ਕਿਹਾ : ਜੇ ਪੈਸੇ ਦੀ ਕਮੀ ਨਹੀਂ ਤਾਂ ਕਿਸਾਨਾਂ ਨੂੰ ਕਿਉਂ ਨਹੀਂ ਦਿੱਤਾ ਜਾ ਰਿਹੈ ਮੁਆਵਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਵਾਰ ਕੀਤਾ ਹੈ। ਉਨ੍ਹਾਂ ਕਿਹਾ ਭਗਵੰਤ ਮਾਨ ਅਕਸਰ ਰੈਲੀਆਂ ਦੌਰਾਨ ਇਹ ਗੱਲ ਕਹਿੰਦੇ ਹਨ ਕਿ ਪੰਜਾਬ ਦੇ ਖਜ਼ਾਨੇ ਵਿਚ ਪੈਸੇ ਦੀ ਕੋਈ ਕਮੀ ਨਹੀਂ, ਸਿਰਫ਼ ਨੀਤ ਸਾਫ਼ ਹੋਣੀ ਚਾਹੀਦੀ ਹੈ। ਸੁਖਪਾਲ ਖਹਿਰਾ ਨੇ ਆਪਣੇ ਟਵੀਟ ਵਿਚ ਲਿਖਿਆ ਕਿ ਜੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਇਸ ਗੱਲ ਦਾ ਦਾਅਵਾ ਕਰਦੇ ਹਨ ਕਿ ਪੰਜਾਬ ਦੇ ਖ਼ਜਾਨੇ ਵਿਚ ਪੈਸੇ ਦੀ ਕੋਈ ਕਮੀ ਨਹੀਂ ਹੈ ਤਾਂ ਫ਼ਿਰ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਦੀਆਂ ਬਰਬਾਦ ਹੋਈਆਂ ਤਿੰਨ ਫ਼ਸਲਾਂ ਮੁਆਵਜ਼ਾ ਹੁਣ ਤੱਕ ਕਿਉਂ ਨਹੀਂ ਦਿੱਤਾ? ਪਹਿਲਾਂ 2022 ਦੀ ਕਪਾਹ ਦੀ ਫ਼ਸਲ ਦਾ ਮੁਆਵਜ਼ਾ, ਫਿਰ 2023 ’ਚ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਮੁਆਵਜ਼ਾ ਅਤੇ ਹੁਣ ਹੜ੍ਹਾਂ ਕਾਰਨ 10 ਲੱਖ ਏਕੜ ਝੋਨੇ ਦੀ ਤਬਾਹ ਹੋਈ ਫਸਲ ਦਾ ਮੁਆਵਜ਼ਾ ਪੰਜਾਬ ਦੇ ਸਾਰੇ ਕਿਸਾਨਾਂ ਨੂੰ ਹੁਣ ਤੱਕ ਨਹੀਂ ਮਿਲਿਆ? ਖਹਿਰਾ ਨੇ ਅੱਗੇ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਪੰਜਾਬ ਸਿਰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ, ਜਿਸ ਵਿਚ ਪਿਛਲੇ ਵਿੱਤੀ ਵਰ੍ਹੇ ਦੌਰਾਨ ਆਮ ਆਦਮੀ ਪਾਰਟੀ ਨੇ ਹੋਰ ਵਾਧਾ ਕਰ ਦਿੱਤਾ ਹੈ।