ਚੰਡੀਗੜ੍ਹ : ਹਰਿਆਣਾ ਦੇ ਮੰਤਰੀ ਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਨੂੰ ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਨੋਟਿਸ ਜਾਰੀ ਕੀਤਾ ਹੈ। ਇਸ ਤਹਿਤ ਮੰਤਰੀ ਸੰਦੀਪ ਸਿੰਘ ਨੂੰ 16 ਸਤੰਬਰ ਨੂੰ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਇਸ ਮਾਮਲੇ ‘ਚ ਸੰਦੀਪ ਸਿੰਘ ਖ਼ਿਲਾਫ਼ ਚੰਡੀਗੜ੍ਹ ਪੁਲਿਸ ਵਲੋਂ ਕਰੀਬ 700 ਸਫ਼ਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ ਅਤੇ 45 ਗਵਾਹ ਕੇਸ ਨੂੰ ਸਾਬਤ ਕਰਨ ਲਈ ਰੱਖੇ ਗਏ ਹਨ।
ਮੀਡੀਆ ਰਿਪੋਰਟਾਂ ਅਨੁਸਾਰ ਪੀੜਤਾ ਨਾਲ ਮੋਬਾਈਲ ‘ਤੇ ਗੱਲਬਾਤ ਦੀ ਟ੍ਰਾਂਸਕ੍ਰਿਪਟ ਪੁਲਿਸ ਨੇ ਚਾਰਜਸ਼ੀਟ ‘ਚ ਲਾਈ ਹੈ। ਪੀੜਤਾ ਦੇ ਅਦਾਲਤ ‘ਚ ਦਿੱਤੇ ਸੀਆਰਪੀਸੀ 164 ਤਹਿਤ ਦਰਜ ਬਿਆਨਾਂ ਨੂੰ ਪ੍ਰਮੁੱਖਤਾ ਨਾਲ ਚਾਰਜਸ਼ੀਟ ਦਾ ਹਿੱਸਾ ਬਣਾਇਆ ਗਿਆ ਹੈ। ਮਹਿਲਾ ਕੋਚ ਦੀ ਸ਼ਿਕਾਇਤ ‘ਤੇ ਪੁਲਿਸ ਨੇ ਸੰਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਉਧਰ ਦੂਜੇ ਪਾਸੇ ਕਾਂਗਰਸ ਪਾਰਟੀ ਸੰਦੀਪ ਸਿੰਘ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ। ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਜਿਨਸ਼ੀ ਸੋਸ਼ਣ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਨੈਤਿਕਤਾ ਦੇ ਅਧਾਰ ‘ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ।