ਪੰਚਾਇਤਾਂ ਭੰਗ ਕਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਹੋਈ ਨਾਕਾਮਯਾਬ August 31, 2023 ਪੰਚਾਇਤਾਂ ਭੰਗ ਕਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਹੋਈ ਨਾਕਾਮਯਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਲਿਆ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਆਪਣਾ ਪੰਚਾਇਤਾਂ ਭੰਗ ਕਰਨ ਵਾਲਾ ਨੋਟੀਫਿਕੇਸ਼ਨ ਜਲਦੀ ਵਾਪਸ ਲੈ ਲਵੇਗੀ। ਅੱਜ ਵੀਰਵਾਰ ਨੂੰ ਪੰਚਾਇਤਾਂ ਭੰਗ ਕਰਨ ਦੇ ਮਾਮਲੇ ਵਿਚ ਹਾਈਕੋਰਟ ’ਚ ਸੁਣਵਾਈ ਹੋਈ। ਮੀਡੀਆ ਰਿਪੋਰਟਾਂ ਅਨੁਸਾਰ ਇਸ ਦੌਰਾਨ ਪੰਜਾਬ ਦੇ ਚੀਫ ਸੈਕਟਰੀ ਨੇ ਪੰਚਾਇਤਾਂ ਭੰਗ ਕਰਨ ਸਬੰਧੀ ਨਿਰਦੇਸ਼ ਨੂੰ ਵਾਪਸ ਲੈਣ ਦੀ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈਕੋਰਟ ਨੇ ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਫਟਕਾਰ ਵੀ ਲਗਾਈ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਸੀ ਕਿ ਆਖਰ ਕਿਸ ਅਧਾਰ ’ਤੇ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਲਿਆ ਗਿਆ ਅਤੇ ਸਰਕਾਰ ਨੂੰ ਇਹ ਹੱਕ ਕਿਸ ਨੇ ਦਿੱਤਾ ਹੈ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਕੋਲੋਂ ਉਨ੍ਹਾਂ ਦਾ ਅਧਿਕਾਰ ਬਿਨਾ ਕਿਸੇ ਕਾਰਨ ਵਾਪਸ ਲਵੇ। ਜ਼ਿਕਰਯੋਗ ਹੈ ਕਿ ਲੰਘੀ 10 ਅਗਸਤ ਨੂੰ ਪੰਜਾਬ ਸਰਕਾਰ ਨੇ ਸੂੁਬੇ ਦੀਆਂ ਸਾਰੀਆਂ ਪੰਚਾਇਤਾਂ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਲੋਕਹਿੱਤ ਵਿਚ ਦੱਸਿਆ ਸੀ, ਪਰ ਪਟਿਆਲਾ ਅਤੇ ਹੋਰ ਜ਼ਿਲ੍ਹਿਆਂ ਦੀਆਂ ਗਰਾਮ ਪੰਚਾਇਤਾਂ ਵਲੋਂ ਦਰਜ ਪਟੀਸ਼ਨ ਵਿਚ ਸੂਬਾ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਗੈਰਕਾਨੂੰਨੀ ਅਤੇ ਮਨਮਰਜ਼ੀ ਵਾਲਾ ਦੱਸਿਆ ਗਿਆ ਸੀ। ਪਟੀਸ਼ਨ ਵਿਚ ਇਹ ਵੀ ਕਿਹਾ ਗਿਆ ਕਿ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਚੁਣੇ ਹੋਏ ਪ੍ਰਤੀਨਿਧੀਆਂ ਦੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਹੀ ਗਲਤ ਤਰੀਕੇ ਨਾਲ ਭੰਗ ਕਰ ਦਿੱਤਾ ਗਿਆ। ਧਿਆਨ ਰਹੇ ਕਿ ਸੂਬਾ ਸਰਕਾਰ ਨੇ 31 ਦਸੰਬਰ 2023 ਤੱਕ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਫੈਸਲਾ ਲਿਆ ਸੀ। 2023-08-31 Parvasi Chandigarh Share Facebook Twitter Google + Stumbleupon LinkedIn Pinterest