ਪੀਐਮ ਨੂੰ ਹੁਣ ਲੋਕ ਪੁੱਛਣਗੇ ਕਿ ਅੱਛੇ ਦਿਨ ਕਦੋਂ ਆਉਣਗੇ : ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਕਸਿਆ ਤਨਜ਼
ਕਿਹਾ : ਪੀਐਮ ਨੂੰ ਹੁਣ ਲੋਕ ਪੁੱਛਣਗੇ ਕਿ ਅੱਛੇ ਦਿਨ ਕਦੋਂ ਆਉਣਗੇ
ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਫਿਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤਨਜ਼ ਕਸਿਆ ਹੈ। ਉਨ੍ਹਾਂ ਕਿਹਾ ਕਿ 6 ਤੋਂ 8 ਮਹੀਨਿਆਂ ਵਿਚ ਪ੍ਰਧਾਨ ਮੰਤਰੀ ਬਦਲ ਜਾਣਗੇ। ਪਰ ਜਦੋਂ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਵਿਚ ਜਾਣਗੇ ਤਾਂ ਲੋਕ ਉਨ੍ਹਾਂ ਨੂੰ ਪੁੱਛਣਗੇ ਕਿ ਅੱਛੇ ਦਿਨ ਕਦੋਂ ਆਉਣ ਵਾਲੇ ਹਨ। ਧਿਆਨ ਰਹੇ ਕਿ ਭਗਵੰਤ ਮਾਨ ਮੱਧ ਪ੍ਰਦੇਸ਼ ਵਿਚ ਚੋਣ ਰੈਲੀਆਂ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਪੰਜਾਬ ਪਹੁੰਚੇ ਹਨ ਅਤੇ ਉਨ੍ਹਾਂ ਨੇ ਮੱਧ ਪ੍ਰਦੇਸ਼ ਵਿਚ ਵੀ ਪ੍ਰਧਾਨ ਮੰਤਰੀ ਮੋਦੀ ’ਤੇ ਅਜਿਹੇ ਤਨਜ ਕਸੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਇੰਡੀਆ ਨਾਮ ਦੇ ਗਠਜੋੜ ਤਹਿਤ ਵੱਖ-ਵੱਖ ਸੂਬਿਆਂ ਦਾ ਦੌਰਾ ਕਰ ਰਹੇ ਸਨ। ਇਸਦੇ ਚੱਲਦਿਆਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ ਤਲਖੀ ਵੀ ਵਧਦੀ ਜਾ ਰਹੀ ਹੈ। ਉਧਰ ਦੂਜੇ ਪਾਸੇ ‘ਇੰਡੀਆ’ ਨਾਮ ਦੇ ਗਠਜੋੜ ਤਹਿਤ ‘ਆਪ’ ਦਾ ਕਾਂਗਰਸ ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜਨ ਦਾ ਫੈਸਲਾ ਹੋ ਚੁੱਕਾ ਹੈ ਅਤੇ ਪੰਜਾਬ ਵਿਚ ਵੀ ‘ਆਪ’ ਅਤੇ ਕਾਂਗਰਸ ਵਿਚਾਲੇ ਗਠਜੋੜ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।