ਫਿਰੋਜ਼ਪੁਰ ’ਚ ਬਣੇਗੀ ਸਾਰਾਗੜ੍ਹੀ ਦੀ ਜੰਗੀ ਯਾਦਗਾਰ
ਫਿਰੋਜ਼ਪੁਰ ’ਚ ਬਣੇਗੀ ਸਾਰਾਗੜ੍ਹੀ ਦੀ ਜੰਗੀ ਯਾਦਗਾਰ
ਭਲਕੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਰੱਖਣਗੇ ਨੀਂਹ ਪੱਥਰ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰਾਗੜ੍ਹੀ ਦੀ ਯਾਦਗਾਰ ਨੂੰ ਮੁਕੰਮਲ ਕਰੇਗੀ ਤਾਂ ਕਿ 21 ਬਹਾਦਰ ਸੈਨਿਕਾਂ ਵਲੋਂ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾ ਸਕੇ, ਜਿਨ੍ਹਾਂ ਨੇ ਸਾਰਾਗੜ੍ਹੀ ਦੀ ਜੰਗ ਵਿਚ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਕਰਦਿਆਂ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਇਹ ਜੰਗ ਬਹਾਦਰੀ ਦੀ ਲਾਮਿਸਾਲ ਗਾਥਾ ਹੈ। ਸੀਐਮ ਮਾਨ ਨੇ ਕਿਹਾ ਕਿ ਉਹ ਦੇਸ਼ ਦੇ ਬਹਾਦਰ ਸੈਨਿਕਾਂ ਵਲੋਂ ਕੀਤੀਆਂ ਮਹਾਨ ਕੁਰਬਾਨੀਆਂ ਦੇ ਸਦਾ ਹੀ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਜੰਗ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿਚ ਨਹੀਂ ਮਿਲਦੀ, ਪਰ ਪਿਛਲੀਆਂ ਸਰਕਾਰਾਂ ਨੇ ਇਸ ਇਤਿਹਾਸਕ ਘਟਨਾ ਨੂੰ ਅੱਖੋਂ ਪਰੋਖੇ ਕੀਤਾ ਅਤੇ ਇਸ ਯਾਦਗਾਰ ਲਈ ਫੰਡ ਜਾਰੀ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਅਸੀਂ ਬਕਾਇਆ ਫੰਡ ਜਾਰੀ ਕਰ ਦਿੱਤੇ ਹਨ ਅਤੇ ਹੁਣ ਇਸ ਯਾਦਗਾਰ ਨੂੰ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਫਿਰੋਜ਼ਪੁਰ ਇਸ ਯਾਦਗਾਰ ਦਾ ਨੀਂਹ ਪੱਥਰ ਰੱਖਣਗੇ ਅਤੇ ਇੱਥੇ ਹੌਲਦਾਰ ਇਸ਼ਰ ਸਿੰਘ ਦਾ ਬੁੱਤ ਵੀ ਲਗਾਇਆ ਜਾਵੇਗਾ।