ਪੰਜਾਬ ਦੇ ਮਸਲਿਆਂ ਦੇ ਹੱਲ ਲਈ ਸਾਰਿਆਂ ਨੂੰ ਕੇਂਦਰ ਨਾਲ ਮਿਲ ਕੇ ਕੰਮ ਕਰਨ ਦੀ ਲੋੜ : ਹਰਦੀਪ ਪੁਰੀ
ਕਿਹਾ : ਪੰਜਾਬ ਦੇ ਅਹਿਮ ਮੁੱਦਿਆਂ ਲਈ ਕਰਾਂਗੇ ਕੰਮ
ਸੰਗਰੂਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 38ਵੀਂ ਬਰਸੀ ਮੌਕੇ ਲੌਂਗੋਵਾਲ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਏ ਸਮਾਗਮ ‘ਚ ਵੱਖ-ਵੱਖ ਆਗੂਆਂ ਨੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਪੰਜਾਬ ਦੇ ਮਸਲਿਆਂ ਦੇ ਹੱਲ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਕੇਂਦਰ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਹਿਲਾਂ ਵੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਮੇਤ ਹੋਰ ਕਈ ਫੈਸਲੇ ਸਿੱਖ ਕੌਮ ਦੇ ਹੱਕ ਵਿੱਚ ਲਏ ਗਏ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਉਹ ਪੰਜਾਬ ਦੇ ਮਸਲੇ ਹੱਲ ਕਰਨਗੇ।
ਉਨ੍ਹਾਂ ਕਿਹਾ ਕਿ ਐੱਸਜੀਪੀਸੀ ਦੀਆਂ ਚੋਣਾਂ ਜਲਦੀ ਕਰਵਾਉਣ ਸਮੇਤ ਪੰਜਾਬ ਦੇ ਅਹਿਮ ਮੁੱਦਿਆਂ ਲਈ ਜੋ ਵੀ ਕਰਨਾ ਪਿਆ, ਉਹ ਕੀਤਾ ਜਾਵੇਗਾ। ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੰਤ ਲੌਂਗੋਵਾਲ ਦੀ ਸੋਚ ਨੂੰ ਅੱਗੇ ਲਿਜਾਣ ਲਈ ਸਿਰਫ਼ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਹੀ ਸਰਗਰਮ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਅਤੇ ਅਕਾਲੀ ਲਹਿਰ ਦੀ ਵਿਰਾਸਤ ਸੰਭਾਲਣ ਦੀ ਲੋੜ ਹੈ। ਇਹ ਹੀ ਸੰਤ ਲੌਂਗੋਵਾਲ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਕਿ ਭਾਜਪਾ ਦਾ ਚੋਣ ਗੱਠਜੋੜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਐੱਸਜੀਪੀਸੀ ਚੋਣਾਂ ਸਬੰਧੀ ਕੇਂਦਰ ਨੇ ਫੈਸਲਾ ਕਰ ਦਿੱਤਾ ਹੈ ਅਤੇ ਹੁਣ ਪੰਜਾਬ ਸਰਕਾਰ ਨੇ ਵੋਟਰ ਸੂਚੀਆਂ ਬਣਾ ਕੇ ਚੋਣ ਕਰਵਾਉਣੀ ਹੈ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਐੱਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਭਾਜਪਾ ਆਗੂ ਅਰਵਿੰਦ ਖੰਨਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਜੀਤ ਕੌਰ ਤਲਵੰਡੀ, ਰਣਧੀਰ ਸਿੰਘ ਰੱਖੜਾ ਅਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
ਪਾਣੀਆਂ ‘ਤੇ ਪੰਜਾਬ ਦਾ ਹੱਕ ਸੀ ਅਤੇ ਰਹੇਗਾ : ਜਾਖੜ
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਥ ਅਤੇ ਅਕਾਲੀ ਵਿਚਾਰਧਾਰਾ ਨੂੰ ਕੁੱਝ ਲੋਕਾਂ ਨੇ ਅਗਵਾ ਕਰ ਲਿਆ ਸੀ ਪਰ ਪੰਥਕ ਸੋਚ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ। ਜਾਖੜ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਪੰਜਾਬ ਦਾ ਹੱਕ ਸੀ ਅਤੇ ਰਹੇਗਾ। ਇੱਕ ਤੁਪਕਾ ਵੀ ਬਾਹਰ ਨਹੀਂ ਜਾਣ ਦਿਆਂਗੇ। ਚੰਡੀਗੜ੍ਹ ਪੰਜਾਬ ਦਾ ਸੀ ਅਤੇ ਪੰਜਾਬ ਦਾ ਹੀ ਰਹੇਗਾ।