27.2 C
Toronto
Sunday, October 5, 2025
spot_img
Homeਹਫ਼ਤਾਵਾਰੀ ਫੇਰੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਰੀਕਾ ਵਿਚ ਲਗਾਏਗੀ ਪ੍ਰੈੱਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਰੀਕਾ ਵਿਚ ਲਗਾਏਗੀ ਪ੍ਰੈੱਸ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਇਕ ਵਾਰ ਮੁੜ ਅਮਰੀਕਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਖੁਦ ਪ੍ਰਕਾਸ਼ਿਤ ਕਰਨ ਲਈ ਆਪਣੀ ਪ੍ਰੈੱਸ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰੈੱਸ ਕੈਲੀਫੋਰਨੀਆ ਦੇ ਟ੍ਰੇਸੀ ਸ਼ਹਿਰ ‘ਚ ਲਗਾਈ ਜਾਵੇਗੀ ਅਤੇ ਇਥੇ ਧਰਮ ਪ੍ਰਚਾਰ ਕੇਂਦਰ ਬਣਾਇਆ ਜਾਵੇਗਾ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ ਹੈ। ਇਸ ਦੌਰਾਨ ਮੁਲਾਜ਼ਮਾਂ ਨੂੰ 4 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿੱਚ ਮੀਟਿੰਗ ਦੀ ਪ੍ਰਧਾਨਗੀ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਵਰਗੀ ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਯੂਬਾਸਿਟੀ ਵਿੱਚ 14.5 ਏਕੜ ਜ਼ਮੀਨ ਦਿੱਤੀ ਗਈ ਸੀ, ਜਿੱਥੇ ਧਰਮ ਪ੍ਰਚਾਰ ਕੇਂਦਰ ਬਣਾ ਕੇ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਪਰਵਾਸੀ ਸਿੱਖ ਗਿਆਨ ਸਿੰਘ ਸੰਧੂ ਕੈਨੇਡਾ ਅਤੇ ਉੱਘੇ ਕਾਰੋਬਾਰੀ ਕਰਨੈਲ ਸਿੰਘ ਸੰਧੂ ਅਮਰੀਕਾ ਵੱਲੋਂ ਕੀਤੀ ਗਈ ਪੇਸ਼ਕਸ਼ ਅਨੁਸਾਰ ਕੈਲੇਫੋਰਨੀਆ ਦੇ ਟ੍ਰੇਸੀ ਵਿੱਚ ਵੀ ਸ਼੍ਰੋਮਣੀ ਕਮੇਟੀ ਦਾ ਇੱਕ ਕੇਂਦਰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਸਟਰੇਲੀਆ ਵਿੱਚ ਸੰਗਤ ਦੀ ਮੰਗ ਅਨੁਸਾਰ ਵਿਸ਼ੇਸ਼ ਬੱਸ ਵਿੱਚ ਮਰਿਆਦਾ ਅਨੁਸਾਰ ਸੁਸ਼ੋਭਿਤ ਕਰਕੇ 220 ਪਾਵਨ ਸਰੂਪ ਸੁਮੰਦਰੀ ਜਹਾਜ਼ ਰਾਹੀਂ ਭੇਜੇ ਜਾਣਗੇ।
ਅੰਤ੍ਰਿੰਗ ਕਮੇਟੀ ਦੇ ਹੋਰ ਫ਼ੈਸਲਿਆਂ ਬਾਰੇ ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ ਡਿਜੀਟਾਈਜ਼ ਕੀਤਾ ਜਾਵੇਗਾ ਅਤੇ ਇਸ ਲਾਇਬ੍ਰੇਰੀ ਦੀ ਇੱਕ ਵੱਖਰੀ ਵੈੱਬਸਾਈਟ ਤਿਆਰ ਕਰਕੇ ਉਸ ‘ਤੇ ਅਹਿਮ ਪੁਸਤਕਾਂ ਦੇ ਸਿਰਲੇਖ ਅਤੇ ਤਤਕਰੇ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸਿੱਖ ਇਤਿਹਾਸਕਾਰ ਸਵਰਨ ਸਿੰਘ ਚੂਸਲੇਵੜ੍ਹ ਦੋਵਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈਆਂ ਜਾਣਗੀਆਂ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਵਿਤਕਰੇਬਾਜੀ ਨੂੰ ਤੁਰੰਤ ਰੋਕਿਆ ਜਾਵੇ ਅਤੇ ਗੁਰਦੁਆਰਾ ਚੋਣਾਂ ਲਈ ਵੋਟਰ ਫਾਰਮ ਪੰਜਾਬੀ ਵਿਚ ਵੀ ਛਾਪੇ ਜਾਣ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਰਕਾਰੀ ਦਫ਼ਤਰਾਂ ਵਿਚ ਵੀ ਪੰਜਾਬੀ ਭਾਸ਼ਾ ਨੂੰ ਬਣਦੀ ਜਗ੍ਹਾ ਦਿੱਤੀ ਜਾਵੇ।
ਸੁੱਕੇ ਪ੍ਰਸ਼ਾਦਿਆਂ ਦੇ ਘਪਲੇ ਦੇ ਮਾਮਲੇ ‘ਚ ਹੋਰ ਮੁਲਾਜ਼ਮ ਬਹਾਲ : ਸ੍ਰੀ ਦਰਬਾਰ ਸਾਹਿਬ ਦੇ ਲੰਗਰ ਘਰ ਵਿੱਚ ਸੁੱਕੇ ਪ੍ਰਸ਼ਾਦਿਆਂ ਦੇ ਘਪਲੇ ਦੇ ਮਾਮਲੇ ਵਿੱਚ ਮੁਅੱਤਲ ਕੀਤੇ ਹੋਏ ਕਰਮਚਾਰੀਆਂ ਵਿੱਚੋਂ ਕੁਝ ਹੋਰਨਾਂ ਦੀਆਂ ਸੇਵਾਵਾਂ ਜੁਰਮਾਨੇ ਲਾਉਣ ਮਗਰੋਂ ਬਹਾਲ ਕਰ ਦਿੱਤੀਆਂ ਗਈਆਂ ਹਨ। ਫਿਲਹਾਲ ਸ਼੍ਰੋਮਣੀ ਕਮੇਟੀ ਵੱਲੋਂ ਇਸਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਪਰ ਮਿਲੀ ਜਾਣਕਾਰੀ ਦੇ ਮੁਤਾਬਕ ਇਸ ਮਾਮਲੇ ਵਿੱਚ ਹੁਣ ਸਿਰਫ਼ 6 ਕਰਮਚਾਰੀ ਬਾਕੀ ਰਹਿ ਗਏ ਹਨ, ਜਿਨ੍ਹਾਂ ਨੂੰ ਮੁਅੱਤਲ ਕੀਤਾ ਹੋਇਆ ਹੈ ਅਤੇ ਚਾਰਜਸ਼ੀਟ ਕੀਤਾ ਗਿਆ ਹੈ।

 

RELATED ARTICLES
POPULAR POSTS