ਕਿਹਾ : ਮਾਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਕਾਰੋਬਾਰੀ ਦੂਜੇ ਰਾਜਾਂ ਦਾ ਕਰ ਰਹੇ ਨੇ ਰੁਖ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਹੱਕ ਵਿਚ ਨਿੱਤਰਦੇ ਹੋਏ ਨਜ਼ਰ ਆਏ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਉਦਯੋਗਪਤੀ ਅਤੇ ਕਾਰੋਬਾਰੀ ਦੂਜੇ ਰਾਜਾਂ ਦਾ ਰੁਖ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਮਾਨ ਸਰਕਾਰ ਨੂੰ ਉਦਯੋਗਪਤੀਆਂ ਲਈ ਕਾਰਖਾਨਿਆਂ ਨੂੰ ਦਿੱਤੀ ਜਾਣ ਵਾਲੀ ਉਚ ਦਰਾਂ ਵਾਲੀ ਬਿਜਲੀ ਦਰਾਂ ਵਿਚ ਕਟੌਤੀ ਕਰਨੀ ਚਾਹੀਦੀ ਹੈ। ਦੂਜਾ ਸੂਬੇ ਅੰਦਰ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਕਾਰਨ ਵੀ ਵਪਾਰੀ ਨਾਰਾਜ਼ ਹਨ, ਜਿਸ ਵਿਚ ਪੰਜਾਬ ਸਰਕਾਰ ਨੂੰ ਜਲਦੀ ਤੋਂ ਜਲਦੀ ਸੁਧਾਰ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਵਪਾਰੀਆਂ ਅਤੇ ਆਮ ਜਨਤਾ ’ਤੇ ਪਏ ਵਿੱਤੀ ਬੋਝ ਨੂੰ ਘੱਟ ਕਰਨ ਦੇ ਲਈ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਪੰਜ ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰੇ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਉਚ ਬਿਜਲੀ ਦਰਾਂ ਅਤੇ ਪੈਟਰੋਲ ਅਤੇ ਡੀਜ਼ਲ ’ਤੇ ਵਾਧੂ ਵੈਟ ਕਾਰਨ ਵਪਾਰੀਆਂ ਅਤੇ ਆਮ ਜਨਤਾ ’ਤੇ ਅਸਰ ਪੈ ਰਿਹਾ ਅਤੇ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਵਪਾਰੀਆਂ ਦੇ ਸਮਰਥਨ ’ਚ ਆ ਕੇ ਉਨ੍ਹਾਂ ’ਤੇ ਪਏ ਵਿੱਤੀ ਬੋਝ ਨੂੰ ਘੱਟ ਕਰਨ ਲਈ ਠੋਸ ਕਦਮ ਚੁੱਕੇ।