ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਵੱਲੋਂ ‘ਇੱਕ ਦੇਸ਼, ਇੱਕ ਚੋਣ’ ਸਬੰਧੀ ਕੀਤੀ ਜਾ ਰਹੀ ਚਾਰਾਜੋਈ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਕੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ‘ਇੱਕ ਦੇਸ਼, ਇੱਕ ਚੋਣ’ ਦੀ ਨਹੀਂ ਸਗੋਂ ‘ਇੱਕ ਦੇਸ਼, ਇੱਕ ਸਿੱਖਿਆ’ ਤੇ ‘ਇੱਕ ਦੇਸ਼, ਇੱਕ ਇਲਾਜ’ ਦੀ ਜ਼ਰੂਰਤ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੇਜਰੀਵਾਲ ਨੇ ਹਰਿਆਣਾ ਦੇ ਭਿਵਾਨੀ ਵਿੱਚ ਆਨਾਜ ਮੰਡੀ ‘ਚ ਪਾਰਟੀ ਦੇ ਨਵੇਂ ਅਹੁਦੇਦਾਰਾਂ ਦੇ ਸਹੁੰ ਚੁੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ‘ਇੱਕ ਦੇਸ਼, ਇੱਕ ਸਿੱਖਿਆ’ ਨਾਲ ਅਮੀਰਾਂ ਤੇ ਗਰੀਬਾਂ ਦੇ ਬੱਚਿਆਂ ਨੂੰ ਬਰਾਬਰ ਸਿੱਖਿਆ ਦਿੱਤੀ ਜਾ ਸਕੇਗੀ। ਇਸੇ ਤਰ੍ਹਾਂ ‘ਇੱਕ ਦੇਸ਼, ਇੱਕ ਇਲਾਜ’ ਨਾਲ ਹਰ ਕਿਸੇ ਦਾ ਇਲਾਜ ਯਕੀਨੀ ਬਣਾਇਆ ਜਾ ਸਕੇਗਾ।
‘ਆਪ’ ਦੇ ਕੌਮੀ ਕਨਵੀਨਰ ਨੇ ਐਲਾਨ ਕੀਤਾ ਕਿ ਹਰਿਆਣਾ ਵਿੱਚ ‘ਆਪ’ ਦੀ ਸਰਕਾਰ ਬਣਨ ‘ਤੇ ਦਿੱਲੀ ਅਤੇ ਪੰਜਾਬ ਦੀ ਤਰਜ਼ ‘ਤੇ ਲੋਕਾਂ ਨੂੰ 24 ਘੰਟੇ ਮੁਫ਼ਤ ਬਿਜਲੀ ਸਪਲਾਈ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਬੱਚਿਆਂ ਨੂੰ ਵਧੀਆ ਸਿਹਤ ਤੇ ਸਿੱਖਿਆ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਸਿਹਤ ਤੇ ਸਿੱਖਿਆ ਸਹੂਲਤਾਂ ਦੇ ਕੇ ‘ਆਪ’ ਆਪਣਾ ਘਰ ਨਹੀਂ ਭਰ ਰਹੀ ਸਗੋਂ ਆਪਣੀ ਜ਼ਿੰਮੇਵਾਰੀ ਨਿਭਾਅ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਬਦਲਾਅ ਲਈ ‘ਆਪ’ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦਾ ਚੋਣ ਨਿਸ਼ਾਨ ਝਾੜੂ ਹੈ ਅਤੇ ਇਹੀ ਝਾੜੂ ਦਿੱਲੀ ਤੇ ਪੰਜਾਬ ਤੋਂ ਬਾਅਦ ਦੇਸ਼ ‘ਚੋਂ ਭਾਜਪਾ ਦਾ ਸਫਾਇਆ ਕਰੇਗਾ। ਮਾਨ ਨੇ ਕਿਹਾ ਕਿ ਹਰਿਆਣਾ ਤੇ ਪੰਜਾਬ ਇੱਕੋ ਭਾਂਡੇ ਵਿੱਚ ਪਾਣੀ ਪੀਂਦੇ ਹਨ। ਕੁਝ ਲੋਕਾਂ ਨੇ ਦੋਵਾਂ ਸੂਬਿਆਂ ਵਿੱਚ ਲਕੀਰ ਖਿੱਚ ਦਿੱਤੀ ਸੀ ਪਰ ਅੱਜ ਉਹ ਲਕੀਰ ਮਿੱਟ ਚੁੱਕੀ ਹੈ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …