ਕੇਜਰੀਵਾਲ ‘ਤੇ ਕੀਤੇ ਤਿੱਖੇ ਹਮਲੇ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਤੋਂ ਸ਼੍ਰੋਮਣੀ ਅਕਾਲੀ ਦਲ ਫ਼ਿਕਰਮੰਦ ਹੈ। ਦਲ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਰਾਹੀਂ ਕੇਜਰੀਵਾਲ ਨੂੰ ਘੇਰਨ ਦਾ ਯਤਨ ਕੀਤਾ ਹੈ। ਇਸ ਦੌਰਾਨ ਹੀ ਜੀਕੇ ਨੇ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵੀ ’84 ਦੇ ਕਤਲੇਆਮ ਪੀੜਤਾਂ ਨੂੰ ਇਨਸਾਫ ਨਾ ਦੇਣ ਦੇ ਦੋਸ਼ ਲਾਏ।
ਉਨ੍ਹਾਂ ਕਿਹਾ ਕਿ ਸੀਬੀਆਈ ਵੱਲੋਂ ਜਗਦੀਸ਼ ਟਾਈਟਲਰ ਖਿਲਾਫ਼ ਕਲੋਜ਼ਰ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨਾ ਸਿੱਖਾਂ ਨਾਲ ਵਧੀਕੀ ਹੈ ਤੇ ਡੀਐਸਜੀਐਮਸੀ ਨੇ ਕੇਂਦਰੀ ਏਜੰਸੀ ਦੇ ਇਸ ਫੈਸਲੇ ਵਿਰੁੱਧ ਮੋਦੀ ਸਰਕਾਰ ਖਿਲਾਫ ਮੁਜ਼ਾਹਰਾ ਵੀ ਕੀਤਾ ਸੀ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਜੇਕਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੀ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਰਾਹਤ ਦੇਣ ਦੀ ਥਾਂ ਕਾਂਗਰਸ ਵਾਲਾ ਹੀ ਰਵੱਈਆ ਰੱਖਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਭਾਜਪਾ ਨਾਲੋਂ ਨਾਤਾ ਤੋੜ ਲੈਣਾ ਚਾਹੀਦਾ ਹੈ।ਡੀਐਸਜੀਐਮਸੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਦਿੱਲੀ ਸਰਕਾਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਸਿੱਧਾ ਨਿਸ਼ਾਨਾ ਸੇਧਦਿਆਂ ਉਨ੍ਹਾਂ ‘ਤੇ ਸਿੱਖ ਵਿਰੋਧੀ ਅਤੇ 1984 ਦੇ ਸਿੱਖ ਕਤਲੇਆਮ ਪੀੜਤਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ‘ਤੇ ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ ਬਚਾਉਣ ਦੇ ਦੋਸ਼ ਵੀ ਲਾਏ ਤੇ ਨਿਰੰਕਾਰੀਆਂ ਨਾਲ ਸਬੰਧਾਂ ਬਾਰੇ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ। ਜੀਕੇ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਆ ਕੇ ਨਸ਼ਿਆਂ ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਦੇ ਹਨ ਜਦੋਂ ਕਿ ਦਿੱਲੀ ਵਿੱਚ ਵੀ ਇਸ ਸਾਲ ਡੇਢ ਮਹੀਨੇ ਅੰਦਰ 420 ਵਿਅਕਤੀਆਂ ਦੀ ਮੌਤ ਨਸ਼ੇ ਕਾਰਨ ਹੀ ਹੋਈ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …