Breaking News
Home / ਕੈਨੇਡਾ / Front / ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਖਤਮ

ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਖਤਮ

ਕਰਮਚਾਰੀਆਂ ਦੀ ਤਨਖਾਹ ’ਚ 5 ਫੀਸਦੀ ਦਾ ਵਾਧਾ ਅਤੇ ਸਸਪੈਂਡ ਕਰਮਚਾਰੀ ਹੋਣਗੇ ਬਹਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਰੋਡਵੇਜ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਖਤਮ ਹੋ ਗਈ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਵਲੋਂ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਕੁਝ ਮੰਗਾਂ ਮੰਨ ਲਈਆਂ ਗਈਆਂ ਹਨ। ਜਦੋਂ ਕਿ ਕੁਝ ਮੰਗਾਂ ਦੇ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਨਾਲ 29 ਸਤੰਬਰ ਨੂੰ ਦੁਬਾਰਾ ਮੀਟਿੰਗ ਹੋਵੇਗੀ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਕੱਚੇ ਕਾਮਿਆਂ ਦੀ ਤਨਖਾਹ ਵਿਚ ਪੰਜ ਫੀਸਦੀ ਦਾ ਵਾਧਾ ਕਰਨ ਦੀ ਗੱਲ ਕਹੀ ਗਈ ਹੈ। ਇਸ ਤੋਂ ਇਲਾਵਾ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਤੋਂ ਬਾਅਦ ਜਿਨ੍ਹਾਂ ਡਰਾਈਵਰਾਂ, ਕੰਡਕਟਰਾਂ ਅਤੇ ਹੋਰ ਕਰਮਚਾਰੀਆਂ ਨੂੰ ਸਸਪੈਂਡ ਕੀਤਾ ਗਿਆ ਸੀ, ਉਨ੍ਹਾਂ ਨੂੰ ਵੀ ਅਗਲੇ 15 ਦਿਨਾਂ ਵਿਚ ਬਹਾਲ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਅੱਜ ਬੁੱਧਵਾਰ ਸਵੇਰ ਤੋਂ ਹੀ ਪੰਜਾਬ ਭਰ ਵਿਚ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਕਾਮੇ ਹੜਤਾਲ ’ਤੇ ਸਨ। ਇਸਦੇ ਚੱਲਦਿਆਂ 2800 ਦੇ ਕਰੀਬ ਬੱਸਾਂ ਦਾ ਚੱਕਾ ਜਾਮ ਰਿਹਾ ਅਤੇ ਸਵਾਰੀਆਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਪਹਿਲਾਂ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਨੂੰ ਬਦਲਾਅ ਦੇ ਨਾਮ ’ਤੇ ਵੋਟਾਂ ਪਾ ਕੇ ਪੰਜਾਬ ਵਿਚ ਬਹੁਮਤ ਨਾਲ ਜਿੱਤ ਦਿਵਾਉਣ ਵਾਲੇ ਕਰਮਚਾਰੀ ਅਤੇ ਆਮ ਲੋਕ ਹੁਣ ਖੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਵਰਗ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਕੀਤੀ ਗਈ ਹੜਤਾਲ ਨਾਲ ਆਮ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਹੋਈ ਅਤੇ ਨਿੱਜੀ ਕੰਪਨੀਆਂ ਦੀਆਂ ਬੱਸਾਂ ਨੂੰ ਵੱਡਾ ਫਾਇਦਾ ਹੋਇਆ ਹੈ।

Check Also

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ

ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ …