ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ
ਅਬੋਹਰ/ਬਿਊਰੋ ਨਿਊਜ਼ : ਪੰਜਾਬ ਅੰਦਰ ਅੱਜ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਇਕ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਅਰੁਣ ਨਾਰੰਗ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਰੁਣ ਨਾਰੰਗ ਦਾ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਰੁਣ ਨਾਰੰਗ ਨੂੰ ਪਾਰਟੀ ਵਿਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਧਿਆਨ ਰਹੇ ਕਿ ਅਰੁਣ ਨਾਰੰਗ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਦਿੱਗਜ਼ ਸਿਆਸਤਦਾਨ ਸੁਨੀਲ ਜਾਖੜ ਨੂੰ ਹਰਾ ਕੇ ਵਿਧਾਇਕ ਬਣੇ ਸਨ ਅਤੇ ਉਹ ਸਾਲ 2022 ਤੱਕ ਅਬੋਹਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਵਿਧਾਇਕ ਰਹੇ। ਅਰੁਣ ਨਾਰੰਗ ਕੋਲੋਂ ਹਾਰਨ ਵਾਲੇ ਸੁਨੀਲ ਜਾਖੜ ਅੱਜ ਕੱਲ੍ਹ ਪੰਜਾਬ ਭਾਜਪਾ ਦੇ ਪ੍ਰਧਾਨ ਹਨ ਅਤੇ ਸਿਆਸੀ ਮਾਹਰਾ ਅਨੁਸਾਰ ਭਾਜਪਾ ਹਾਈ ਕਮਾਂਡ ਵੱਲੋਂ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਭਾਜਪਾ ਦੇ ਪੁਰਾਣੇ ਆਗੂ ਨਾਰਾਜ਼ ਚੱਲ ਰਹੇ। ਸਿਆਸੀ ਹਲਕਿਆਂ ’ਚ ਚਰਚਾ ਹੈ ਕਿ ਅਰੁਣ ਨਾਰੰਗ ਨੇ ਇਸੇ ਨਾਰਾਜ਼ਗੀ ਦੇ ਚਲਦਿਆਂ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਆਖਦਿਆਂ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।