ਫਿਲਮ ‘ਯਾਰੀਆਂ-2’ ਵਿਚ ਸ੍ਰੀ ਸਾਹਿਬ ਦੀ ਹੋਈ ਬੇਅਦਬੀ August 29, 2023 ਫਿਲਮ ‘ਯਾਰੀਆਂ-2’ ਵਿਚ ਸ੍ਰੀ ਸਾਹਿਬ ਦੀ ਹੋਈ ਬੇਅਦਬੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੋਸ਼ੀ ਵਿਅਕਤੀਆਂ ਖਿਲਾਫ਼ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਫਿਲਮ ‘ਯਾਰੀਆਂ 2’ ਦੇ ਇਕ ਦਿ੍ਰਸ਼ ਵਿਚ ਸ੍ਰੀ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਮ ਦਾ ਕਲਿੱਪ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ, ਜਿਸ ’ਚ ਇਕ ਮੋਨਾ ਵਿਅਕਤੀ ਕਿਰਪਾਨ ਪਾਈ ਨਜ਼ਰ ਆ ਰਿਹਾ ਹੈ। ਇਸ ’ਤੇ ਸਖ਼ਤ ਇਤਰਾਜ਼ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਸ ਬੇਅਦਬੀ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਤਾਂ ਜੋ ਭਵਿੱਖ ’ਚ ਕੋਈ ਅਜਿਹਾ ਕਰਨ ਦੀ ਜੁਰਅਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਆਏ ਦਿਨ ਫਿਲਮਾਂ ’ਚ ਕੋਈ ਨਾ ਕੋਈ ਅਜਿਹੀ ਘਟਨਾ ਵਾਪਰਦੀ ਰਹਿੰਦੀ ਹੈ। ਫਿਲਮ ਸੈਂਸਰ ਬੋਰਡ ’ਚ ਇਕ ਸਿੱਖ ਮੈਂਬਰ ਨੂੰ ਜ਼ਰੂਰ ਸ਼ਾਮਲ ਕੀਤਾ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਵੀਡੀਓ ’ਤੇ ਸਖ਼ਤ ਇਤਰਾਜ਼ ਕਰਦਿਆਂ ਕਿਹਾ ਕਿ ਸਿੱਖ ਕੌਮ ਵੱਲੋਂ ਫ਼ਿਲਮਾਂ ’ਚ ਅਜਿਹੇ ਸੀਨ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਨਾਲ ਦੁਨੀਆ ਭਰ ’ਚ ਵੱਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਸਿੱਖ ਰਹਿਤ ਮਰਿਆਦਾ ਅਨੁਸਾਰ ਕਿਰਪਾਨ ਪਹਿਨਣ ਦਾ ਅਧਿਕਾਰ ਕੇਵਲ ਅੰਮਿ੍ਰਤਧਾਰੀ ਸਿੱਖ ਨੂੰ ਹੀ ਹੈ। ਇਹ ਵੀਡੀਓ ਯੂਟਿਊਬ ਚੈਨਲ ’ਤੇ ਜਨਤਕ ਹੈ, ਜਿਸ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨਾ ਚਾਹੀਦਾ ਹੈ। ਜੇ ਉਕਤ ਵੀਡੀਓ ਨੂੰ ਜਨਤਕ ਪਲੇਟਫਾਰਮਾਂ ਤੋਂ ਨਾ ਹਟਾਇਆ ਗਿਆ ਤਾਂ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 2023-08-29 Parvasi Chandigarh Share Facebook Twitter Google + Stumbleupon LinkedIn Pinterest