿਆਣਾ ਹਾਈ ਕੋਰਟ ਦਾ ਜ਼ਮਾਨਤ ਲਈ ਰੁਖ ਕਰਨਗੇ।