ਸ਼ੋ੍ਰਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ 2024 ਲਈ ਖਿੱਚੀ ਤਿਆਰੀ
ਸੁਖਬੀਰ ਬਾਦਲ ਨੇ 15 ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਕੀਤੀ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਦੋ ਲੋਕ ਸਭਾ ਜ਼ਿਮਨੀ ਚੋਣਾਂ ਵਿਚ ਹਾਰ ਦਾ ਸਾਹਮਣਾ ਕਰਨ ਵਾਲਾ ਸ਼ੋ੍ਰਮਣੀ ਅਕਾਲੀ ਦਲ ਹੁਣ ਹਰ ਕਦਮ ਫੂਕ-ਫੂਕ ਕੇ ਰੱਖ ਰਿਹਾ ਹੈ। ਆਉਂਦੇ ਵਰ੍ਹੇ 2024 ’ਚ ਦੇਸ਼ ਵਿਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਹੁਣੇ ਤੋਂ ਚੋਣਾਂ ਲਈ ਤਿਆਰੀ ਖਿੱਚਣੀ ਸ਼ਰੂ ਕਰ ਦਿੱਤੀ ਹੈ। ਇਸੇ ਤਹਿਤ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ 15 ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਪੂਰੀ ਤਰ੍ਹਾਂ ਜੁਟ ਗਿਆ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜੋ 15 ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ ਹੈ ਉਸ ਲਿਸਟ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਹੈਂਡਲ ’ਤੇ ਸ਼ੇਅਰ ਕੀਤਾ ਗਿਆ ਹੈ। ਸ਼ੋਸ਼ਲ ਮੀਡੀਆ ’ਤੇ ਲਿਸਟ ਜਾਰੀ ਕਰਦਿਆਂ ਡਾ. ਚੀਮਾ ਨੇ ਲਿਖਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 15 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਸਿਆਸੀ ਹਲਕਿਆਂ ਵਿਚ ਜ਼ਿਲ੍ਹਾ ਪ੍ਰਧਾਨਾਂ ਦੀ ਇਸ ਚੋਣ ਨੂੰ 2024 ਦੀਆਂ ਲੋਕ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।