ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ, ਗੈਰ-ਹਥਿਆਰਬੰਦ ਮੁਕਾਬਲੇ, ਕਾਨੂੰਨੀ ਹੱਕ ਤੇ ਸ਼ਖ਼ਸੀਅਤ ਨਿਰਮਾਣ ਬਾਰੇ ਕੀਤਾ ਜਾਵੇਗਾ ਜਾਗਰੂਕ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂ ਕਰਵਾਉਣ ਲਈ ‘ਸਟੂਡੈਂਟ ਪੁਲਿਸ ਕੈਡਿਟ ਸਕੀਮ’ ਦੀ ਸ਼ੁਰੂਆਤ ਕੀਤੀ। ਮਾਨ ਨੇ ਕਿਹਾ ਕਿ ਇਹ ਕੋਰਸ ਬਿਊਰੋ ਆਫ ਪੁਲਿਸ ਰਿਸਰਚ ਐਂਡ ਡਿਵੈਲਪਮੈਂਟ ਵੱਲੋਂ ਤਿਆਰ ਕੀਤਾ ਗਿਆ ਹੈ ਜੋ ਮੌਜੂਦਾ ਵਿਦਿਅਕ ਵਰ੍ਹੇ 2023-24 ‘ਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੋ ਸਾਲਾਂ ‘ਚ ਕਰਵਾਇਆ ਜਾਵੇਗਾ। ਦੋ ਸਾਲਾ ਕੋਰਸ ਤਹਿਤ ਇਹੀ ਵਿਦਿਆਰਥੀ ਵਿਦਿਅਕ ਵਰ੍ਹੇ 2024-25 ‘ਚ ਨੌਵੀਂ ਜਮਾਤ ਵਿਚ ਇਸ ਸਕੀਮ ਦਾ ਹਿੱਸਾ ਬਣੇ ਰਹਿਣਗੇ। ਇਸ ਸਕੀਮ ਤਹਿਤ ਪਹਿਲੇ ਪੜਾਅ ਲਈ ਸੂਬੇ ਦੇ 280 ਸਰਕਾਰੀ ਸਕੂਲਾਂ ਦੇ 11,200 ਵਿਦਿਆਰਥੀਆਂ ਦੀ ਚੋਣ ਕੀਤੀ ਗਈ, ਜਿਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਸਮਾਗਮ ‘ਚ ਸ਼ਮੂਲੀਅਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ‘ਸਟੂਡੈਂਟ ਪੁਲਿਸ ਕੈਡਿਟ ਸਕੀਮ’ ਬਾਰੇ ਮੁਢਲੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਭ੍ਰਿਸ਼ਟਾਚਾਰ, ਸਾਈਬਰ ਅਪਰਾਧ, ਅਪਰਾਧ ਦੇ ਵੱਖ-ਵੱਖ ਸਰੂਪ, ਭਰੂਣ ਹੱਤਿਆ, ਸੜਕ ਸੁਰੱਖਿਆ, ਬੱਚਿਆਂ ਦੀ ਸੁਰੱਖਿਆ, ਨਸ਼ਿਆਂ ਦੀ ਲਾਹਣਤ ਬਾਰੇ ਜਾਗਰੂਕਤਾ ਸੈਸ਼ਨ, ਘਰੇਲੂ ਹਿੰਸਾ, ਫਸਟ ਏਡ, ਆਫਤ ਮੌਕੇ ਹੰਗਾਮੀ ਸੇਵਾਵਾਂ ਅਤੇ ਕੁਇੱਜ਼ ਮੁਕਾਬਲੇ ਕਰਵਾਏ ਜਾਣਗੇ। ਇਸ ਸਕੀਮ ਤਹਿਤ ਵਿਦਿਆਰਥੀ ਪੁਲਿਸ ਦਫਤਰਾਂ, ਥਾਣਿਆਂ, ਸਾਈਬਰ ਸੈੱਲ, ਫੋਰੈਂਸਿਕ ਲੈਬ, ਪੁਲਿਸ ਸਿਖਲਾਈ ਕੇਂਦਰ ਤੇ ਹੋਰ ਸਬੰਧਤ ਸਰਕਾਰੀ ਸੰਸਥਾਵਾਂ ਦਾ ਦੌਰਾ ਕਰਨਗੇ। ਇਨ੍ਹਾਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਗਣਤੰਤਰ ਦਿਵਸ/ਆਜ਼ਾਦੀ ਦਿਵਸ ਪਰੇਡ ‘ਚ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗੈਰ-ਹਥਿਆਰਬੰਦ ਮੁਕਾਬਲੇ ਬਾਰੇ ਸਿਖਲਾਈ ਦਿੱਤੀ ਜਾਵੇਗੀ।
ਸੂਬਾ ਸਰਕਾਰ ਸਕੀਮ ਨੂੰ ਲਾਗੂ ਕਰਨ ਲਈ ਹਰੇਕ ਸਕੂਲ ਲਈ 50 ਹਜ਼ਾਰ ਰੁਪਏ ਸਾਲਾਨਾ ਦੇਵੇਗੀ। ਇਸ ਸਕੀਮ ਤਹਿਤ ਹਰੇਕ ਜ਼ਿਲ੍ਹੇ ‘ਚ 10 ਸਕੂਲਾਂ ਵਿੱਚੋਂ 40 ਵਿਦਿਆਰਥੀ ਪ੍ਰਤੀ ਸਕੂਲ ਚੁਣੇ ਗਏ ਹਨ, ਜਿਸ ਨਾਲ ਕੁੱਲ 11,200 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨਡੋਰ ਕੋਰਸ ਮੁਕੰਮਲ ਕਰਨ ਲਈ ਹਰ ਮਹੀਨੇ ਇਕ ਕਲਾਸ ਲਾਈ ਜਾਵੇਗੀ, ਜਿਸ ਨਾਲ ਵਿਦਿਆਰਥੀਆਂ ਦੇ ਸਕੂਲ ਪਾਠਕ੍ਰਮ ਵਿਚ ਕੋਈ ਵੱਡਾ ਵਾਧਾ ਨਹੀਂ ਹੋਵੇਗਾ। ਇਨ੍ਹਾਂ ਵਿਦਿਆਰਥੀਆਂ ਨੂੰ ਮਹੀਨੇ ਵਿੱਚ ਦੋ ਵਾਰ ਸਕੂਲ ਦੇ ਸਮੇਂ ਤੋਂ ਬਾਅਦ ਜਾਂ ਹਫਤੇ ਦੇ ਅਖੀਰਲੇ ਦਿਨ ਬਾਹਰੀ ਸਰਗਰਮੀਆਂ ਲਈ ਲਿਜਾਇਆ ਜਾਵੇਗਾ। ਇਸ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਪੁਲਿਸ ਦੇ ਕੰਮਕਾਜ ਬਾਰੇ ਜਾਣੂ ਕਰਵਾਇਆ ਜਾਵੇਗਾ ਤੇ ਸ਼ਾਸਨ ਤੇ ਸੁਰੱਖਿਆ ‘ਚ ਭਾਈਵਾਲ ਬਣਨ ਦਾ ਮੌਕਾ ਦਿੱਤਾ ਜਾਵੇਗਾ। ਸਕੀਮ ਲਾਗੂ ਕਰਨ ਲਈ 269 ਸਕੂਲ ਅਧਿਆਪਕਾਂ ਤੇ 59 ਸਾਂਝ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਹੈ।
Check Also
ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ
ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।