8 C
Toronto
Wednesday, May 13, 2026
spot_img
Homeਪੰਜਾਬਮਨਪ੍ਰੀਤ ਸਿੰਘ ਬਾਦਲ ਖਿਲਾਫ ਵੀ ਹੋ ਸਕਦੀ ਹੈ ਕਾਰਵਾਈ

ਮਨਪ੍ਰੀਤ ਸਿੰਘ ਬਾਦਲ ਖਿਲਾਫ ਵੀ ਹੋ ਸਕਦੀ ਹੈ ਕਾਰਵਾਈ

ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਖਿਲਾਫ ਕੀਤੀ ਜਾ ਰਹੀ ਹੈ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਵਿਜੀਲੈਂਸ ਵਲੋਂ ਕੀਤੀ ਜਾ ਰਹੀ ਜਾਂਚ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਕਿਸੇ ਸਮੇਂ ਵੀ ਸਾਬਕਾ ਮੰਤਰੀ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ। ਵਿਜੀਲੈਂਸ ਹੱਥ ਕੁੱਝ ਤਕਨੀਕੀ ਨੁਕਤੇ ਲੱਗੇ ਹਨ, ਜਿਨ੍ਹਾਂ ਨੇ ਜਾਂਚ ਨੂੰ ਕਾਨੂੰਨੀ ਤੌਰ ‘ਤੇ ਹੱਲਾਸ਼ੇਰੀ ਦਿੱਤੀ ਹੈ।
ਵਿਜੀਲੈਂਸ ਜਾਂਚ ‘ਚ ਬਠਿੰਡਾ ਵਿਕਾਸ ਅਥਾਰਿਟੀ ਦੇ ਸੀਨੀਅਰ ਅਧਿਕਾਰੀ ਵੀ ਨਿਸ਼ਾਨੇ ‘ਤੇ ਆ ਗਏ ਹਨ ਜਿਨ੍ਹਾਂ ਨੇ ਸਾਬਕਾ ਮੰਤਰੀ ਨੂੰ ਅਸਿੱਧੇ ਤਰੀਕੇ ਨਾਲ 1560 ਵਰਗ ਗਜ਼ ਦੇ ਦੋ ਪਲਾਂਟ ਦੇਣ ਵਿਚ ਭੂਮਿਕਾ ਨਿਭਾਈ ਹੈ। ਵੇਰਵਿਆਂ ਅਨੁਸਾਰ ਮਨਪ੍ਰੀਤ ਬਾਦਲ ਨੇ ਕਾਂਗਰਸ ਸਰਕਾਰ ਦੌਰਾਨ ਬਠਿੰਡਾ ਦੇ ਅਰਬਨ ਅਸਟੇਟ ਵਿਚ ਦੋ ਰਿਹਾਇਸ਼ੀ ਪਲਾਟ ਰਾਜੀਵ ਕੁਮਾਰ ਅਤੇ ਵਿਕਾਸ ਕੁਮਾਰ ਤੋਂ ਖ਼ਰੀਦੇ ਸਨ।
ਬਠਿੰਡਾ ਵਿਕਾਸ ਅਥਾਰਿਟੀ ਤੋਂ ਪਲਾਟ ਖ਼ਰੀਦਣ ਲਈ ਵਿਕਾਸ ਤੇ ਰਾਜੀਵ ਨੇ 27 ਸਤੰਬਰ 2021 ਨੂੰ ਆਨਲਾਈਨ ਬੋਲੀ ਦਿੱਤੀ ਸੀ। ਬੋਲੀ ਵਿਚ ਅਮਨਦੀਪ ਨਾਂ ਦੇ ਤੀਜੇ ਵਿਅਕਤੀ ਨੇ ਵੀ ਸ਼ਮੂਲੀਅਤ ਕੀਤੀ ਸੀ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬੋਲੀਕਾਰਾਂ ਨੇ ਇੱਕੋ ਕੰਪਿਊਟਰ ਤੋਂ ਬੋਲੀ ਦਿੱਤੀ। ਰਾਜੀਵ ਤੇ ਵਿਕਾਸ ਦੇ ਬੋਲੀ ਵਿਚ ਸ਼ਮੂਲੀਅਤ ਲਈ ਐਡਵਾਂਸ ਰਾਸ਼ੀ ਦੇ ਚਲਾਨ ਵੀ ਇੱਕੋ ਸੀਰੀਅਲ ਨੰਬਰ ਵਾਲੇ ਸਨ।
ਜਾਂਚ ਅਨੁਸਾਰ ਬੋਲੀ ਫਾਈਨਲ ਹੋਣ ਤੋਂ ਬਾਅਦ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੇ 30 ਸਤੰਬਰ 2021 ਨੂੰ ਰਾਜੀਵ ਤੇ ਵਿਕਾਸ ਨਾਲ ਦੋਵੇਂ ਪਲਾਟ ਖ਼ਰੀਦਣ ਦਾ ਐਗਰੀਮੈਂਟ ਕਰ ਲਿਆ ਅਤੇ 4 ਅਕਤੂਬਰ ਨੂੰ ਦੋਵਾਂ ਦੇ ਖਾਤਿਆਂ ਵਿਚ ਕਰੀਬ ਇੱਕ ਕਰੋੜ ਦੀ ਰਾਸ਼ੀ ਵੀ ਟਰਾਂਸਫ਼ਰ ਕਰ ਦਿੱਤੀ। ਖਾਤਿਆਂ ਵਿਚ ਇਹ ਰਾਸ਼ੀ ਆਉਣ ਮਗਰੋਂ 5 ਅਕਤੂਬਰ ਨੂੰ ਰਾਜੀਵ ਤੇ ਵਿਕਾਸ ਨੇ ਬਠਿੰਡਾ ਵਿਕਾਸ ਅਥਾਰਿਟੀ ਕੋਲ ਪਹਿਲੀ ਕਿਸ਼ਤ ਦੀ 25 ਫ਼ੀਸਦੀ ਰਾਸ਼ੀ ਜਮ੍ਹਾਂ ਕਰਾ ਦਿੱਤੀ। ਵਿਜੀਲੈਂਸ ਅਧਿਕਾਰੀ ਦਾ ਕਹਿਣਾ ਹੈ ਕਿ ਮਨਪ੍ਰੀਤ ਵੱਲੋਂ ਟਰਾਂਸਫ਼ਰ ਕੀਤੀ ਰਾਸ਼ੀ ਹੀ ਅੱਗੇ ਵਿਕਾਸ ਤੇ ਰਾਜੀਵ ਨੇ ਬਠਿੰਡਾ ਵਿਕਾਸ ਅਥਾਰਿਟੀ ਕੋਲ ਜਮ੍ਹਾਂ ਕਰਾਈ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਸਭ ਕੁਝ ਮਿਲ ਮਿਲਾ ਕੇ ਹੀ ਚੱਲ ਰਿਹਾ ਸੀ।
ਰਾਜੀਵ ਤੇ ਵਿਕਾਸ ਤੇ ਖਾਤਿਆਂ ਵਿਚ ਅੱਗੇ ਪਿੱਛੇ ਕੋਈ ਪੈਸਾ ਨਹੀਂ ਆਇਆ ਸੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਦਰਮਿਆਨ ਸ਼ਬਦੀ ਜੰਗ ਵੀ ਚੱਲੀ ਹੈ ਅਤੇ ਮਨਪ੍ਰੀਤ ਬਾਦਲ ਆਖ ਚੁੱਕੇ ਹਨ ਕਿ ਪੰਜਾਬ ਸਰਕਾਰ ਸਿਆਸੀ ਬਦਲਾਖੋਰੀ ਤਹਿਤ ਜਾਂਚ ਕਰ ਰਹੀ ਹੈ, ਜਿਸ ਵਿਚ ਕੋਈ ਸੱਚਾਈ ਨਹੀਂ ਹੈ।

 

RELATED ARTICLES
POPULAR POSTS