ਕਾਂਗਰਸੀ ਆਗੂ ਨੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋ ਕੇ ਲੜਾਈ ਲੜਨ ਦਾ ਦਿੱਤਾ ਸੱਦਾ
ਮੋਗਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਕਮੇਟੀ ਵਲੋਂ ਅੱਜ ਮੋਗਾ ’ਚ ਨਸ਼ਿਆਂ ਖਿਲਾਫ਼ ਇਕ ਸੂਬਾ ਪੱਧਰੀ ਰੈਲੀ ਕੀਤੀ ਗਈ। ਇਸ ਰੈਲੀ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ ਅਤੇ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਸਮੇਤ ਹੋਰਨਾਂ ਆਗੂਆਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਦੇ ਰਾਜ ਵਿਚ ਚਿੱਟਾ ਨਸ਼ਾ ਇਸ ਕਦਰ ਵਿਕ ਰਿਹਾ ਹੈ ਕਿ ਹਰ ਰੋਜ਼ ਮਾਵਾਂ ਆਪਣੇ ਬੱਚਿਆਂ ਨੂੰ ਸ਼ਮਸ਼ਾਨ ਘਾਟ ਤੱਕ ਛੱਡਕੇ ਆਉਂਦੀਆਂ ਹਨ। ਜਦਕਿ ਭਗਵੰਤ ਸਰਕਾਰ ਪੁਰਾਣੇ ਤੇ ਸਫ਼ਲ ਸਕੂਲਾਂ ’ਤੇ ਕੂਚੀ ਫੇਰ ਕੇ ਐਮੀਨੈਂਸ ਦਾ ਲੇਬਲ ਲਾਉਣ ਵਿਚ ਲੱਗੀ ਹੋਈ ਹੈ ਅਤੇ ਚਿੱਟੇ ਦਾ ਦੈਂਤ ਲਗਾਤਾਰ ਸਾਡੇ ਨੌਜਵਾਨਾਂ ਨੂੰ ਨਿਗਲ ਰਿਹਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਹਿੱਕ ਥਾਪੜ ਕੇ ਕਿਹਾ ਸੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਤਿੰਨ ਮਹੀਨਿਆਂ ਵਿਚ ਪੰਜਾਬ ਨੂੰ ਨਸ਼ੇ ਤੋਂ ਮੁਕਤ ਕਰਵਾ ਦਿੱਤਾ ਜਾਵੇਗਾ। ਪ੍ਰੰਤੂ ਹੁਣ ਪੰਜਾਬ ਅੰਦਰ ਨਸ਼ੇ ਸ਼ਰ੍ਹੇਆਮ ਵਿਕ ਰਹੇ ਹਨ ਜਿਨ੍ਹਾਂ ’ਤੇ ਰੋਕ ਲਗਾਉਣ ’ਚ ਭਗਵੰਤ ਮਾਨ ਸਰਕਾਰ ਬਿਲਕੁਲ ਫੇਲ੍ਹ ਸਾਬਤ ਹੋਈ ਹੈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਸਮੂਹ ਸਰਪੰਚਾਂ, ਪੰਚਾਂ ਅਤੇ ਨੌਜਵਾਨ ਕਲੱਬਾਂ ਨੂੰ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਸਾਨੂੰ ਸਾਰਿਆਂ ਇਕਜੁੱਟ ਹੋ ਕੇ ਲੜਨਾ ਹੋਵੇਗਾ।