ਕਿਹਾ : ਮੁੱਖ ਮਾਨ ਹੜ੍ਹ ਪੀੜਤਾਂ ਦੀ ਸਾਰ ਲੈਣ ਦੀ ਬਜਾਏ ਕੇਜਰੀਵਾਲ ਦੀ ਖਾਤਰਦਾਰੀ ’ਚ ਰੁੱਝੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ 218 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਸੀ। ਪ੍ਰੰਤੂ ਅਫ਼ਸੋਸ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਾਰ ਲੈਣ ਦਾ ਸਮਾਂ ਹੀ ਨਹੀਂ ਅਤੇ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਖਾਤਰਦਾਰੀ ਕਰਨ ਵਿਚ ਰੁੱਝੇ ਹੋਏ ਹਨ। ਜਿਸ ਦੇ ਚਲਦਿਆਂ ਕੇਂਦਰ ਸਰਕਾਰ ਵੱਲੋਂ ਭੇਜਿਆ ਗਿਆ ਰਾਹਤ ਫੰਡ ਅਜੇ ਤੱਕ ਜ਼ਰੂਰਤ ਮੰਦ ਲੋਕਾਂ ਤੱਕ ਨਹੀਂ ਪਹੁੰਚ ਸਕਿਆ। ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਦੇ 19 ਜ਼ਿਲ੍ਹੇ ਹੜ੍ਹਾਂ ਦੀ ਮਾਰ ਤੋਂ ਪ੍ਰਭਾਵਿਤ ਹੋਏ ਪ੍ਰੰਤੂ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ’ਚ ਅਸਫ਼ਲ ਰਹੇ। ਮੁੱਖ ਮੰਤਰੀ ਅਤੇ ਰਾਜਪਾਲ ਦਰਮਿਆਨ ਚੱਲ ਰਹੀ ਖਿੱਚੋਤਾਣ ਸਬੰਧੀ ਬੋਲਦਿਆਂ ਕਿਹਾ ਕਿ ਰਾਜਪਾਲ ਸੰਵਿਧਾਨਕ ਅਹੁਦੇ ’ਤੇ ਬੈਠੇ ਹਨ ਅਤੇ ਉਹ ਮੁੱਖ ਮੰਤਰੀ ਕੋਲੋਂ ਕਿਸੇ ਵੀ ਵਿਸ਼ੇ ਸਬੰਧੀ ਜਾਣਕਾਰੀ ਮੰਗ ਸਕਦੇ ਹਨ। ਮੁੱਖ ਮੰਤਰੀ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਰਾਜਪਾਲ ਵੱਲੋਂ ਮੰਗੀ ਗਈ ਜਾਣਕਾਰੀ ਉਨ੍ਹਾਂ ਨੂੰ ਮੁਹੱਈਆ ਕਰਵਾਉਣ। ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਬਿਆਨਬਾਜ਼ੀ ਤੋਂ ਸਾਫ਼ ਹੁੰਦਾ ਹੈ ਕਿ ਉਹ ਆਪਣੇ ਕੰਮ ਪ੍ਰਤੀ ਗੰਭੀਰ ਹੀ ਨਹੀਂ।