-1.4 C
Toronto
Sunday, December 7, 2025
spot_img
Homeਪੰਜਾਬਪੰਜਾਬ ਨੂੰ ਆਲਮੀ ਸੈਰ-ਸਪਾਟਾ ਕੇਂਦਰ ਬਣਾਵਾਂਗੇ : ਭਗਵੰਤ ਮਾਨ

ਪੰਜਾਬ ਨੂੰ ਆਲਮੀ ਸੈਰ-ਸਪਾਟਾ ਕੇਂਦਰ ਬਣਾਵਾਂਗੇ : ਭਗਵੰਤ ਮਾਨ

‘ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਸਰਕਾਰ’
ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਸੂਬੇ ਨੂੰ ਆਲਮੀ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਮੁਹਾਲੀ ਵਿਚ ਪਹਿਲੇ ਸੈਰ-ਸਪਾਟਾ ਸੰਮੇਲਨ ਅਤੇ ਟਰੈਵਲ ਮਾਰਟ ਦੇ ਸੋਮਵਾਰ ਨੂੰ ਉਦਘਾਟਨੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਸਰਕਾਰਾਂ ਨੂੰ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਲੋਕਾਂ ਦੀਆਂ ਦੁਆਵਾਂ ਅਤੇ ਸ਼ੁੱਭ ਕਾਮਨਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪੰਜਾਬ ਦੀ ਧਰਤੀ ਸਭ ਤੋਂ ਵੱਧ ਜ਼ਰਖੇਜ਼ ਹੈ ਅਤੇ ਇਸ ਧਰਤੀ ‘ਤੇ ਨਫ਼ਰਤ ਦੇ ਬੀਜ ਤੋਂ ਸਿਵਾਏ ਕੁੱਝ ਵੀ ਬੀਜਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ,”ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ‘ਚ ਟੀਕੇ ਦੀ ਬਜਾਏ ਟਿਫਿਨ ਦੇਣਾ ਚਾਹੁੰਦੀ ਹੈ ਤਾਂ ਜੋ ਨਸ਼ਿਆਂ ਤੋਂ ਛੁਟਕਾਰਾ ਪਾਇਆ ਜਾ ਸਕੇ। ਸੈਰ-ਸਪਾਟਾ ਨੂੰ ਹੁਲਾਰਾ ਦੇ ਕੇ ਇਸ ਨੇਕ ਕੰਮ ‘ਚ ਯੋਗਦਾਨ ਪਾਇਆ ਜਾ ਸਕਦਾ ਹੈ ਕਿਉਂਕਿ ਇਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ।”
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਵਿੱਚ 50840 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਟਾਟਾ ਸਟੀਲ ਨੇ ਜਮਸ਼ੇਦਪੁਰ ਤੋਂ ਬਾਅਦ ਸਭ ਤੋਂ ਵੱਡਾ ਨਿਵੇਸ਼ ਪੰਜਾਬ ਵਿੱਚ ਕੀਤਾ ਹੈ। ਇਸ ਤੋਂ ਇਲਾਵਾ ਜਿੰਦਲ ਸਟੀਲ, ਵਰਬਿਓ, ਕਲਾਸ, ਟੈਫੇ, ਹਿੰਦੁਸਤਾਨ ਲਿਵਰ ਤੇ ਹੋਰ ਕੰਪਨੀਆਂ ਵੀ ਸੂਬੇ ਵਿੱਚ ਨਿਵੇਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਦੇ 2.25 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਐੱਮਓਯੂ ਸੱਤਾ ਵਿਚਲੇ ਰਸੂਖ਼ਦਾਰ ਪਰਿਵਾਰਾਂ ਨਾਲ ਹੁੰਦੇ ਸਨ ਪਰ ਹੁਣ ਇਹ ਸਮਝੌਤੇ ਪੰਜਾਬ ਅਤੇ ਪੰਜਾਬ ਵਾਸੀਆਂ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਨਅਤਕਾਰ ਨੂੰ ਯੂਨਿਟ ਸਥਾਪਿਤ ਕਰਨ ਲਈ ਕੰਮ ਵਾਲੇ 15 ਦਿਨਾਂ ਦੇ ਅੰਦਰ-ਅੰਦਰ ਸਾਰੇ ਵਿਭਾਗਾਂ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਪਹਿਲਕਦਮੀ ਨਾਲ ਵੱਡੀ ਗਿਣਤੀ ਵਿੱਚ ਸੈਲਾਨੀ ਸੂਬੇ ਵੱਲ ਖਿੱਚੇ ਆਉਣਗੇ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਰੋਜ਼ਾਨਾ ਇਕ ਲੱਖ ਸ਼ਰਧਾਲੂ ਦਰਸ਼ਨਾਂ ਲਈ ਆਉਂਦੇ ਹਨ ਅਤੇ ਹੁਣ ਸੂਬਾ ਸਰਕਾਰ ਦਾ ਧਿਆਨ ਹੋਰ ਥਾਵਾਂ ਦੇ ਵਿਸ਼ੇਸ਼ ਪਹਿਲੂਆਂ ਨੂੰ ਉਜਾਗਰ ਕਰਨ ‘ਤੇ ਹੈ। ‘ਸੂਬੇ ਦੇ ਹਰੇਕ ਪਿੰਡ ‘ਚ ਸ਼ਹੀਦਾਂ ਦੇ ਨਾਮ ‘ਤੇ ਕੋਈ ਨਾ ਕੋਈ ਸਥਾਨ ਬਣਿਆ ਹੋਇਆ ਹੈ ਜਿਨ੍ਹਾਂ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ‘ਚ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ। ਪੰਜਾਬ ਗੁਰੂਆਂ, ਫਕੀਰਾਂ, ਸ਼ਹੀਦਾਂ ਅਤੇ ਕਵੀਆਂ ਦੀ ਪਵਿੱਤਰ ਧਰਤੀ ਹੈ। ਪੰਜਾਬੀ ਆਲਮੀ ਨਾਗਰਿਕ ਹਨ ਜਿਨ੍ਹਾਂ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਪੂਰੀ ਦੁਨੀਆ ‘ਚ ਆਪਣਾ ਲੋਹਾ ਮਨਵਾਇਆ ਹੈ। ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਕਾਰਨ ਪੰਜਾਬੀ ਹਰ ਖੇਤਰ ‘ਚ ਅੱਗੇ ਵੱਧ ਰਹੇ ਹਨ। ਪੰਜਾਬੀ ਇੰਨੇ ਦਿਆਨਤਦਾਰ ਹਨ ਕਿ ਹਰ ਸੰਕਟ ਦੀ ਘੜੀ ‘ਚ ਉਹ ਸਹਾਇਤਾ ਕਰਨ ਲਈ ਤਿਆਰ ਰਹਿੰਦੇ ਹਨ।’ ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿੱਚ 50 ਤੋਂ 100 ਏਕੜ ਜ਼ਮੀਨ ਵਿੱਚ ‘ਸੈਲੀਬ੍ਰੇਸ਼ਨ ਡੈਸਟੀਨੇਸ਼ਨ’ ਦੀ ਸਥਾਪਨਾ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਖ਼ੁਸ਼ੀ ਦੇ ਮੌਕੇ ਜਸ਼ਨ ਮਨਾਉਣ ਲਈ ਇਸ ਸੈਲੀਬ੍ਰੇਸ਼ਨ ਪੁਆਇੰਟ ‘ਤੇ ਬੈਂਕੁਇਟ ਹਾਲਾਂ ਦਾ ਨਿਰਮਾਣ ਕੀਤਾ ਜਾਵੇਗਾ। ਸੂਬੇ ਵਿੱਚ ਈਕੋ-ਟੂਰਿਜ਼ਮ ਨੂੰ ਵੀ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਕਿਉਂ ਜੋ ਸੂਬੇ ਨੂੰ ਕੁਦਰਤੀ ਸੌਗਾਤਾਂ ਦੀ ਬਖ਼ਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਚਮਰੋੜ ਪੱਤਣ ਵਰਗੀਆਂ ਥਾਵਾਂ ਨੂੰ ਵੀ ਵਿਕਸਤ ਕਰਨ ਸਮੇਤ ਫ਼ਿਲਮਾਂ ਦੀ ਸ਼ੂਟਿੰਗ, ਪੋਸਟ-ਪ੍ਰੋਡਕਸ਼ਨ ਅਤੇ ਫ਼ਿਲਮਾਂ ਰਿਲੀਜ਼ ਕਰਨ ਲਈ ਪੰਜਾਬ ਵਿੱਚ ਫ਼ਿਲਮ ਸਿਟੀ ਵਿਕਸਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦੇਸ਼ ਵਿੱਚ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਿਆ ਜਾਵੇਗਾ। ਮੈਡੀਕਲ ਕਾਲਜਾਂ ਵਿੱਚ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਲੋਕਾਂ ਨੂੰ ਇਲਾਜ ਤੇ ਜਾਂਚ ਦੀਆਂ ਬਿਹਤਰ ਸੇਵਾਵਾਂ ਦਿੱਤੀਆਂ ਜਾਣਗੀਆਂ।

 

RELATED ARTICLES
POPULAR POSTS