ਸੀਬੀਆਈ ਨੇ ਸੰਮਨ ਜਾਰੀ ਕਰਕੇ ਪੰਜਾਬ ਦੇ 10 ਅਫ਼ਸਰਾਂ ਨੂੰ ਦਿੱਲੀ ਕੀਤਾ ਤਲਬ
ਸਿਸੋਦੀਆ ਨਾਲ ਜੁੜੇ ਸ਼ਰਾਬ ਘੋਟਾਲਾ ਮਾਮਲੇ ’ਚ ਦਰਜ ਹੋਣਗੇ ਬਿਆਨ
ਅੰਮਿ੍ਰਤਸਰ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਘੁਟਾਲਾ ਮਾਮਲੇ ’ਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸੰਮਨ ਜਾਰੀ ਕਰਕੇ ਪੰਜਾਬ ਐਕਸਾਈਜ ਐਂਡ ਟੈਕਸੇਸ਼ਨ ਵਿਭਾਗ ਦੇ 10 ਅਧਿਕਾਰੀਆਂ ਨੂੰ ਦਿੱਲੀ ਤਲਬ ਕੀਤਾ ਹੈ। ਉਨ੍ਹਾਂ ਨੂੰ ਬਿਆਨ ਦਰਜ ਕਰਵਾਉਣ ਲਈ ਦਿੱਲੀ ਬੁਲਾਇਆ ਗਿਆ ਹੈ। ਇਹ ਉਹੀ ਮਾਮਲਾ ਹੈ, ਜਿਸ ’ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮੁੱਖ ਆਰੋਪੀ ਬਣਾਇਆ ਗਿਆ ਹੈ। ਪੰਜਾਬ ਦੇ ਅਧਿਕਾਰੀਆਂ ਨੂੰ ਇਹ ਸੰਮਨ ਦਿੱਲੀ ’ਚ ਸੀਬੀਆਈ ਦੇ ਐਸਪੀ ਰਾਜੀਵ ਕੁਮਾਰ ਵੱਲੋਂ ਜਾਰੀ ਕੀਤੇ ਗਏ ਹਨ। ਸੰਮਨ ’ਚ ਪੰਜਾਬ ਦੇ ਅਧਿਕਾਰੀਆਂ ਨੂੰ ਆਪਣੇ ਬਿਆਨ ਦਰਜ ਕਰਵਾਉਣ ਦੇ ਲਈ ਸੋਮਵਾਰ ਅਤੇ ਮੰਗਲਵਾਰ ਨੂੰ ਰਾਜਧਾਨੀ ’ਚ ਸੀਬੀਆਈ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਆਈਪੀਸੀ ਦੀ ਧਾਰਾ 160 ਦੇ ਤਹਿਤ ਜਾਰੀ ਸੰਮਨ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਰਾਹੀਂ ਭੇਜੇ ਗਏ ਹਨ। ਧਿਆਨ ਰਹੇ ਕਿ ਲੰਘੇ ਦਿਨੀਂ ਬਠਿੰਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਸੰਸਦ ’ਚ ਪੰਜਾਬ ਦੀ ਐਕਸਾਈਜ਼ ਪਾਲਿਸੀ ’ਤੇ ਸਵਾਲ ਚੁੱਕੇ ਸਨ। ਉਨ੍ਹਾਂ ਨੇ ਸਦਨ ’ਚ ਇਸ ਪਾਲਿਸੀ ਨੂੰ ਦਿੱਲੀ ’ਚ ਜਾਂਚ ਕੀਤੀ ਜਾ ਰਹੀ ਪਾਲਿਸੀ ਦੇ ਬਰਾਬਰ ਹੀ ਦੱਸਿਆ ਸੀ। ਹਰਸਿਮਰਤ ਕੌਰ ਨੇ ਸਦਨ ’ਚ ਕਿਹਾ ਸੀ ਕਿ ਇਹ ਪਾਲਿਸੀ ਕੁੱਝ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਲਈ ਤਿਆਰ ਕੀਤੀ ਗਈ ਸੀ। ਸੰਸਦ ’ਚ ਬਹਿਸ ਦੌਰਾਨ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਪੰਜਾਬ ’ਚ ਕਥਿਤ ਸ਼ਰਾਬ ਘੁਟਾਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਇਸ ਨਾਲ ਸੂਬੇ ਦੇ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਗ੍ਰਹਿ ਮੰਤਰੀ ਦੇ ਕਹਿਣ ਤੋਂ ਬਾਅਦ ਉਨ੍ਹਾਂ ਇਸ ਸਬੰਧੀ ਇਕ ਰਿਪ੍ਰੈਜੈਂਟੇਸ਼ਨ ਵੀ ਦਿੱਤੀ ਸੀ।