ਪੰਜਾਬ ਚ ਲਾਗੂ ਹੋਇਆ ਐਸਮਾ ਕਾਨੂੰਨ , CM MAAN ਤੇ ਕਰਮਚਾਰੀ ਆਹਮੋ – ਸਾਹਮਣੇ
31 ਅਕਤੂਬਰ ਤੱਕ ਲਾਗੂ ਰਹਿਣਗੇ ਹੁਕਮ
ਚੰਡੀਗੜ੍ਹ / ਬਿਊਰੋ ਨੀਊਜ਼
ਮਾਲ ਅਫ਼ਸਰ ਤੇ ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ‘ਕਲਮ ਛੋੜ’ ਹੜਤਾਲ ਦੇ ਦਿੱਤੇ ਸੱਦੇ ਦਰਮਿਆਨ ਪੰਜਾਬ ਸਰਕਾਰ ਨੇ ਅੱਜ ਸੂਬੇ ਵਿਚ 31 ਅਕਤੂਬਰ ਤੱਕ ਐਸਮਾ (ਈਸਟ ਪੰਜਾਬ ਅਸੈਂਸ਼ੀਅਲ ਸਰਵਸਿਜ਼ ਮੈਂਟੇਨੈਂਸ ਐਕਟ) ਲਾਗੂ ਕਰ ਦਿੱਤਾ ਹੈ। ਸਰਕਾਰ ਨੇ ਕਿਹਾ ਕਿ ਐਕਟ ਵਿਚਲੀਆਂ ਵਿਵਸਥਾਵਾਂ ਦੀ ਉਲੰਘਣਾ ਲਈ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹੁਕਮਾਂ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਪਟਵਾਰੀ, ਕਾਨੂੰਗੋ, ਸਰਕਲ ਮਾਲ ਅਫ਼ਸਰ ਤੇ ਡੀਸੀ ਦਫ਼ਤਰਾਂ ਦੇ ਸਾਰੇ ਮੁਲਾਜ਼ਮਾਂ ਨੂੰ ਸਟੇਸ਼ਨ ਨਾ ਛੱਡਣ ਦੀ ਤਾਕੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੇ ਇਸ ਵਰਤਾਰੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹੜਤਾਲ ’ਤੇ ਜਾਣ ਵਾਲੇ ਅਧਿਕਾਰੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਫ਼ਸਰ ਤੇ ਡੀਸੀ ਦਫ਼ਤਰਾਂ ਦੇ ਅਧਿਕਾਰੀ ‘ਕਲਮ ਛੋੜ’ ਹੜਤਾਲ ’ਤੇ ਜਾਣ ਲਈ ਆਜ਼ਾਦ ਹਨ, ਪਰ ਫਿਰ ਸੂਬਾ ਸਰਕਾਰ ਫ਼ੈਸਲਾ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਸੂਬੇ ’ਚ ਵੱਡੀ ਗਿਣਤੀ ਨੌਜਵਾਨ ਬੇਰੁਜ਼ਗਾਰ ਹਨ, ਜੋ ਕਲਮ ਹੱਥ ਵਿੱਚ ਲੈ ਕੇ ਸੂਬੇ ਦੀ ਸੇਵਾ ਕਰਨ ਲਈ ਤਿਆਰ ਹਨ। ਉਨ੍ਹਾਂ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਵਾਰਥਾਂ ਲਈ ਜਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰਨ ਵਾਲਿਆਂ ਦੀ ਹਮਾਇਤ ਵਿੱਚ ‘ਕਲਮ ਛੋੜ’ ਹੜਤਾਲ ਨਾ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਵਚਨਬੱਧ ਹੈ। ਇਸੇ ਕਰਕੇ ਸੂਬੇ ਵਿੱਚ ਭ੍ਰਿਸ਼ਟਾਚਾਰੀਆਂ ਖਿਲਾਫ਼ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।