Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ

ਟੋਕੀਓ ਉਲੰਪਿਕਸ ਦੀ ਤਮਗਾ ਜੇਤੂ ਹਾਕੀ ਟੀਮ ਨੂੰ ਜਲਦੀ ਢੁੱਕਵੀਆਂ ਨੌਕਰੀਆਂ ਦੇਣ ਦਾ ਐਲਾਨ
ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਵਿਚ ਸ਼ਹੀਦ ਭਗਤ ਸਿੰਘ ਸਟੇਡੀਅਮ ‘ਚ ਮੰਗਲਵਾਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਇਸ ਸ਼ਾਨਦਾਰ ਖੇਡ ਸਮਾਗਮ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਖੇਡ ਮੇਲੇ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਖੇਡ ਮੇਲਾ ਸੂਬੇ ਦੀ ਖੇਡਾਂ ਦੇ ਖੇਤਰ ਵਿੱਚ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਇੱਕ ਪ੍ਰੇਰਕ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਜਾਣ ਲਈ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਵਿਕਾਸ ਵੱਲ ਕਦੇ ਧਿਆਨ ਨਹੀਂ ਦਿੱਤਾ ਜਿਸ ਕਾਰਨ ਪੰਜਾਬ ਇਸ ਖੇਤਰ ਵਿੱਚ ਪੱਛੜ ਗਿਆ ਹੈ।
ਭਗਵੰਤ ਸਿੰਘ ਮਾਨ ਨੇ ਵਿਅੰਗ ਕਸਦਿਆਂ ਕਿਹਾ ਕਿ ਭਾਵੇਂ ਪਿਛਲੇ ਵਿੱਤ ਮੰਤਰੀ ਇਸ ਇਲਾਕੇ ਦੇ ਹੀ ਸਨ ਪਰ ਉਨ੍ਹਾਂ ਦੇ ਖ਼ਾਲੀ ਖ਼ਜ਼ਾਨੇ ਦੀ ਬਿਆਨਬਾਜ਼ੀ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ, ਜਦਕਿ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਹੁਣ ਇਹੀ ਪੈਸਾ ਵਰਤਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ ਮੈਡਲ ਲਿਆਉਣ ਵਾਲੀ ਭਾਰਤੀ ਹਾਕੀ ਟੀਮ ਨੂੰ ਜਲਦੀ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਰੇ ਅੜਿੱਕੇ ਪਹਿਲਾਂ ਹੀ ਦੂਰ ਕਰ ਦਿੱਤੇ ਗਏ ਹਨ ਅਤੇ ਹੁਣ ਇਨ੍ਹਾਂ ਨੌਂ ਖਿਡਾਰੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਅੱਠ ਉਮਰ ਵਰਗਾਂ ਵਿੱਚ 35 ਮੁਕਾਬਲੇ ਕਰਵਾਏ ਜਾਣਗੇ ਅਤੇ ਪਹਿਲੀ ਵਾਰ ਖੇਡਾਂ ਵਿੱਚ ਰਗਬੀ, ਸਾਈਕਲਿੰਗ, ਘੋੜ ਸਵਾਰੀ, ਵੁਸ਼ੂ ਅਤੇ ਸ਼ੂਟਿੰਗ ਵਾਲੀਬਾਲ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ 14 ਸਾਲ ਉਮਰ ਵਰਗ, 17 ਸਾਲ ਉਮਰ ਵਰਗ, 21 ਸਾਲ ਉਮਰ ਵਰਗ, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਵਿੱਚ ਕਰਵਾਏ ਜਾਣਗੇ।
ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਖਿਡਾਰੀਆਂ ਨੂੰ 7 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ, ਜਿਸ ਵਿੱਚ ਸੋਨ ਤਗਮਾ ਜੇਤੂ ਲਈ 10,000 ਰੁਪਏ, ਚਾਂਦੀ ਤਗਮਾ ਜੇਤੂ ਲਈ 7000 ਰੁਪਏ ਅਤੇ ਕਾਂਸੀ ਤਗਮਾ ਜੇਤੂ ਖਿਡਾਰੀਆਂ ਨੂੰ 5000 ਰੁਪਏ ਦਿੱਤੇ ਜਾਣਗੇ। ਸੂਬੇ ਵਿੱਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਰਾਸ਼ੀ ਵੰਡਣ ਦੀ ਮੁਹਿੰਮ ਵਿੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇਨਾਮੀ ਰਾਸ਼ੀ ਪਿਛਲੇ ਪੰਜ ਸਾਲਾਂ ਤੋਂ ਬਕਾਇਆ ਹੈ ਕਿਉਂਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਖਿਡਾਰੀਆਂ ਨੂੰ ਇਹ ਰਾਸ਼ੀ ਦੇਣ ਵੱਲ ਕੋਈ ਧਿਆਨ ਨਹੀਂ ਦਿੱਤਾ।
ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ 23 ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਨਾਲ ਹੀ ਕੌਮੀ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਵਜੋਂ 7 ਕਰੋੜ ਰੁਪਏ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪਿਰਾਮਿਡ ਵਰਗੇ ਖੇਡ ਢਾਂਚੇ ਲਈ ਹਰੇਕ ਪਿੰਡ/ਇਲਾਕੇ ਵਿੱਚ ਖੇਡ ਮੈਦਾਨ, ਹਰ ਘਰ ਤੋਂ 4 ਕਿਲੋਮੀਟਰ ਦੇ ਦਾਇਰੇ ਵਿੱਚ ਪਿੰਡ ਕਲੱਸਟਰ ਪੱਧਰ ‘ਤੇ ਖੇਡ ਨਰਸਰੀਆਂ, ਖਿਡਾਰੀਆਂ ਲਈ ਹੋਸਟਲ ਨਾਲ ਲੈਸ ਜ਼ਿਲ੍ਹਾ ਖੇਡ ਕੰਪਲੈਕਸ ਅਤੇ ਸੂਬਾ ਪੱਧਰ ‘ਤੇ ਸੈਂਟਰ ਆਫ਼ ਐਕਸੀਲੈਂਸ ਬਣਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਨੀਤੀ ਵਿੱਚ ਓਲੰਪਿਕ/ਏਸ਼ੀਅਨ/ਰਾਸ਼ਟਰਮੰਡਲ ਖੇਡਾਂ ਦੇ ਨਾਲ-ਨਾਲ ਗਰੇਡੇਸ਼ਨ ਸੂਚੀ ਦੀਆਂ 35 ਖੇਡਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਖੇਡਾਂ ਵਿੱਚ ਕੋਚਾਂ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਬਲਬੀਰ ਸਿੰਘ ਸੀਨੀਅਰ ਐਵਾਰਡ ਸ਼ੁਰੂ ਕੀਤਾ ਗਿਆ ਹੈ।
ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਪ੍ਰਮੋਟਰਾਂ ਨੂੰ ਮਿਲਖਾ ਸਿੰਘ ਐਵਾਰਡ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡ ਨੀਤੀ ਦੇ ਹਿੱਸੇ ਵਜੋਂ ਸੂਬਾ ਸਰਕਾਰ ਚੀਨ ਵਿੱਚ ਹੋਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਭਾਗ ਲੈਣ ਦੀ ਤਿਆਰੀ ਕਰ ਰਹੇ 50 ਦੇ ਕਰੀਬ ਖਿਡਾਰੀਆਂ ਨੂੰ ਪਹਿਲੀ ਵਾਰ 8 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਰਹੀ ਹੈ। ਇਨ੍ਹਾਂ ਖੇਡਾਂ ਦੇ ਪ੍ਰਬੰਧ ਲਈ ਖੇਡ ਮੰਤਰੀ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰਮੀਤ ਸਿੰਘ ਮੀਤ ਹੇਅਰ ਇਸ ਸਾਰੇ ਪ੍ਰਬੰਧ ਲਈ ਵਧਾਈ ਦੇ ਹੱਕਦਾਰ ਹਨ। ਮੁੱਖ ਮੰਤਰੀ ਨੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਯਾਦ ਕਰਦਿਆਂ ਉਨ੍ਹਾਂ ਬਾਰੇ ਕਿਤਾਬ ਵੀ ਰਿਲੀਜ਼ ਕੀਤੀ। ਇਸ ਦੌਰਾਨ ਸਕੂਲੀ ਬੱਚਿਆਂ ਵੱਲੋਂ ਕੀਤੀਆਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਤੋਂ ਪਹਿਲਾਂ ਓਲੰਪੀਅਨ ਬਲਜੀਤ ਢਿੱਲੋਂ ਅਤੇ ਮਨਜੀਤ ਕੌਰ ਮਸ਼ਾਲ ਲੈ ਕੇ ਆਏ ਅਤੇ ਓਲੰਪੀਅਨ ਗੁਰਜੀਤ ਕੌਰ ਨੇ ਸਟੇਜ ‘ਤੇ ਮਸ਼ਾਲ ਜਗਾਈ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੌੜੇਮਾਜਰਾ, ਅਮਨ ਅਰੋੜਾ, ਡਾ. ਬਲਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਜੀਤ ਕੌਰ, ਗੁਰਮੀਤ ਸਿੰਘ ਖੁੱਡੀਆਂ, ਬ੍ਰਹਮ ਸ਼ੰਕਰ ਜਿੰਪਾ ਵੀ ਹਾਜ਼ਰ ਸਨ।
ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ
ਬਠਿੰਡਾ : ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2’ ਦੇ ਉਦਘਾਟਨ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਠਿੰਡਾ ਵਿਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਕਾਲ਼ੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ। ਮਾਨ ਦੀ ਆਮਦ ਵਾਲੇ ਸਥਾਨ ਵੱਲ ਬੀਬੀ ਵਾਲਾ ਚੌਕ ਤੋਂ ਵਿਰੋਧ ਕਰਦੇ ਹੋਏ ਜਿਉਂ ਹੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਵਰਕਰ ਤੁਰੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਡੀਏਵੀ ਕਾਲਜ ਦੇ ਗੇਟ ਅੱਗੇ ਬੈਰੀਕੇਡ ਲਾ ਕੇ ਘੇਰ ਲਿਆ। ਮਾਰਚ ‘ਚ ਸ਼ਾਮਲ ਮੋਰਚੇ ਦੇ ਸੂਬਾਈ ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਕਾਇਮ ਕਰਕੇ ਸਮਾਂ ਲੰਘਾ ਰਹੀ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 15-20 ਸਾਲਾਂ ਦੇ ਲੰਬੇ ਅਰਸੇ ਤੋਂ ਨਿਗੂਣੀਆਂ ਤਨਖਾਹਾਂ ਦੇ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ ‘ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ, 15ਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ, ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਠੇਕਾ ਮੁਲਾਜ਼ਮਾਂ ਦੇ ਵਾਰਸਾਂ ਨੂੰ ਘੱਟੋ-ਘੱਟ ਪੰਜਾਹ ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …