ਭਗਵੰਤ ਮਾਨ ਨੇ ਕਿਹਾ : ਕੇਂਦਰ ਸਰਕਾਰ ਕੋਲੋਂ ਰੂਰਲ ਡਿਵੈਲਪਮੈਂਟ ਫੰਡ ਜਾਰੀ ਕਰਵਾਓ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐਫ.) ਜਾਰੀ ਕਰਵਾਉਣ ਦੇ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਇਹ ਫੰਡ ਜਾਰੀ ਕਰਵਾਉਣ ਦੇ ਲਈ ਕੇਂਦਰ ਸਰਕਾਰ ਨੂੰ ਵੀ ਚਿੱਠੀ ਲਿਖ ਚੁੱਕੇ ਹਨ, ਪਰ ਅਜੇ ਤੱਕ ਇਹ ਫੰਡ ਜਾਰੀ ਨਹੀਂ ਹੋਇਆ ਹੈ। ਮੁੱਖ ਮੰਤਰੀ ਮਾਨ ਨੇ ਚਿੱਠੀ ਵਿਚ ਲਿਖਿਆ ਕਿ ਕੇਂਦਰ ਸਰਕਾਰ ਕੋਲ ਪੰਜਾਬ ਦਾ ਕੁੱਲ 5800 ਕਰੋੜ ਰੁਪਏ ਫੰਡ ਬਕਾਇਆ ਹੈ। ਇਸ ਵਿਚ ਇਕੱਲੇ ਆਰ.ਡੀ.ਐਫ. ਦਾ 4807 ਕਰੋੜ ਰੁਪਏ ਬਕਾਇਆ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀ ਸਰਬ ਪਾਰਟੀ ਮੀਟਿੰਗ ਦੌਰਾਨ ਪੰਜਾਬ ਦੇ ਰੋਕੇ ਗਏ ਰੂਰਲ ਡਿਵੈਲਪਮੈਂਟ ਫੰਡ ਦਾ ਮਾਮਲਾ ਉਠਾਇਆ ਸੀ। ਉਨ੍ਹਾਂ ਨੇ ਪੰਜਾਬ ਲਈ ਸਰਹੱਦੀ ਸੂਬਾ ਹੋਣ ਦੇ ਚੱਲਦਿਆਂ ਵਿਸ਼ੇਸ਼ ਪੈਕੇਜ਼ ਦੀ ਵੀ ਮੰਗ ਕੀਤੀ ਸੀ, ਪਰ ਉਨ੍ਹਾਂ ਨੂੰ ਵੀ ਕੇਂਦਰ ਸਰਕਾਰ ਵਲੋਂ ਕੋਈ ਜਵਾਬ ਨਹੀਂ ਮਿਲਿਆ ਸੀ। ਗੌਰਤਲਬ ਹੈ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਕੋਲੋਂ ਰੂਰਲ ਡਿਵੈਲਪਮੈਂਟ ਫੰਡ ਦੀ ਮੰਗ ਕਰ ਰਹੀ ਹੈ।