ਕਾਂਗਰਸ ਅਤੇ ਅਕਾਲੀ ਦਲ ਛੱਡ ਕੇ ਭਾਜਪਾ ’ਚ ਆਏ ਆਗੂਆਂ ਨੂੰ ਮਿਲੇ ਅਹੁਦੇ September 19, 2023 ਪੰਜਾਬ ਭਾਜਪਾ ਦੀ ਪਹਿਲੀ ਕਾਰਜਕਾਰਨੀ ਦਾ ਹੋਣ ਲੱਗਾ ਵਿਰੋਧ ਕਾਂਗਰਸ ਅਤੇ ਅਕਾਲੀ ਦਲ ਛੱਡ ਕੇ ਭਾਜਪਾ ’ਚ ਆਏ ਆਗੂਆਂ ਨੂੰ ਮਿਲੇ ਅਹੁਦੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਵਿਚ ਲੱਗੀਆਂ ਹੋਈਆਂ ਹਨ। ਪੰਜਾਬ ਭਾਜਪਾ ਨੇ ਵੀ ਆਪਣੀ ਪਹਿਲੀ ਕਾਰਜਕਾਰਨੀ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਕਾਰਜਕਾਰਨੀ ਵਿਚ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਅਤੇ ਬਾਅਦ ਵਿਚ ਕਾਂਗਰਸ ਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਵੱਡੇ-ਵੱਡੇ ਅਹੁਦੇ ਵੀ ਦਿੱਤੇ ਗਏ ਹਨ। ਕਾਂਗਰਸ ਅਤੇ ਅਕਾਲੀ ਦਲ ਵਿਚੋਂ ਭਾਜਪਾ ਵਿਚ ਆਏ ਸਾਰੇ ਆਗੂਆਂ ਨੂੰ ਮੁੱਖ ਜ਼ਿੰਮੇਵਾਰੀਆਂ ਦਿੱਤੇ ਜਾਣ ਤੋਂ ਬਾਅਦ ਭਾਜਪਾ ਦੇ ਪੁਰਾਣੇ ਆਗੂ ਨਰਾਜ਼ ਹੋਣ ਲੱਗ ਪਏ ਹਨ। ਇਸਦੇ ਚੱਲਦਿਆਂ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਅਤੇ ਕੁਝ ਹੋਰ ਆਗੂਆਂ ਨੇ ਇਸ ’ਤੇ ਇਤਰਾਜ਼ ਕੀਤਾ ਹੈ। ਧਿਆਨ ਰਹੇ ਕਿ ਕਾਂਗਰਸ ਵਿਚੋਂ ਭਾਜਪਾ ’ਚ ਆਏ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਬੇਟੀ ਜੈਇੰਦਰ ਕੌਰ ਨੂੰ ਵੀ ਵੱਡੇ ਅਹੁਦੇ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਕਾਂਗਰਸ ਵਿਚੋਂ ਭਾਜਪਾ ਵਿਚ ਸ਼ਾਮਲ ਹੋਏ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਹੈ ਅਤੇ ਉਨ੍ਹਾਂ ਨੇ ਹੀ ਪਹਿਲੀ ਕਾਰਜਕਾਰਨੀ ਦੀ ਸੂਚੀ ਜਾਰੀ ਕੀਤੀ ਹੈ। ਇਸ ਕਾਰਜਕਾਰਨੀ ਵਿਚ ਕੈਪਟਨ ਅਮਰਿੰਦਰ ਸਿੰਘ, ਰਾਣਾ ਗੁਰਮੀਤ ਸਿੰਘ ਸੋਢੀ, ਮਨਪ੍ਰੀਤ ਸਿੰਘ ਬਾਦਲ, ਕੇਵਲ ਸਿੰਘ ਢਿੱਲੋਂ, ਬਲਬੀਰ ਸਿੰਘ ਸਿੱਧੂ, ਗੁਰਮੀਤ ਸਿੰਘ ਕਾਂਗੜ ਅਤੇ ਰਾਜ ਕੁਮਾਰ ਵੇਰਕਾ ਸ਼ਾਮਲ ਸਨ ਅਤੇ ਇਹ ਸਾਰੇ ਕਾਂਗਰਸ ਸਰਕਾਰ ਸਮੇਂ ਮੰਤਰੀ ਸਨ ਅਤੇ ਹੁਣ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਇਸੇ ਤਰ੍ਹਾਂ ਅਕਾਲੀ ਦਲ ਵਿਚੋਂ ਭਾਜਪਾ ਵਿਚ ਸ਼ਾਮਲ ਹੋਏ ਚਰਨਜੀਤ ਸਿੰਘ ਅਟਵਾਲ ਅਤੇ ਅਮਨਜੋਤ ਕੌਰ ਰਾਮੂਵਾਲੀਆ ਨੂੰ ਕੋਰ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਨੂੰ ਲੈ ਕੇ ਭਾਜਪਾ ਦੇ ਪੁਰਾਣੇ ਆਗੂਆਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। 2023-09-19 Parvasi Chandigarh Share Facebook Twitter Google + Stumbleupon LinkedIn Pinterest