Breaking News
Home / ਭਾਰਤ / ਆਮ ਆਦਮੀ ਪਾਰਟੀ ਜੋ ਕਹਿੰਦੀ ਹੈ, ਉਹ ਕਰਦੀ ਹੈ: ਕੇਜਰੀਵਾਲ

ਆਮ ਆਦਮੀ ਪਾਰਟੀ ਜੋ ਕਹਿੰਦੀ ਹੈ, ਉਹ ਕਰਦੀ ਹੈ: ਕੇਜਰੀਵਾਲ

ਸਿੱਖਿਆ, ਸਿਹਤ, ਰੁਜ਼ਗਾਰ, ਬਿਜਲੀ ਤੇ ਭ੍ਰਿਸ਼ਟਾਚਾਰ ਮੁਕਤ ਰਾਜਸਥਾਨ ਨਾਲ ਸਬੰਧਤ ਛੇ ਗਾਰੰਟੀਆਂ ਦਿੱਤੀਆਂ
ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਇਮਾਨਦਾਰ ਸਰਕਾਰ ਬਣਾਉਣ ਰਾਜਸਥਾਨ ਦੇ ਲੋਕ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜਸਥਾਨ ਦੇ ਜੈਪੁਰ ਸ਼ਹਿਰ ਪਹੁੰਚੇ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਸਿਰਫ਼ ਵਾਅਦੇ ਕਰਦੀਆਂ ਹਨ ਪਰ ‘ਆਪ’ ਜੋ ਕਹਿੰਦੀ ਹੈ ਉਹ ਕਰਦੀ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਤੇ ਪੰਜਾਬ ਦੇ ਲੋਕਾਂ ਨੂੰ ਜੋ ਗਾਰੰਟੀਆਂ ਦਿੱਤੀਆਂ ਸਨ, ਉਹ ਪਹਿਲ ਦੇ ਆਧਾਰ ‘ਤੇ ਪੂਰੀਆਂ ਕੀਤੀਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਰਾਜਸਥਾਨ ਦੇ ਲੋਕਾਂ ਨੂੰ ਸਿੱਖਿਆ, ਸਿਹਤ, ਰੁਜ਼ਗਾਰ, ਬਿਜਲੀ, ਭ੍ਰਿਸ਼ਟਾਚਾਰ ਮੁਕਤ ਰਾਜਸਥਾਨ ਨਾਲ ਸਬੰਧਤ ਛੇ ਗਾਰੰਟੀਆਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣ ਦਾ ਐਲਾਨ ਵੀ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਰਾਜਸਥਾਨ ਵਿੱਚ ‘ਆਪ’ ਦੀ ਸਰਕਾਰ ਬਣਨ ‘ਤੇ ਲੋਕਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕੀਤੇ ਜਾਣਗੇ ਅਤੇ 24 ਘੰਟੇ ਬਿਜਲੀ ਸਪਲਾਈ ਦੇ ਨਾਲ-ਨਾਲ ਹਰੇਕ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਸ਼ਹੀਦਾਂ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਵੀ ਕੀਤਾ।
‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੇਸ਼ ਵਾਸੀਆਂ ਨੂੰ ‘ਇਕ ਦੇਸ਼, ਇਕ ਚੋਣ’ ਦੇ ਨਾਮ ‘ਤੇ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ‘ਇਕ ਦੇਸ਼, ਇਕ ਚੋਣ’ ਦਾ ਆਮ ਲੋਕਾਂ ਨੂੰ ਕੋਈ ਲਾਭ ਨਹੀਂ ਹੋਵੇਗਾ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਰਾਜਸਥਾਨ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਨੂੰ ਵੋਟ ਪਾ ਕੇ ਸੂਬੇ ‘ਚ ਇਮਾਨਦਾਰ ਸਰਕਾਰ ਚੁਣਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 17 ਮਹੀਨੇ ਦੇ ਸੇਵਾਕਾਲ ਵਿੱਚ 650 ਮੁਹੱਲਾ ਕਲੀਨਿਕ ਖੋਲ੍ਹ ਦਿੱਤੇ ਗਏ ਜਿੱਥੇ 40 ਲੱਖ ਤੋਂ ਵੱਧ ਲੋਕਾਂ ਨੇ ਮੁਫ਼ਤ ਇਲਾਜ ਪ੍ਰਾਪਤ ਕੀਤਾ ਹੈ।
ਦਿੱਲੀ ਵਿੱਚ 10-12 ਲੱਖ ਨੌਜਵਾਨਾਂ ਨੂੰ ਅਤੇ ਪੰਜਾਬ ਵਿੱਚ 30,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਤੇ 28,000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਇੱਥੇ ਵੀ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਪਾਰਟੀ ਦੀ ਤਰਜੀਹ ਹੋਵੇਗੀ।

Check Also

ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ

ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …