ਹਰਿਆਣਾ ਦੇ ਭਿਵਾਨੀ ’ਚ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਪਾਰਟੀ ਵਰਕਰਾਂ ਨੂੰ ਕੀਤਾ ਸੰਬੋਧਨ
ਭਿਵਾਨੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਰਿਆਣਾ ਦੇ ਭਿਵਾਨੀ ਪਹੁੰਚੇ। ਇਸ ਮੌਕੇ ਭਿਵਾਨੀ ਦੀ ਅਨਾਜ ਮੰਡੀ ਵਿਚ ‘ਆਪ’ ਦੇ ਸਰਕਲ ਪੱਧਰ ਦੇ ਆਗੂਆਂ ਨੂੰ ਅਹੁਦਿਆਂ ਦੀ ਸਹੁੰ ਚੁਕਾਈ। ਇਸ ਮੌਕੇ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸੰਬੋਧਨ ਵੀ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਾਲੇ ਇਸ ਨੂੰ ਰੈਲੀ ਨਾ ਸਮਝਣ, ਇਹ ਤਾਂ ਵਲੰਟੀਅਰਾਂ ਦੀ ਬੈਠਕ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਅਤੇ ਪੰਜਾਬ ਵਿਚ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਹਾਂ ਸੂਬਿਆਂ ਵਿਚ ਬਿਨਾ ਬਿੱਲ ਦੇ 24 ਘੰਟੇ ਬਿਜਲੀ ਆਉਂਦੀ ਹੈ। ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ ’ਤੇ ਸਿਆਸੀ ਆਰੋਪ ਲਗਾਉਂਦਿਆਂ ਕਿਹਾ ਕਿ ਭਾਜਪਾ ਵਾਲਿਆਂ ਦੀ ਨੀਅਤ ਚੰਗੀ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕ ਦਰਿਆ ਹੈ ਅਤੇ ਦਰਿਆ ਆਪਣਾ ਰਾਹ ਖੁਦ ਬਣਾਉਂਦਾ ਹੈ। ਜ਼ਿਕਰਯੋਗ ਹੈ ਕਿ ਅਗਾਮੀ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਪੂਰੀ ਤਰ੍ਹਾਂ ਆਰੰਭ ਦਿੱਤੀਆਂ ਹਨ। ਇਸਦੇ ਚੱਲਦਿਆਂ ਕਈ ਸਿਆਸੀ ਪਾਰਟੀਆਂ ਵਲੋਂ ਗਠਜੋੜ ਕਰਕੇ ਭਾਜਪਾ ਦੀ ਅਗਵਾਈ ਵਾਲੇ ਗਠਜੋੜ ਨੂੰ ਚੁਣੌਤੀ ਦੇਣ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ।