ਭਾਜਪਾ ਤੋਂ ਇਲਾਵਾ ਕਾਂਗਰਸੀਆਂ ਦੇ ਕੰਮ ਵੀ ਡਟ ਕੇ ਕਰਨ?ਦਾ ਦਾਅਵਾ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਚ ਨਸ਼ਿਆਂ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਕਮਲ ਸ਼ਰਮਾ ਵੱਲੋਂ ਇਕ-ਦੂਜੇ ਵਿਰੁੱਧ ਕੀਤੀ ਬਿਆਨਬਾਜ਼ੀ ਤੋਂ ਬਚਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸੂਬੇ ਨੂੰ ਬਦਨਾਮ ਨਾ ਕੀਤਾ ਜਾਵੇ। ਉਹ ਨਕੋਦਰ ਨੇੜਲੇ ਪਿੰਡ ਸਰੀਂਹ ਵਿਚ ਬਿਸਤ ਦੋਆਬ ਨਹਿਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਬਾਦਲ ਨੇ ਦੋਹਾਂ ਆਗੂਆਂ ਦੇ ਬਿਆਨਾਂ ‘ਤੇ ਸਿੱਧੀ ਟਿੱਪਣੀ ਕਰਨ ਤੋਂ ਟਾਲਾ ਵਟਦਿਆਂ ਕਿਹਾ ਕਿ ਉਹ ਕਿਸੇ ਬਿਆਨਬਾਜ਼ੀ ਵਿੱਚ ਨਹੀਂ ਪੈਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਵਾਸਤੇ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਸ਼ਾ ਛੁਡਾਊ ਕੇਂਦਰ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਛੁਡਾਉਣ ਲਈ ਮਾਪਿਆਂ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਏਮਜ਼ ਦੇ ਸਰਵੇ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਸੂਬੇ ਦੀ 2.77 ਕਰੋੜ ਅਬਾਦੀ ਵਿੱਚੋਂ 0.06 ਫ਼ੀਸਦੀ ਲੋਕ ਹੀ ਨਸ਼ੇ ਕਰਦੇ ਹਨ ਜਦਕਿ ਉਨ੍ਹਾਂ ਦੀ ਟਿੱਪਣੀ ਨੂੰ ਰੱਦ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਕਮਲ ਸ਼ਰਮਾ ਨੇ ਕਿਹਾ ਸੀ ਕਿ ਉਹ ਅੰਕੜਿਆਂ ਵਿੱਚ ਨਹੀਂ ਪੈਣਾ ਚਾਹੁੰਦੇ ਪਰ ਸੂਬੇ ਵਿੱਚ ਸਭ ਤੋਂ ਵੱਧ ਨਸ਼ੇ ਹਨ।
ਭਾਜਪਾ ਵੱਲੋਂ ਅਕਾਲੀ ਦਲ ‘ਤੇ ਵਿਤਕਰੇਬਾਜ਼ੀ ਦੇ ਲਾਏ ਜਾ ਰਹੇ ਦੋਸ਼ਾਂ ਨੂੰ ਖ਼ਾਰਜ ਕਰਦਿਆਂ ਬਾਦਲ ਨੇ ਕਿਹਾ ਕਿ ਉਹ ਤਾਂ ਆਪਣੀ ਪਾਰਟੀ ਦੇ ਆਗੂਆਂ ਤੋਂ ਵੀ ਪਹਿਲਾਂ ਭਾਜਪਾ ਵਾਲਿਆਂ ਦਾ ਕੰਮ ਕਰਦੇ ਹਨ। ਉਨ੍ਹਾਂ ਕਿਹਾ, ”ਭਾਜਪਾ ਤਾਂ ਛੱਡੋ ਅਸੀਂ ਕਾਂਗਰਸੀਆਂ ਦਾ ਕੰਮ ਵੀ ਪਹਿਲ ਦੇ ਆਧਾਰ ‘ਤੇ ਕਰਦੇ ਹਾਂ। ਜਦੋਂ ਕੋਈ ਮੁੱਖ ਮੰਤਰੀ ਬਣ ਜਾਂਦਾ ਹੈ ਤਾਂ ਉਹ ਕਿਸੇ ਇਕ ਪਾਰਟੀ ਦਾ ਨਹੀਂ ਸਗੋਂ ਸਾਰਿਆ ਦਾ ਸਾਂਝਾ ਹੁੰਦਾ ਹੈ।” ਕੈਪਟਨ ਨੇ ਹਾਰ ਦੇ ਡਰੋਂ ਨਹੀਂ ਲੜੀ ਖਡੂਰ ਸਾਹਿਬ ਚੋਣ: ਖਡੂਰ ਸਾਹਿਬ ਉਪ ਚੋਣ ਵਿਚ ਹੋਈ ਜਿੱਤ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਖਡੂਰ ਸਾਹਿਬ ਬਾਰੇ ਪਹਿਲਾਂ ਹੀ ਸਰਵੇ ਕਰਵਾ ਕੇ ਜਾਣਕਾਰੀ ਹਾਸਲ ਕਰ ਲਈ ਸੀ ਕਿ ਕਾਂਗਰਸ ਉਥੋਂ ਬੁਰੀ ਤਰ੍ਹਾਂ ਹਾਰ ਰਹੀ ਹੈ। ਇਸ ਲਈ ਉਨ੍ਹਾਂ ਉਥੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬੇਅੰਤ ਸਿੰਘ ਸਰਕਾਰ ਸਮੇਂ ਸ਼੍ਰੋਮਣੀ ਅਕਾਲੀ ਦਲ ਨੇ ਅਜਨਾਲਾ ਤੇ ਗਿੱਦੜਬਾਹਾ ਦੀ ਉਪ ਚੋਣ ਜਿੱਤੀ ਸੀ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …