ਦਿੱਲੀ ਦੀ ਅਦਾਲਤ ਨੇ ਮੁਲਜ਼ਮਾਂ ਨੂੰ ‘ਸ਼ੱਕ ਦਾ ਲਾਭ’ ਦਿੱਤਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਵਿੱਚ ਹੋਏ ਸਿੱਖ ਵਿਰੋਧੀ ਕਤਲੇਆਮ ਦੌਰਾਨ ਇੱਕ ਵਿਅਕਤੀ ਦੀ ਹੱਤਿਆ ਨਾਲ ਸਬੰਧਤ ਮਾਮਲੇ ਵਿੱਚ ‘ਸ਼ੱਕ ਦਾ ਲਾਭ’ ਦਿੰਦਿਆਂ ਬਰੀ ਕਰ ਦਿੱਤਾ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਦੋ ਹੋਰ ਮੁਲਜ਼ਮਾਂ ਵੇਦ ਪ੍ਰਕਾਸ਼ ਪਿਆਲ ਅਤੇ ਬ੍ਰਹਮਾਨੰਦ ਗੁਪਤਾ ਨੂੰ ਵੀ ਇਹ ਕਹਿੰਦਿਆਂ ਬਰੀ ਕਰ ਦਿੱਤਾ ਕਿ ਇਸਤਗਾਸਾ ਪੱਖ ਉਨ੍ਹਾਂ ਖਿਲਾਫ ਹੱਤਿਆ ਦੇ ਦੋਸ਼ ਸਾਬਤ ਕਰਨ ਵਿੱਚ ਨਾਕਾਮ ਰਿਹਾ ਹੈ। ਸੁਲਤਾਨਪੁਰੀ ਵਿੱਚ ਵਾਪਰੀ ਇਸ ਘਟਨਾ ਦੌਰਾਨ ਸਿੱਖ ਸੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਜੱਜ ਨੇ ਕਿਹਾ, ”ਮੁਲਜ਼ਮ ਸੱਜਣ ਕੁਮਾਰ ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕੀਤਾ ਜਾਂਦਾ ਹੈ।” ਸੱਜਣ ਕੁਮਾਰ ਖਿਲਾਫ ਆਈਪੀਸੀ ਦੀਆਂ ਧਾਰਾਵਾਂ 153ਏ, 109, 302 ਅਤੇ 147 ਤਹਿਤ ਕੇਸ ਦਰਜ ਕੀਤਾ ਗਿਆ ਸੀ। 1984 ਵਿਚ ਦਿੱਲੀ ‘ਚ ਹੋਏ ਸਿੱਖ ਕਤਲੇਆਮ ਨਾਲ ਜੁੜੇ ਇੱਕ ਹੋਰ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਮਗਰੋਂ ਸੱਜਣ ਕੁਮਾਰ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ।
ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦੇਵੇਗੀ ਦਿੱਲੀ ਕਮੇਟੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ 1984 ਸਿੱਖ ਕਤਲੇਆਮ ਦੌਰਾਨ ਇੱਕ ਵਿਅਕਤੀ ਦੀ ਹੱਤਿਆ ਨਾਲ ਸਬੰਧਤ ਮਾਮਲੇ ਵਿੱਚ ‘ਸ਼ੱਕ ਦਾ ਲਾਭ’ ਦਿੰਦਿਆਂ ਕਾਂਗਰਸੀ ਆਗੂ ਸੱਜਣ ਕੁਮਾਰ ਤੇ ਦੋ ਹੋਰਾਂ ਨੂੰ ਬਰੀ ਕਰਨ ਦੇ ਦਿੱਲੀ ਦੀ ਅਦਾਲਤ ਦੇ ਫ਼ੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਬੂਤ ਤੇ ਗਵਾਹ ਹੋਣ ਦੇ ਬਾਵਜੂਦ ਸੁਲਤਾਨਪੁਰੀ ਕੇਸ ਵਿਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣਾ ਬਹੁਤ ਹੀ ਮੰਦਭਾਗਾ ਹੈ। ਇਹ ਫੈਸਲਾ ਸਿੱਖ ਕੌਮ ਲਈ ਵੱਡਾ ਝਟਕਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਇਸ ਫ਼ੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦੇਵੇਗੀ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …